ਕਾਰਪੋਰੇਟ ਕੰਪਨੀਆਂ ਖ਼ਿਲਾਫ਼ ਕਿਸਾਨਾਂ ਦਾ ਕੈਟਲ ਕਾਰਗਿਲ ਫੈਕਟਰੀ ਅੱਗੇ ਧਰਨਾ ਕਾਰਪੋਰੇਟ ਕੰਪਨੀਆਂ ਖ਼ਿਲਾਫ਼ ਕਿਸਾਨਾਂ ਦਾ ਕੈਟਲ ਕਾਰਗਿਲ ਫੈਕਟਰੀ ਅੱਗੇ ਧਰਨਾ
Publish Date: Thu, 20 Aug 2026 06:15 PM (IST)
Updated Date: Fri, 21 Aug 2026 04:04 AM (IST)
* ਭਾਕਿਯੂ ਏਕਤਾ ਉਗਰਾਹਾਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ * 30 ਅਗਸਤ ਤੋਂ ਡੀਸੀ ਦਫ਼ਤਰਾਂ ਅੱਗੇ ਪੱਕੇ ਮੋਰਚਿਆਂ ਦਾ ਐਲਾਨ ਫੋਟੋ:26 ਕੈਪਸ਼ਨ: ਕੈਟਲ ਕਾਰਗਿਲ ਫੈਕਟਰੀ ਅੱਗੇ ਧਰਨਾ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਾਰਕੁੰਨ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਨੂੰ ਕਾਰਪੋਰੇਟ ਕੰਪਨੀਆਂ ਵਿਰੁੱਧ ਸੇਧਿਤ ਕਰਦਿਆਂ ਅੱਜ ਬਠਿੰਡਾ ਦੀ ਖੁਸ਼ਕ ਬੰਦਰਗਾਹ ਵਿੱਚ ਸਥਿਤ ਕੈਟਲ ਕਾਰਗਿਲ ਕੰਪਨੀ ਦੀ ਕੈਟਲ ਫੀਡ ਫੈਕਟਰੀ ਅੱਗੇ ਇੱਕ ਰੋਜ਼ਾ ਧਰਨਾ ਦਿੱਤਾ ਗਿਆ। ਧਰਨੇ ਵਿੱਚ ਬਠਿੰਡਾ, ਮਾਨਸਾ, ਬਰਨਾਲਾ, ਮੋਗਾ, ਲੁਧਿਆਣਾ, ਫਾਜ਼ਿਲਕਾ ਅਤੇ ਫਰੀਦਕੋਟ ਸਮੇਤ ਵੱਖ-ਵੱਖ ਜ਼ਿਲ੍ਹਿਆਂ ਤੋਂ ਕਿਸਾਨ, ਖੇਤ ਮਜ਼ਦੂਰ ਅਤੇ ਔਰਤਾਂ ਸ਼ਾਮਲ ਹੋਏ। ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਔਰਤ ਜਥੇਬੰਦੀ ਦੀ ਸੂਬਾ ਆਗੂ ਹਰਿੰਦਰ ਬਿੰਦੂ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਆਗੂਆਂ ਨੇ ਕਿਹਾ ਕਿ ਸਾਮਰਾਜੀ ਅਤੇ ਬਹੁ-ਕੌਮੀ ਕੰਪਨੀਆਂ ਵੱਲੋਂ ਭਾਰਤ ਵਿੱਚ ਵੱਡੇ ਕਾਰੋਬਾਰਾਂ ਰਾਹੀਂ ਕਿਰਤੀ ਲੋਕਾਂ ਦੀ ਕਥਿਤ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਕੰਪਨੀਆਂ ਨੂੰ ਟੈਕਸ ਛੋਟਾਂ ਅਤੇ ਹੋਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਦੋਂਕਿ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਕਿਰਤੀ ਲੋਕਾਂ ਸਿਰ ਕਰਜ਼ੇ ਦਾ ਬੋਝ ਲਗਾਤਾਰ ਵਧ ਰਿਹਾ ਹੈ। ਆਗੂਆਂ ਨੇ ਕਿਹਾ ਕਿ ਮਹਿੰਗਾਈ ਕਾਰਨ ਆਮ ਲੋਕਾਂ ਲਈ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਰਿਹਾ ਹੈ। ਉਨ੍ਹਾਂ ਕਰਜ਼ਾ ਮੁਕਤੀ, ਜ਼ਮੀਨਾਂ ਦੇ ਮਾਲਕੀ ਹੱਕ, ਹੜ੍ਹ ਪੀੜਤਾਂ ਨੂੰ ਮੁਆਵਜ਼ਾ ਅਤੇ ਪੁਲਿਸ ਜਬਰ ਬੰਦ ਕਰਨ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ 30 ਅਗਸਤ ਤੋਂ ਇਨ੍ਹਾਂ ਮੰਗਾਂ ਦੀ ਪੂਰਤੀ ਲਈ ਜ਼ਿਲ੍ਹਾ ਦਫ਼ਤਰਾਂ ਅੱਗੇ ਪੱਕੇ ਮੋਰਚੇ ਲਗਾਏ ਜਾਣਗੇ। ਬੁਲਾਰਿਆਂ ਨੇ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਦੀ ਵਾਰਤਾ ਰੱਦ ਕਰਨ, ਸਾਮਰਾਜੀ ਮੁਲਕਾਂ ਨਾਲ ਕੀਤੇ ਮੁਕਤ ਵਪਾਰ ਸਮਝੌਤੇ ਰੱਦ ਕਰਨ ਅਤੇ ਮੁੜ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਦੀ ਵਿਉਂਤ ਵਾਪਸ ਲੈਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਦਹਾਕਿਆਂ ਤੋਂ ਜ਼ਮੀਨਾਂ ’ਤੇ ਕਾਸ਼ਤ ਕਰ ਰਹੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਮਾਲਕੀ ਹੱਕ ਦੇਣ, ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਖ਼ਤਮ ਕਰਨ ਅਤੇ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਗਈ। ਜਥੇਬੰਦੀ ਨੇ ਸੰਘਰਸ਼ਾਂ ਦੌਰਾਨ ਕਿਸਾਨ ਆਗੂਆਂ ਅਤੇ ਵਰਕਰਾਂ ’ਤੇ ਦਰਜ ਕੇਸਾਂ ਸਮੇਤ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਦਰਜ ਕੇਸ ਰੱਦ ਕਰਨ, ਲੋਕਾਂ ’ਤੇ ਪੁਲਿਸ ਜਬਰ ਬੰਦ ਕਰਨ ਅਤੇ ਸੰਘਰਸ਼ ਕਰਨ ਦੇ ਜਮਹੂਰੀ ਹੱਕ ਦੀ ਗਾਰੰਟੀ ਦੇਣ ਦੀ ਮੰਗ ਕੀਤੀ। ਪਿਛਲੇ ਸਾਲ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਕਾਸ਼ਤਕਾਰਾਂ ਨੂੰ ਪੂਰਾ ਮੁਆਵਜ਼ਾ ਦੇਣ ਅਤੇ ਭਵਿੱਖ ਵਿੱਚ ਹੜ੍ਹਾਂ ਦੀ ਰੋਕਥਾਮ ਲਈ ਡਰੇਨਾਂ ਤੇ ਨਾਲਿਆਂ ਦੀ ਸਫ਼ਾਈ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਲੋੜੀਂਦਾ ਬਜਟ ਜਾਰੀ ਕਰਨ ਦੀ ਮੰਗ ਵੀ ਉਠਾਈ ਗਈ। ਇਸ ਮੌਕੇ ਇਕੱਠ ਵੱਲੋਂ ਲੋਕ ਆਵਾਜ਼ ਟੀਵੀ ਦੇ ਪੱਤਰਕਾਰ ਮਨਿੰਦਰਜੀਤ ਸਿੱਧੂ ਖ਼ਿਲਾਫ਼ ਕਥਿਤ ਤੌਰ ’ਤੇ ਸਖ਼ਤ ਧਾਰਾਵਾਂ ਤਹਿਤ ਦਰਜ ਮਾਮਲੇ ਦੀ ਨਿਖੇਧੀ ਕਰਦਿਆਂ ਕੇਸ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ।ਠ ਇਸ ਤੋਂ ਪਹਿਲਾਂ ਮੌੜ ਜੋਨ ਵਿੱਚ ਡਰੋਨ ਰਾਹੀਂ ਨਿਰੀਖਣ ਦੇ ਮਾਮਲੇ ਸਬੰਧੀ ਜਥੇਬੰਦੀ ਦੇ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਐੱਸਡੀਐੱਮ ਮੌੜ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਸਹਿਮਤੀ ਤੋਂ ਬਿਨਾਂ ਪਿੰਡਾਂ ਜਾਂ ਖੇਤਾਂ ਵਿੱਚ ਨਿਰੀਖਣ ਕਰਨ ਆਉਣ ਵਾਲੇ ਅਧਿਕਾਰੀਆਂ ਦਾ ਵਿਰੋਧ ਕੀਤਾ ਜਾਵੇਗਾ।