ਪਰਾਲੀ ਸਾੜਨ ਤੋਂ ਪਰਹੇਜ਼ ਕਰਨ ਕਿਸਾਨ: ਐੱਸਡੀਐੱਮ ਮਾਹਲ ਪਰਾਲੀ ਸਾੜਨ ਤੋਂ ਪਰਹੇਜ਼ ਕਰਨ ਕਿਸਾਨ: ਐੱਸਡੀਐੱਮ ਮਾਹਲ
Publish Date: Fri, 09 Oct 2026 08:26 PM (IST)
Updated Date: Sat, 10 Oct 2026 04:06 AM (IST)
- ਮਹਿਰਾਜ ਵਿਖੇ ਜਾਗਰੂਕਤਾ ਕੈਂਪ; ਪਰਾਲੀ ਦੀਆਂ ਗੱਠਾਂ ਬਣਾਉਣ ਲਈ ਪ੍ਰਸ਼ਾਸਨ ਨੇ ਭੇਜੇ ਚਾਰ ਬੇਲਰ ਫੋਟੋ : 78 ਕੈਪਸ਼ਨ: ਪਿੰਡ ਮਹਿਰਾਜ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਦੇ ਹੋਏ ਐੱਸਡੀਐੱਮ ਬਲਕਰਨ ਸਿੰਘ ਮਾਹਲ ਅਤੇ ਖੇਤੀਬਾੜੀ ਹੋਰ ਅਧਿਕਾਰੀ। ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਮਨੁੱਖੀ ਸਿਹਤ, ਜ਼ਮੀਨ ਦੀ ਉਪਜਾਊ ਸ਼ਕਤੀ ਤੇ ਵਾਤਾਵਰਣ ’ਤੇ ਮਾੜੇ ਪ੍ਰਭਾਵ ਪੈਂਦੇ ਹਨ। ਇਸ ਲਈ ਕਿਸਾਨ ਪਰਾਲੀ ਸਾੜਨ ਦੀ ਬਜਾਏ ਇਸ ਦੇ ਸੁਚੱਜੇ ਪ੍ਰਬੰਧਨ ਲਈ ਆਧੁਨਿਕ ਤਕਨੀਕਾਂ ਅਪਣਾਉਣ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਇਹ ਅਪੀਲ ਉਪ-ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ ਬਲਕਰਨ ਸਿੰਘ ਮਾਹਲ ਨੇ ਪਿੰਡ ਮਹਿਰਾਜ ਵਿਖੇ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾਗਰੂਕਤਾ ਕੈਂਪ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੀਤੀ। ਐੱਸਡੀਐੱਮ ਮਾਹਲ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲਾ ਧੂੰਆਂ ਹਵਾ ਨੂੰ ਪ੍ਰਦੂਸ਼ਿਤ ਕਰਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਅਤੇ ਅੱਖਾਂ ਵਿੱਚ ਜਲਣ ਵਰਗੀਆਂ ਸਮੱਸਿਆਵਾਂ ਵਧ ਸਕਦੀਆਂ ਹਨ। ਇਸ ਨਾਲ ਜ਼ਮੀਨ ਵਿੱਚ ਮੌਜੂਦ ਲਾਭਕਾਰੀ ਸੂਖਮ ਜੀਵ ਅਤੇ ਮਿੱਤਰ ਕੀੜੇ ਵੀ ਨਸ਼ਟ ਹੁੰਦੇ ਹਨ, ਜਦਕਿ ਮਿੱਟੀ ਦੀ ਉਪਜਾਊ ਸ਼ਕਤੀ ’ਤੇ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਦੀ ਤਕਨੀਕੀ ਸਲਾਹ ਲੈਣ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ. ਭਾਰਤ ਭੂਸ਼ਣ, ਏਡੀਓ ਸੁਖਬੀਰ ਸਿੰਘ, ਏਡੀਓ ਡਾ. ਬਲਜੀਤ ਕੌਰ ਅਤੇ ਬਾਗਬਾਨੀ ਵਿਕਾਸ ਅਫ਼ਸਰ ਡਾ. ਰਮਨਦੀਪ ਕੌਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ। ਅਧਿਕਾਰੀਆਂ ਨੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੰਦਿਆਂ ਵਾਤਾਵਰਣ ਦੀ ਸੁਰੱਖਿਆ ਲਈ ਪਰਾਲੀ ਨਾ ਸਾੜਨ ਦਾ ਸੱਦਾ ਦਿੱਤਾ।