ਪਰਾਲੀ ਸਾੜਨ ਸਬੰਧੀ ਕੇਂਦਰ ਦੀ ਸਖ਼ਤੀ ਖ਼ਿਲਾਫ਼ ਕਿਸਾਨਾਂ ਨੇ ਵਜਾਇਆ ਸੰਘਰਸ਼ ਦਾ ਬਿਗਲ ਪਰਾਲੀ ਸਾੜਨ ਸਬੰਧੀ ਕੇਂਦਰ ਦੀ ਸਖ਼ਤੀ ਖ਼ਿਲਾਫ਼ ਕਿਸਾਨਾਂ ਨੇ ਵਜਾਇਆ ਸੰਘਰਸ਼ ਦਾ ਬਿਗਲ
Publish Date: Thu, 24 Sep 2026 06:21 PM (IST)
Updated Date: Fri, 25 Sep 2026 04:07 AM (IST)
* ਭੁੱਚੋ ਖੁਰਦ ਦੀ ਨੱਥੂਸਰ ਸੱਥ ’ਚ ਕਿਸਾਨਾਂ ਦੀ ਮੀਟਿੰਗ * ਪਰਾਲੀ ਪ੍ਰਬੰਧਨ ਲਈ ਕੇਂਦਰ ਤੋਂ 3000 ਤੇ ਪੰਜਾਬ ਸਰਕਾਰ ਤੋਂ 2000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਫੋਟੋ : 7 ਕੈਪਸ਼ਨ : ਭੁੱਚੋ ਖੁਰਦ ਦੀ ਨੱਥੂਸਰ ਸੱਥ ਵਿਖੇ ਮੀਟਿੰਗ ਦੌਰਾਨ ਕਿਸਾਨ ਆਗੂ ਅਤੇ ਕਿਸਾਨ। ਹਰਮੇਲ ਸਾਗਰ, ਪੰਜਾਬੀ ਜਾਗਰਣ ਭੁੱਚੋ ਮੰਡੀ : ਕੇਂਦਰ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕੀਤੀ ਜਾ ਰਹੀ ਸਖ਼ਤੀ ਦੇ ਵਿਰੋਧ ਵਿ\ਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੀ ਪਿੰਡ ਕਮੇਟੀ ਭੁੱਚੋ ਖੁਰਦ ਵੱਲੋਂ ਸੰਘਰਸ਼ ਦਾ ਬਿਗਲ ਵਜਾ ਦਿੱਤਾ ਗਿਆ ਹੈ। ਇਸ ਸਬੰਧੀ ਪਿੰਡ ਦੀ ਨੱਥੂਸਰ ਸੱਥ ਵਿਖੇ ਕਿਸਾਨਾਂ ਦੀ ਜ਼ਰੂਰੀ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਅਮਰਜੀਤ ਹਨੀ ਨੇ ਕਿਹਾ ਕਿ ਸਰਕਾਰ ਵੱਲੋਂ ਪਰਾਲੀ ਦੇ ਮਸਲੇ ਦਾ ਹੱਲ ਕਿਸਾਨਾਂ ’ਤੇ ਸਖ਼ਤੀ ਕਰਕੇ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਇਕੱਲੇ ਹਵਾ ਪ੍ਰਦੂਸ਼ਣ ਲਈ ਜ਼ਿੰਮੇਵਾਰ ਨਹੀਂ ਹਨ। ਉਨ੍ਹਾਂ ਅਨੁਸਾਰ ਪਰਾਲੀ ਸਾੜਨ ਤੋਂ ਇਲਾਵਾ ਫੈਕਟਰੀਆਂ, ਵਾਹਨਾਂ ਅਤੇ ਹੋਰ ਸਰੋਤਾਂ ਤੋਂ ਹੋਣ ਵਾਲਾ ਪ੍ਰਦੂਸ਼ਣ ਵੀ ਵਾਤਾਵਰਨ ਲਈ ਵੱਡੀ ਚੁਣੌਤੀ ਹੈ। ਆਗੂਆਂ ਨੇ ਕਿਹਾ ਕਿ ਕੋਈ ਵੀ ਕਿਸਾਨ ਜਾਣਬੁੱਝ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਨਹੀਂ ਕਰਨਾ ਚਾਹੁੰਦਾ, ਪਰ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਢੁੱਕਵੀਂ ਸਹਾਇਤਾ ਅਤੇ ਮੁਆਵਜ਼ਾ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਆਏ ਕਿਸਾਨਾਂ ’ਤੇ ਜੁਰਮਾਨਿਆਂ ਅਤੇ ਹੋਰ ਸਖ਼ਤ ਕਾਰਵਾਈਆਂ ਦਾ ਬੋਝ ਪਾਉਣ ਦੀ ਬਜਾਏ ਸਰਕਾਰ ਨੂੰ ਪਰਾਲੀ ਪ੍ਰਬੰਧਨ ਲਈ ਠੋਸ ਨੀਤੀ ਬਣਾਉਣੀ ਚਾਹੀਦੀ ਹੈ। ਮੀਟਿੰਗ ਵਿੱਚ ਕਿਸਾਨਾਂ ਨੇ ਫ਼ੈਸਲਾ ਕੀਤਾ ਕਿ ਕੇਂਦਰ ਸਰਕਾਰ ਦੀਆਂ ਪਰਾਲੀ ਸਬੰਧੀ ਸਖ਼ਤ ਕਾਰਵਾਈਆਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਕਿਸੇ ਵੀ ਕਿਸਾਨ ਖ਼ਿਲਾਫ਼ ਜਬਰੀ ਪਰਚਾ ਦਰਜ ਕਰਵਾਉਣ ਜਾਂ ਜ਼ਮੀਨ ਵਿੱਚ ਲਾਲ ਐਂਟਰੀ ਕਰਨ ਦੀ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਜਿਹੀ ਕਾਰਵਾਈ ਕੀਤੀ ਗਈ ਤਾਂ ਸਬੰਧਤ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਤੋਂ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ 3000 ਰੁਪਏ ਪ੍ਰਤੀ ਏਕੜ ਅਤੇ ਪੰਜਾਬ ਸਰਕਾਰ ਤੋਂ 2000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ। ਇਸ ਮੌਕੇ ਬਲਤੇਜ ਸਿੰਘ ਕਲਾਰ, ਤੁੱਲਾ ਸਿੰਘ ਸੰਧੂ, ਲਾਭਾ ਸਿੰਘ ਸੰਧੂ, ਬੱਬੂ ਸਿੰਘ ਕਲਾਰ, ਗੁਰਮੀਤ ਨਾਗਰਾ, ਸ਼ਮਸ਼ੇਰ ਸਿੰਘ, ਮੱਖਣ ਸਿੰਘ ਸੰਧੂ, ਨੈਬੀ ਸਿੱਧੂ, ਜਗਤਾਰ ਪੱਪੀ, ਜੀਤ ਸਿੰਘ ਭਲੇਰੀਆ, ਕਰਮ ਸਿੰਘ, ਦਰਸ਼ਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।