ਖੇਤੀਬਾੜੀ ਬਿਜਲੀ ਸਪਲਾਈ ਤੋਂ ਪ੍ਰੇਸ਼ਾਨ ਕਿਸਾਨ ਗਰਿੱਡ ’ਚ ਹੋਏ ਇਕੱਠੇ ਖੇਤੀਬਾੜੀ ਬਿਜਲੀ ਸਪਲਾਈ ਤੋਂ ਪ੍ਰੇਸ਼ਾਨ ਕਿਸਾਨ ਗਰਿੱਡ ’ਚ ਹੋਏ ਇਕੱਠੇ
Publish Date: Sun, 06 Sep 2026 04:21 PM (IST)
Updated Date: Sun, 06 Sep 2026 04:22 PM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟ ਫੱਤਾ ਖੇਤੀਬਾੜੀ ਲਈ ਨਿਰਧਾਰਤ ਬਿਜਲੀ ਸਪਲਾਈ ਪੂਰੀ ਨਾ ਮਿਲਣ ਕਾਰਨ ਪਰੇਸ਼ਾਨ ਕਿਸਾਨਾਂ ਵੱਲੋਂ ਅੱਜ ਪੀਐੱਸਪੀਸੀਐੱਲ ਸਬ-ਡਿਵੀਜ਼ਨ ਕੋਟਸ਼ਮੀਰ ਦੇ ਗਰਿੱਡ ਵਿਖੇ ਇਕੱਠ ਕਰਕੇ ਆਪਣੀਆਂ ਮੁਸ਼ਕਲਾਂ ਸਬੰਧੀ ਰੋਸ ਜ਼ਾਹਰ ਕੀਤਾ ਗਿਆ। ਕਿਸਾਨਾਂ ਨੇ ਖੇਤੀਬਾੜੀ ਸੈਕਟਰ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ ਦੀ ਮੰਗ ਕਰਦਿਆਂ ਆਪਣਾ ਮੰਗ ਪੱਤਰ ਐਸਡੀਓ ਸੁਖਪ੍ਰੀਤ ਸਿੰਘ ਨੂੰ ਸੌਂਪਿਆ। ਕਿਸਾਨਾਂ ਨੇ ਕਿਹਾ ਕਿ ਖੇਤੀਬਾੜੀ ਲਈ ਦਿਨ ਵਿਚ ਅੱਠ ਘੰਟੇ ਬਿਜਲੀ ਦੇਣ ਦੇ ਦਾਅਵੇ ਜ਼ਮੀਨੀ ਪੱਧਰ ’ਤੇ ਪੂਰੇ ਹੁੰਦੇ ਨਜ਼ਰ ਨਹੀਂ ਆ ਰਹੇ। ਉਨ੍ਹਾਂ ਦੱਸਿਆ ਕਿ ਬਿਜਲੀ ਸਪਲਾਈ ਵਿਚ ਵਾਰ-ਵਾਰ ਵਿਘਨ ਪੈਣ ਕਾਰਨ ਖੇਤਾਂ ਦੀ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ। ਸਮੇਂ ਸਿਰ ਪਾਣੀ ਨਾ ਮਿਲਣ ਕਾਰਨ ਫਸਲਾਂ ਨੂੰ ਨੁਕਸਾਨ ਹੋਣ ਦਾ ਖ਼ਤਰਾ ਬਣਿਆ ਹੋਇਆ ਹੈ, ਜਿਸ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਚਿੰਤਾ ਪਾਈ ਜਾ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਫਸਲ ਪਾਲਣ ਲਈ ਉਹ ਆਪਣੀ ਪੂਰੀ ਮਿਹਨਤ ਅਤੇ ਪੂੰਜੀ ਲਗਾ ਰਹੇ ਹਨ, ਪਰ ਜਦੋਂ ਫਸਲ ਨੂੰ ਪਾਣੀ ਦੀ ਲੋੜ ਹੁੰਦੀ ਹੈ ਤਾਂ ਬਿਜਲੀ ਨਾ ਮਿਲਣ ਕਾਰਨ ਉਨ੍ਹਾਂ ਦੀ ਮਿਹਨਤ ’ਤੇ ਪਾਣੀ ਫਿਰਦਾ ਨਜ਼ਰ ਆ ਰਿਹਾ ਹੈ। ਕਿਸਾਨਾਂ ਦਾ ਕਹਿਣਾ ਸੀ ਕਿ ਜੇਕਰ ਸਿੰਚਾਈ ਲਈ ਸਮੇਂ ਸਿਰ ਬਿਜਲੀ ਨਾ ਮਿਲੀ ਤਾਂ ਫਸਲਾਂ ਦੇ ਝਾੜ ’ਤੇ ਮਾੜਾ ਅਸਰ ਪੈ ਸਕਦਾ ਹੈ ਅਤੇ ਇਸ ਦਾ ਸਿੱਧਾ ਪ੍ਰਭਾਵ ਉਨ੍ਹਾਂ ਦੀ ਆਮਦਨ ’ਤੇ ਪਵੇਗਾ। ਇਸ ਮੌਕੇ ਐਸਡੀਓ ਸੁਖਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਸਥਿਤੀ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਥਰਮਲ ਪਲਾਂਟ ਬੰਦ ਹੋਣ ਕਾਰਨ ਇਸ ਸਮੇਂ ਬਿਜਲੀ ਦੀ ਕਮੀ ਚੱਲ ਰਹੀ ਹੈ ਅਤੇ ਉੱਪਰੋਂ ਹੀ ਪਾਵਰ ਕੱਟ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਸਬੰਧੀ ਉਹ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ ਅਤੇ ਬਿਜਲੀ ਸਪਲਾਈ ਦੀ ਸਮੱਸਿਆ ਨੂੰ ਦੂਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਕਿਸਾਨ ਕੁਲਬੀਰ ਸਿੰਘ, ਹਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਬਲਤੇਜ ਸਿੰਘ, ਗੁਰਸੇਵਕ ਸਿੰਘ, ਨੈਬ ਸਿੰਘ, ਹਰਪਾਲ ਸਿੰਘ, ਹਰਦੀਪ ਸਿੰਘ, ਗੁਰਵਿੰਦਰ ਸਿੰਘ, ਗੁਰਦੀਪ ਸਿੰਘ, ਸੁਖਜਿੰਦਰ ਸਿੰਘ, ਹਰਦੇਵ ਸਿੰਘ, ਇਕਬਾਲ ਸਿੰਘ, ਮਨਪ੍ਰੀਤ ਸਿੰਘ, ਜਗਸੀਰ ਸਿੰਘ, ਬਲਕਰਨ ਸਿੰਘ, ਗੁਰਜੀਤ ਸਿੰਘ, ਸੁਖਜੀਤ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ, ਰੰਤੀਰ ਸਿੰਘ, ਗੁਰਪ੍ਰੀਤ ਸਿੰਘ, ਗੁਰਦਿੱਤ ਸਿੰਘ, ਹਰਵਿੰਦਰ ਸਿੰਘ, ਇਕਬਾਲ ਸਿੰਘ, ਰਾਜ ਸਿੰਘ, ਕਵਲ ਸਿੰਘ, ਸ਼ੰਬੂ, ਗੱਗੀ, ਰੇਸ਼ਮ, ਤਰਸੇਮ ਸਿੰਘ, ਸੁਖਦੇਵ ਸਿੰਘ, ਅਮਰਜੀਤ ਸਿੰਘ, ਅਜੈਬ ਸਿੰਘ, ਜਸਪ੍ਰੀਤ ਸਿੰਘ ਅਤੇ ਗੁਰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।