ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਲਾਕਾਂ ਤੇ ਪਿੰਡਾਂ ਵਿਚ ਜ਼ੋਰਦਾਰ ਮੁਹਿੰਮ ਚਲਾਉਣ ਦਾ ਐਲਾਨ 5 ਅਕਤੂਬਰ ਦੇ ਡੀਸੀ ਦਫ਼ਤਰਾਂ ਦੇ ਘਿਰਾਓ ਦੀ ਤਿਆਰੀ ਲਈ ਕਿਸਾਨ ਯੂਨੀਅਨ ਦੀ ਮੀਟਿੰਗ
Publish Date: Mon, 21 Sep 2026 05:41 PM (IST)
Updated Date: Mon, 21 Sep 2026 05:44 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਸੂਬਾ ਕਮੇਟੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 5 ਅਕਤੂਬਰ ਨੂੰ ਡੀਸੀ ਦਫ਼ਤਰਾਂ ਦੇ ਘਿਰਾਓ ਦੇ ਦਿੱਤੇ ਸੱਦੇ ਦੀ ਤਿਆਰੀ ਸਬੰਧੀ ਜ਼ਿਲ੍ਹਾ ਬਠਿੰਡਾ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ ਨੇ ਦੱਸਿਆ ਕਿ ਘਿਰਾਓ ਦੀ ਤਿਆਰੀ ਲਈ ਸਾਰੇ ਬਲਾਕਾਂ ਅਤੇ ਪਿੰਡਾਂ ਵਿਚ ਜ਼ੋਰਦਾਰ ਮੁਹਿੰਮ ਚਲਾਈ ਜਾਵੇਗੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਪੰਜਾਬ ਸਰਕਾਰ ਤੋਂ ਜਲਦੀ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੈਸ਼ਨ ਵਿੱਚ ਲੈਂਡ ਪੁਲਿੰਗ ਪਾਲਿਸੀ ਨੂੰ ਰੱਦ ਕਰਕੇ ਕਿਸਾਨਾਂ ਦੇ ਜ਼ਮੀਨੀ ਮਾਲਕੀ ਹੱਕ ਬਹਾਲ ਕਰਨ ਸਬੰਧੀ ਮਤਾ ਲਿਆਂਦਾ ਜਾਵੇ। ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨ, ਸੂਦਖੋਰੀ ਨੂੰ ਨੱਥ ਪਾਉਣ ਲਈ ਕਰਜ਼ਾ ਕਾਨੂੰਨ ਬਣਾਉਣ, ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀ ਦੇਣ ਅਤੇ ਅੰਦੋਲਨਾਂ ਦੌਰਾਨ ਦਰਜ ਕੇਸਾਂ ਸਮੇਤ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਦਰਜ ਪਰਚੇ ਰੱਦ ਕਰਨ ਦੀ ਮੰਗ ਕੀਤੀ। ਜੇਠੂਕੇ ਨੇ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਅਨੁਸਾਰ ਇਹ ਸਮਝੌਤਾ ਖੇਤੀਬਾੜੀ ਦੇ ਨਾਲ ਸਨਅਤੀ ਅਤੇ ਪਰਚੂਨ ਖੇਤਰ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ। ਉਨ੍ਹਾਂ ਦਰਿਆਈ ਪਾਣੀਆਂ ਦੇ ਮਸਲੇ ਦਾ ਬੇਸਿਨ ਸਿਧਾਂਤ ਅਤੇ ਰਿਪੇਰੀਅਨ ਕਾਨੂੰਨ ਤਹਿਤ ਨਿਰਪੱਖ ਮਾਹਰਾਂ ਰਾਹੀਂ ਹੱਲ ਕਰਨ ਦੀ ਮੰਗ ਕੀਤੀ। ਉਨ੍ਹਾਂ ਬਿਜਲੀ ਸੋਧ ਬਿੱਲ 2025 ਅਤੇ ਬੀਜ ਸੋਧ ਬਿੱਲ ਸਬੰਧੀ ਵੀ ਕੇਂਦਰ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਚੁੱਕੇ। ਨਾਲ ਹੀ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ, ਮਨਰੇਗਾ ਕਾਨੂੰਨ ਬਹਾਲ ਕਰਨ ਅਤੇ 200 ਦਿਨ ਕੰਮ ਦੀ ਗਾਰੰਟੀ ਦੇਣ ਦੀ ਮੰਗ ਕੀਤੀ। ਮੀਟਿੰਗ ਵਿੱਚ ਜਗਸੀਰ ਸਿੰਘ ਝੁੰਬਾ, ਨਛੱਤਰ ਸਿੰਘ ਢੱਡੇ, ਔਰਤ ਆਗੂ ਹਰਿੰਦਰ ਬਿੰਦੂ, ਹਰਪ੍ਰੀਤ ਕੌਰ ਜੇਠੂਕੇ, ਮਾਲਣ ਕੌਰ ਕੋਠਾ ਗੁਰੂ, ਸੁਖਜੀਤ ਕੌਰ ਚੱਕ ਫਤਿਹ ਸਿੰਘ ਵਾਲਾ ਸਮੇਤ ਵੱਡੀ ਗਿਣਤੀ ਵਿੱਚ ਬਲਾਕ ਅਤੇ ਪਿੰਡ ਪੱਧਰੀ ਆਗੂ ਹਾਜ਼ਰ ਸਨ।