ਝੋਨੇ ਦੀਆਂ ਬਿਮਾਰੀਆਂ ਦੀ ਰੋਕਥਾਮ ਤੇ ਪਰਾਲੀ ਦੀ ਸੰਭਾਲ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ ਕਿਸਾਨ ਫ਼ੀਲਡ ਸਕੂਲਾਂ ਰਾਹੀਂ ਝੋਨੇ ਦੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਪਰਾਲੀ ਦੀ ਸੰਭਾਲ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ
Publish Date: Mon, 09 Nov 2026 04:47 PM (IST)
Updated Date: Tue, 10 Nov 2026 04:03 AM (IST)
ਪੰਜਾਬ ਦੇ 10 ਜ਼ਿਲ੍ਹਿਆਂ ਵਿਚ ਚੱਲ ਰਿਹਾ ਉਪਰਾਲਾ, ਕਿਸਾਨਾਂ ਨੂੰ ਟਿਕਾਊ ਖੇਤੀਬਾੜੀ ਤਰੀਕੇ ਅਪਣਾਉਣ ਲਈ ਕੀਤਾ ਜਾ ਰਿਹੈ ਪ੍ਰੇਰਿਤ ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਾ ਮੰਡੀ : ਮਾਨਵ ਵਿਕਾਸ ਸੰਸਥਾਨ ਵੱਲੋਂ ਦਿ ਨੇਚਰ ਕਨਜ਼ਰਵੇਂਸੀ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਪ੍ਰੋਜੈਕਟ ਪ੍ਰਾਣਾ ਤਹਿਤ ਪੰਜਾਬ ਦੇ 10 ਜ਼ਿਲ੍ਹਿਆਂ ਵਿਚ ਕਿਸਾਨਾਂ ਨੂੰ ਝੋਨੇ ਦੀਆਂ ਬਿਮਾਰੀਆਂ ਦੇ ਪ੍ਰਬੰਧਨ, ਫ਼ਸਲ ਦੀ ਸਹੀ ਦੇਖਭਾਲ ਅਤੇ ਪਰਾਲੀ ਦੀ ਟਿਕਾਊ ਸੰਭਾਲ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਤਹਿਤ ਜਲੰਧਰ, ਲੁਧਿਆਣਾ, ਮੋਗਾ, ਮਾਲੇਰਕੋਟਲਾ, ਪਟਿਆਲਾ, ਫ਼ਤਿਹਗੜ੍ਹ ਸਾਹਿਬ, ਸੰਗਰੂਰ, ਬਠਿੰਡਾ, ਮਾਨਸਾ ਅਤੇ ਫ਼ਰੀਦਕੋਟ ਜ਼ਿਲ੍ਹਿਆਂ ਵਿਚ ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨਾਂ ਨਾਲ ਮਿਲ ਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਪ੍ਰੋਜੈਕਟ ਦਾ ਅਹਿਮ ਹਿੱਸਾ ਕਿਸਾਨ ਫ਼ੀਲਡ ਸਕੂਲ ਹਨ, ਜਿਨ੍ਹਾਂ ਰਾਹੀਂ ਕਿਸਾਨਾਂ ਨੂੰ ਖੇਤਾਂ ਵਿਚ ਹੀ ਵਿਹਾਰਕ ਸਿਖਲਾਈ ਦਿੱਤੀ ਜਾਂਦੀ ਹੈ। ਮਾਨਵ ਵਿਕਾਸ ਸੰਸਥਾਨ ਦੀਆਂ ਫ਼ੀਲਡ ਟੀਮਾਂ ਵੱਲੋਂ ਸਮੂਹ ਮੀਟਿੰਗਾਂ, ਖੇਤਾਂ ਦੇ ਨਿਰੀਖਣ ਅਤੇ ਵਿਹਾਰਕ ਪ੍ਰਦਰਸ਼ਨਾਂ ਰਾਹੀਂ ਫ਼ਸਲ ਦੇ ਵਾਧੇ, ਪਾਣੀ ਤੇ ਪੌਸ਼ਟਿਕ ਤੱਤਾਂ ਦੇ ਪ੍ਰਬੰਧਨ ਅਤੇ ਕੀੜਿਆਂ ਤੇ ਬਿਮਾਰੀਆਂ ਦੀ ਪਛਾਣ ਸਬੰਧੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ। ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵਿੱਚ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਲਈ ਖੇਤਾਂ ਦਾ ਨਿਯਮਿਤ ਨਿਰੀਖਣ ਕਰਨ ਅਤੇ ਪੱਤਿਆਂ ’ਤੇ ਧੱਬੇ ਪੈਣ, ਰੰਗ ਬਦਲਣ ਤੇ ਪੌਦਿਆਂ ਦੇ ਸੁੱਕਣ ਵਰਗੇ ਲੱਛਣਾਂ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਬਿਨਾਂ ਲੋੜ ਤੋਂ ਕੀਟਨਾਸ਼ਕਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਅਤੇ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਦਵਾਈਆਂ ਦੀ ਵਰਤੋਂ ਕਰਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਕੰਬਾਈਨ ਹਾਰਵੇਸਟਰ ਨਾਲ ਲੱਗਣ ਵਾਲੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਹ ਸਿਸਟਮ ਪਰਾਲੀ ਨੂੰ ਕੱਟ ਕੇ ਖੇਤ ਵਿੱਚ ਇਕਸਾਰ ਫੈਲਾਉਣ ਵਿੱਚ ਮਦਦ ਕਰਦਾ ਹੈ, ਜਿਸ ਨਾਲ ਫ਼ਸਲੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਸੰਭਾਲਣਾ ਅਤੇ ਅਗਲੀ ਫ਼ਸਲ ਦੀ ਤਿਆਰੀ ਕਰਨਾ ਆਸਾਨ ਹੋ ਸਕਦਾ ਹੈ। ਪ੍ਰੋਜੈਕਟ ਰਾਹੀਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਬਚਣ, ਮਿੱਟੀ ਦੀ ਸਿਹਤ ਸੁਧਾਰਨ ਅਤੇ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਐੱਮਵੀਐੱਸ ਤੇ ਟੀਐੱਨਐੱਸ ਵੱਲੋਂ ਕਿਸਾਨਾਂ, ਸਥਾਨਕ ਭਾਈਚਾਰਿਆਂ ਅਤੇ ਸਰਕਾਰੀ ਵਿਭਾਗਾਂ ਦੇ ਸਹਿਯੋਗ ਨਾਲ ਜਲਵਾਯੂ ਅਨੁਕੂਲ ਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ।