ਮੰਡੀਆਂ ’ਚ ਕਿਸਾਨਾਂ ਨੂੰ ਨਹੀਂ ਆਉਣ ਦੇਵਾਂਗੇ ਦਿੱਕਤ : ਚੇਅਰਮੈਨ ਜੀਦਾ ਮੰਡੀਆਂ ’ਚ ਕਿਸਾਨਾਂ ਨੂੰ ਨਹੀਂ ਆਉਣ ਦੇਵਾਂਗੇ ਦਿੱਕਤ : ਚੇਅਰਮੈਨ ਜੀਦਾ
Publish Date: Thu, 05 Nov 2026 04:26 PM (IST)
Updated Date: Thu, 05 Nov 2026 04:29 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਪੰਜਾਬ ਸ਼ੂਗਰਫੈੱਡ ਦੇ ਚੇਅਰਮੈਨ ਅਤੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਨਵਦੀਪ ਸਿੰਘ ਜੀਦਾ ਵੱਲੋਂ ਹਲਕਾ ਮੌੜ ਅਧੀਨ ਪੈਂਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਪਿੱਥੋ, ਚਾਉਕੇ, ਬੱਲ੍ਹੋ ਅਤੇ ਬਦਿਆਲਾ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਖਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸਰਕਾਰ ਦੀ ਮੁੱਖ ਤਰਜੀਹ ਹੈ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ, ਲਿਫਟਿੰਗ, ਪੀਣ ਵਾਲੇ ਪਾਣੀ ਅਤੇ ਸਫਾਈ ਸਮੇਤ ਹੋਰ ਬੁਨਿਆਦੀ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਖੇਤਰ ਦੀ ਬਿਹਤਰੀ ਲਈ ਵਚਨਬੱਧ ਹੈ। ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਅਤੇ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਬੇਲੋੜੇ ਗੇੜੇ ਨਾ ਲਗਾਉਣੇ ਪੈਣ। ਇਸ ਦੌਰਾਨ ਕਿਸਾਨਾਂ ਨੇ ਵੀ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਫਸਲ ਵੇਚਣ ਲਈ ਕਈ-ਕਈ ਦਿਨ ਮੰਡੀਆਂ ਵਿੱਚ ਉਡੀਕ ਕਰਨੀ ਪੈਂਦੀ ਸੀ, ਜਦਕਿ ਹੁਣ ਖਰੀਦ ਅਤੇ ਹੋਰ ਸਹੂਲਤਾਂ ਦੇ ਪ੍ਰਬੰਧਾਂ ਵਿੱਚ ਸੁਧਾਰ ਹੋਇਆ ਹੈ। ਉਨ੍ਹਾਂ ਨੇ ਸੁਚੱਜੇ ਪ੍ਰਬੰਧਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਅਨਮਦੀਪ ਸਿੰਘ ਮੌੜ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਨਛੱਤਰ ਸਿੰਘ ਮਾਨਸਾਹੀਆ ਜ਼ਿਲ੍ਹਾ ਸਕੱਤਰ ਕਿਸਾਨ ਵਿੰਗ, ਕੇਵਲ ਸਿੰਘ ਘੜੈਲੀ ਹਲਕਾ ਕੋਆਰਡੀਨੇਟਰ ਕਿਸਾਨ ਵਿੰਗ, ਰਣਜੀਤ ਸਿੰਘ ਚਾਉਕੇ, ਗੁਰਲਾਲ ਸਿੰਘ ਬੱਲ੍ਹੋ, ਸੁਖਵੀਰ ਸਿੰਘ ਜੋਧਪੁਰ ਪਾਖਰ, ਇਕਬਾਲ ਸਿੰਘ ਪਿੱਥੋ, ਸਤਵੰਤ ਸਿੰਘ ਖੋਖਰ, ਹਰਪ੍ਰੀਤ ਜੈਦ, ਮੰਨਾ ਜੈਦ ਅਤੇ ਗੁਰਦੀਪ ਸਿੰਘ ਵੀ ਮੌਜੂਦ ਸਨ।