ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪਿੰਡਾਂ ’ਚ ਝੰਡਾ ਮਾਰਚ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪਿੰਡਾਂ ਵਿੱਚ ਝੰਡਾ ਮਾਰਚ
Publish Date: Tue, 06 Oct 2026 03:52 PM (IST)
Updated Date: Tue, 06 Oct 2026 03:53 PM (IST)
ਹਰਮੇਲ ਸਾਗਰ, ਪੰਜਾਬੀ ਜਾਗਰਣ ਭੁੱਚੋ ਮੰਡੀ ਦਿਹਾਤੀ ਮਜ਼ਦੂਰ ਸਭਾ ਤੇ ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਵੱਲੋਂ ਬੇਜ਼ਮੀਨੇ ਤੇ ਸਾਧਨਹੀਣ ਪੇਂਡੂ ਕਿਰਤੀ ਪਰਿਵਾਰਾਂ ਦੇ ਸਮੁੱਚੇ ਬਾਲਗ ਮੈਂਬਰਾਂ ਨੂੰ ਘੱਟੋ-ਘੱਟ 800 ਰੁਪਏ ਦਿਹਾੜੀ ਸਮੇਤ ਸਾਰਾ ਸਾਲ ਬੱਝਵਾਂ ਰੁਜ਼ਗਾਰ ਦੇਣ, ਜਨਤਕ ਵੰਡ ਪ੍ਰਣਾਲੀ ਤਹਿਤ ਪੂਰੇ ਪਰਿਵਾਰ ਲਈ ਲੋੜੀਂਦਾ ਰਾਸ਼ਨ ਮੁਹੱਈਆ ਕਰਵਾਉਣ ਸਮੇਤ ਹੋਰ ਮੰਗਾਂ ਦੀ ਪੂਰਤੀ ਲਈ ਵੱਡਾ ਕਿਰਤੀ ਅੰਦੋਲਨ ਵਿੱਢਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਮਜ਼ਦੂਰਾਂ ਨੂੰ ਲਾਮਬੰਦ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਝੰਡਾ ਮਾਰਚ ਕੀਤੇ ਜਾ ਰਹੇ ਹਨ। ਝੰਡਾ ਮਾਰਚ ਦੇ ਪਹਿਲੇ ਦਿਨ ਨਥਾਣਾ ਬਲਾਕ ਦੇ ਪਿੰਡ ਪੂਹਲੀ, ਪੂਹਲਾ, ਬੱਜੋਆਣਾ, ਕਲਿਆਣ, ਗੰਗਾ ਅਤੇ ਗਿੱਦੜ ਵਿਖੇ ਭਰਵੀਆਂ ਮਜ਼ਦੂਰ ਰੈਲੀਆਂ ਕੀਤੀਆਂ ਗਈਆਂ। ਇਨ੍ਹਾਂ ਰੈਲੀਆਂ ਨੂੰ ਪ੍ਰਕਾਸ਼ ਸਿੰਘ ਨੰਦਗੜ੍ਹ, ਅਮੀ ਲਾਲ ਬਲਾਹੜ ਮਹਿਮਾ, ਅਮਰੀਕ ਸਿੰਘ ਤੁੰਗਵਾਲੀ, ਬਲਵਿੰਦਰ ਸਿੰਘ ਪੂਹਲਾ ਅਤੇ ਪੱਪੂ ਸਿੰਘ ਪੂਹਲੀ ਨੇ ਸੰਬੋਧਨ ਕੀਤਾ। ਮਜ਼ਦੂਰ ਆਗੂਆਂ ਨੇ ਪੇਂਡੂ ਕਿਰਤੀਆਂ ਨੂੰ ਗਾਰੰਟੀਸ਼ੁਦਾ ਰੁਜ਼ਗਾਰ ਦੇਣ ਵਾਲਾ ਮਨਰੇਗਾ ਕਾਨੂੰਨ ਬਹਾਲ ਕਰਨ ਤੇ ਇਸ ਦੀ ਥਾਂ ਲਿਆਂਦੇ ਗਏ ‘ਵੀਬੀ ਜੀ ਰਾਮ ਜੀ’ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੇਂਡੂ ਮਜ਼ਦੂਰਾਂ ਲਈ ਸਾਰਾ ਸਾਲ ਰੁਜ਼ਗਾਰ ਅਤੇ ਯੋਗ ਦਿਹਾੜੀ ਯਕੀਨੀ ਬਣਾਉਣ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ। ਆਗੂਆਂ ਨੇ ਕਰੋੜਾਂ ਗਰੀਬ ਲੋਕਾਂ, ਖਾਸ ਕਰਕੇ ਦਲਿਤਾਂ, ਔਰਤਾਂ, ਆਦਿਵਾਸੀਆਂ ਅਤੇ ਘੱਟ ਗਿਣਤੀ ਵਰਗਾਂ ਦੀਆਂ ਵੋਟਾਂ ਕੱਟੇ ਜਾਣ ’ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਪੁਰਾਣੀ ਵੋਟਰ ਸੂਚੀ ਇੰਨ-ਬਿੰਨ ਬਹਾਲ ਕਰਨ, ਐੱਸਆਈਆਰ ਦੀ ਪ੍ਰਕਿਰਿਆ ਤੁਰੰਤ ਬੰਦ ਕਰਨ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ। ਆਗੂਆਂ ਨੇ ਇਸ ਮਾਮਲੇ ਨੂੰ ਲੈ ਕੇ ਚੱਲ ਰਹੇ ਦੇਸ਼ ਪੱਧਰੀ ਅੰਦੋਲਨ ਨੂੰ ਹਮਾਇਤ ਦੇਣ ਦਾ ਐਲਾਨ ਵੀ ਕੀਤਾ।