ਫੂਡ ਸਪਲਾਈ ਵਿਭਾਗ ਦੀ ਛਾਪੇਮਾਰੀ, ਰੇਹੜੀਆਂ ਤੇ ਰੈਸਟੋਰੈਂਟਾਂ ਤੋਂ ਘਰੇਲੂ ਗੈਸ ਸਿਲੰਡਰ ਜ਼ਬਤ ਫੂਡ ਸਪਲਾਈ ਵਿਭਾਗ ਦੀ ਛਾਪੇਮਾਰੀ, ਰੇਹੜੀਆਂ ਤੇ ਰੈਸਟੋਰੈਂਟਾਂ ਤੋਂ ਘਰੇਲੂ ਗੈਸ ਸਿਲੰਡਰ ਜ਼ਬਤ
Publish Date: Thu, 01 Oct 2026 03:49 PM (IST)
Updated Date: Thu, 01 Oct 2026 03:51 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਸ਼ਹਿਰ ਵਿਚ ਘਰੇਲੂ ਗੈਸ ਸਿਲੰਡਰਾਂ ਦੀ ਵਪਾਰਕ ਵਰਤੋਂ ਨੂੰ ਰੋਕਣ ਲਈ ਫੂਡ ਸਪਲਾਈ ਵਿਭਾਗ ਵੱਲੋਂ ਵੀਰਵਾਰ ਨੂੰ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਸ਼ਹਿਰ ਦੇ ਕਈ ਇਲਾਕਿਆਂ ਵਿਚ ਰੇਹੜੀਆਂ, ਖਾਣ-ਪੀਣ ਦੀਆਂ ਦੁਕਾਨਾਂ ਤੇ ਰੈਸਟੋਰੈਂਟਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਵਪਾਰਕ ਕੰਮਾਂ ਲਈ ਵਰਤੇ ਜਾ ਰਹੇ ਕਈ ਘਰੇਲੂ ਗੈਸ ਸਿਲੰਡਰ ਬਰਾਮਦ ਕਰਕੇ ਵਿਭਾਗ ਦੀਆਂ ਟੀਮਾਂ ਨੇ ਆਪਣੇ ਕਬਜ਼ੇ ਵਿਚ ਲੈ ਲਏ। ਵਿਭਾਗ ਦੀਆਂ ਟੀਮਾਂ ਨੇ ਚੈਕਿੰਗ ਮੁਹਿੰਮ ਦੀ ਸ਼ੁਰੂਆਤ ਰੇਲਵੇ ਸਟੇਸ਼ਨ ਇਲਾਕੇ ਤੋਂ ਕੀਤੀ। ਇਸ ਤੋਂ ਬਾਅਦ ਆਰੀਆ ਸਮਾਜ ਚੌਕ ਸਮੇਤ ਸ਼ਹਿਰ ਦੇ ਹੋਰ ਪ੍ਰਮੁੱਖ ਇਲਾਕਿਆਂ ਵਿਚ ਜਾਂਚ ਕੀਤੀ ਗਈ। ਟੀਮਾਂ ਨੇ ਰੇਹੜੀ ਸੰਚਾਲਕਾਂ, ਖਾਣ-ਪੀਣ ਵਾਲੀਆਂ ਦੁਕਾਨਾਂ ਤੇ ਰੈਸਟੋਰੈਂਟਾਂ ਵਿਚ ਵਰਤੇ ਜਾ ਰਹੇ ਗੈਸ ਸਿਲੰਡਰਾਂ ਦੀ ਜਾਂਚ ਕੀਤੀ। ਜਾਂਚ ਦੌਰਾਨ ਕਈ ਥਾਵਾਂ ਤੇ ਵਪਾਰਕ ਗਤੀਵਿਧੀਆਂ ਲਈ ਘਰੇਲੂ ਗੈਸ ਸਿਲੰਡਰ ਵਰਤੇ ਜਾਣ ਦੀ ਗੱਲ ਸਾਹਮਣੇ ਆਈ। ਡੀਐੱਫਐੱਸਸੀ ਗੁਰਤਾਰ ਸਿੰਘ ਨੇ ਦੱਸਿਆ ਕਿ ਘਰੇਲੂ ਗੈਸ ਸਿਲੰਡਰ ਘਰੇਲੂ ਖਪਤਕਾਰਾਂ ਦੀਆਂ ਜ਼ਰੂਰਤਾਂ ਲਈ ਨਿਰਧਾਰਤ ਹੁੰਦੇ ਹਨ। ਵਪਾਰਕ ਅਦਾਰਿਆਂ, ਰੇਹੜੀਆਂ ਤੇ ਰੈਸਟੋਰੈਂਟਾਂ ਵਿਚ ਖਾਣਾ ਤਿਆਰ ਕਰਨ ਜਾਂ ਹੋਰ ਵਪਾਰਕ ਕੰਮਾਂ ਲਈ ਨਿਰਧਾਰਤ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਹੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਘਰੇਲੂ ਸਿਲੰਡਰਾਂ ਦੀ ਵਪਾਰਕ ਵਰਤੋਂ ਨਿਯਮਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਘਰੇਲੂ ਗੈਸ ਸਿਲੰਡਰਾਂ ਦੀ ਵਪਾਰਕ ਵਰਤੋਂ ਤੇ ਰੋਕ ਲਗਾਉਣ ਲਈ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਟੀਮਾਂ ਭੇਜ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਵੀ ਇਹ ਮੁਹਿੰਮ ਜਾਰੀ ਰਹੇਗੀ। ਅਧਿਕਾਰੀਆਂ ਨੇ ਰੇਹੜੀ ਸੰਚਾਲਕਾਂ ਅਤੇ ਰੈਸਟੋਰੈਂਟ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਵਪਾਰਕ ਗਤੀਵਿਧੀਆਂ ਲਈ ਸਿਰਫ਼ ਨਿਰਧਾਰਤ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਵਰਤੋਂ ਕਰਨ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਵਿਭਾਗ ਵੱਲੋਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਵਿਭਾਗ ਦੀ ਇਸ ਕਾਰਵਾਈ ਤੋਂ ਬਾਅਦ ਰੇਹੜੀ ਸੰਚਾਲਕਾਂ ਅਤੇ ਰੈਸਟੋਰੈਂਟ ਮਾਲਕਾਂ ਵਿੱਚ ਹਲਚਲ ਦੇਖਣ ਨੂੰ ਮਿਲੀ।