ਸਾਬਕਾ ਸਰਪੰਚ ਅਮਨਦੀਪ ਸਿੰਘ ਨੂੰ ਸਦਮਾ, ਮਾਤਾ ਜਗਵੰਤ ਕੌਰ ਦਾ ਦੇਹਾਂਤ ਸਾਬਕਾ ਸਰਪੰਚ ਅਮਨਦੀਪ ਸਿੰਘ ਨੂੰ ਸਦਮਾ, ਮਾਤਾ ਜਗਵੰਤ ਕੌਰ ਦਾ ਦੇਹਾਂਤ
Publish Date: Wed, 26 Aug 2026 04:15 PM (IST)
Updated Date: Wed, 26 Aug 2026 04:19 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਜ਼ਿਲ੍ਹੇ ਦੇ ਪਿੰਡ ਪੂਹਲੀ ਦੇ ਸਾਬਕਾ ਸਰਪੰਚ ਤੇ ਸੀਨੀਅਰ ਅਕਾਲੀ ਆਗੂ ਅਮਨਦੀਪ ਸਿੰਘ ਤੇ ਦਲਜੀਤ ਸਿੰਘ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਜਗਵੰਤ ਕੌਰ ਦਾ ਦੇਹਾਂਤ ਹੋ ਗਿਆ। ਮਾਤਾ ਜੀ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਤੇ ਉਨ੍ਹਾਂ ਦਾ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਮੰਗਲਵਾਰ ਸਵੇਰੇ ਮਾਤਾ ਜਗਵੰਤ ਕੌਰ ਨੇ ਆਖਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਪੂਹਲੀ ਦੇ ਸ਼ਮਸ਼ਾਨ ਘਾਟ ਵਿਚ ਕੀਤਾ ਗਿਆ, ਜਿੱਥੇ ਵੱਡੀ ਗਿਣਤੀ ਵਿਚ ਲੋਕਾਂ ਨੇ ਸੇਜਲ ਅੱਖਾਂ ਨਾਲ ਮਾਤਾ ਜੀ ਨੂੰ ਅੰਤਿਮ ਵਿਦਾਈ ਦਿੱਤੀ। ਮਾਤਾ ਜਗਵੰਤ ਕੌਰ ਦੀ ਮੌਤ ’ਤੇ ਸ੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ, ਸੀਨੀਅਰ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ, ਹਲਕਾ ਭੁੱਚੋ ਮੰਡੀ ਦੇ ਇੰਚਾਰਜ ਡਾ. ਦਲਜੀਤ ਸਿੰਘ ਗੁਰੂ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਵਰਨ ਸਿੰਘ ਪੂਹਲੀ, ਸਰਕਲ ਨਥਾਣਾ ਦੇ ਪ੍ਰਧਾਨ ਗੁਰਭੇਜ ਸਿੰਘ ਸਾਬਕਾ ਸਰਪੰਚ, ਸੀਨੀਅਰ ਅਕਾਲੀ ਆਗੂ ਦਰਸ਼ਨ ਸਿੰਘ ਮਾਲਵਾ, ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ, ਸੂਬਾ ਜਨਰਲ ਸਕੱਤਰ ਦਿਆਲ ਦਾਸ ਸੋਢੀ, ਸ਼ਹਿਰੀ ਪ੍ਰਧਾਨ ਸਰੂਪ ਚੰਦ ਸਿੰਗਲਾ ਸਾਬਕਾ ਵਿਧਾਇਕ, ਗੁਰਾ ਸਿੰਘ ਤੁੰਗਵਾਲੀ ਸਾਬਕਾ ਵਿਧਾਇਕ, ਦਲ ਖਾਲਸਾ ਦੇ ਸੀਨੀਅਰ ਆਗੂ ਬਾਬਾ ਹਰਦੀਪ ਸਿੰਘ ਗੁਰੂ ਸਰ ਮਹਿਰਾਜ, ਦਮਦਮੀ ਟਕਸਾਲ ਸੇਵਕ ਜਥੇ ਦੇ ਮਾਲਵਾ ਜੋਨ ਪ੍ਰਧਾਨ ਬਾਬਾ ਆਤਮਾ ਸਿੰਘ ਚਹਿਲ ਸਮੇਤ ਵੱਖ-ਵੱਖ ਰਾਜਸੀ, ਧਾਰਮਿਕ, ਸਮਾਜਿਕ ਅਤੇ ਵਪਾਰਕ ਜਥੇਬੰਦੀਆਂ ਦੇ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਸਰਪੰਚ ਅਮਨਦੀਪ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਮਾਤਾ ਜਗਵੰਤ ਕੌਰ ਦੀਆਂ ਅਸਥੀਆਂ ਅੱਜ ਚੁਗੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਮਾਤਾ ਜਗਵੰਤ ਕੌਰ ਸਿੱਖ ਕੌਮ ਦੇ ਸ਼ਹੀਦ ਅਤੇ ਸਿੱਖ ਸਟੂਡੈਂਟ ਫੈਡਰੇਸ਼ਨ ਦੀ ਐਗਜ਼ੈਕਟਿਵ ਕਮੇਟੀ ਦੇ ਮੈਂਬਰ ਭਾਈ ਗੁਰਜੀਤ ਸਿੰਘ ਕਾਕਾ ਦੇ ਸਤਿਕਾਰਯੋਗ ਮਾਤਾ ਜੀ ਸਨ। ਮਾਤਾ ਜੀ ਬਹੁਤ ਹੀ ਧਾਰਮਿਕ, ਮਿਲਣਸਾਰ ਅਤੇ ਨੇਕ ਸੁਭਾਅ ਦੇ ਮਾਲਕ ਸਨ। ਉਨ੍ਹਾਂ ਨੇ ਹਮੇਸ਼ਾਂ ਲੋੜਵੰਦਾਂ ਦੀ ਮਦਦ ਕੀਤੀ। ਜਿੰਨਾ ਸਮਾਂ ਉਹ ਤੰਦਰੁਸਤ ਰਹੇ, ਕੋਈ ਦਿਨ ਅਜਿਹਾ ਨਹੀਂ ਸੀ ਜਦੋਂ ਉਹ ਗੁਰੂ ਘਰ ਨਤਮਸਤਕ ਨਾ ਹੋਏ ਹੋਣ। ਉਨ੍ਹਾਂ ਦਾ ਜੀਵਨ ਧਾਰਮਿਕ ਆਸਥਾ, ਸੇਵਾ ਭਾਵਨਾ ਅਤੇ ਲੋਕਾਂ ਨਾਲ ਪਿਆਰ-ਸਤਿਕਾਰ ਨਾਲ ਭਰਪੂਰ ਰਿਹਾ। ਉਨ੍ਹਾਂ ਦੇ ਦੇਹਾਂਤ ਨਾਲ ਪਰਿਵਾਰ ਦੇ ਨਾਲ-ਨਾਲ ਇਲਾਕੇ ਵਿੱਚ ਵੀ ਸੋਗ ਦੀ ਲਹਿਰ ਹੈ।