ਸਾਬਕਾ ਫੌਜੀ ਕੁਲਦੀਪ ਸਿੰਘ ਨੂੰ ਮਿਲਿਆ ‘ਜੋਧਾ ਸੇਵਾ ਅਵਾਰਡ ਸਾਬਕਾ ਫੌਜੀ ਕੁਲਦੀਪ ਸਿੰਘ ਨੂੰ ਮਿਲਿਆ ‘ਜੋਧਾ ਸੇਵਾ ਅਵਾਰਡ
Publish Date: Wed, 11 Nov 2026 05:36 PM (IST)
Updated Date: Wed, 11 Nov 2026 05:39 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ ਜ਼ਿਲ੍ਹਾ ਬਠਿੰਡਾ ਦੇ ਪਿੰਡ ਮੌੜ ਖੁਰਦ ਦੇ ਰਹਿਣ ਵਾਲੇ ਸਾਬਕਾ ਫੌਜੀ ਸਰਦਾਰ ਕੁਲਦੀਪ ਸਿੰਘ ਫੌਜੀ ਨੂੰ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਸਮਾਜ ਸੇਵੀ ਗਤੀਵਿਧੀਆਂ ਤੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਦੇ ਵਿਸ਼ੇਸ਼ ਉਪਰਾਲਿਆਂ ਬਦਲੇ ‘ਜੋਧਾ ਸੇਵਾ ਅਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਪ੍ਰਾਪਤ ਕਰਨ ਵਾਲੇ ਉਹ ਪੰਜਾਬ ਦੇ ਪਹਿਲੇ ਤੇ ਇਕਲੌਤੇ ਫੌਜੀ ਹਨ ਤੇ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚੋਂ ਕੁੱਲ ਤਿੰਨ ਫੌਜੀਆਂ ਨੂੰ ਇਸ ਸਨਮਾਨ ਲਈ ਚੁਣਿਆ ਗਿਆ।ਇਹ ਵੱਕਾਰੀ ਸਨਮਾਨ 27 ਅਗਸਤ 2026 ਨੂੰ ਆਰਮੀ ਕਮਾਂਡ, ਜੈਪੁਰ ਵਿਖੇ ਚੀਫ਼ ਆਫ਼ ਦ ਆਰਮੀ ਸਟਾਫ਼ ਜਨਰਲ ਧੀਰਜ ਸੇਠ ਵੱਲੋਂ ਸਰਦਾਰ ਕੁਲਦੀਪ ਸਿੰਘ ਨੂੰ ਪ੍ਰਦਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਰਦਾਰ ਕੁਲਦੀਪ ਸਿੰਘ ਨੇ ਪੰਜਾਬ ਆਰਮਡ ਯੂਨਿਟ ਵਿਚ ਆਪਣੀਆਂ ਸੇਵਾਵਾਂ ਨਿਭਾਉਣ ਤੋਂ ਬਾਅਦ ਸਾਲ 2012 ਵਿੱਚ ਸੇਵਾਮੁਕਤੀ ਲਈ ਸੀ। ਫੌਜ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਪਿੰਡ ਵਾਪਸ ਆ ਕੇ ਉਨ੍ਹਾਂ ਨੇ ਆਪਣਾ ਜੀਵਨ ਪਿੰਡ ਤੇ ਆਸ-ਪਾਸ ਦੇ ਇਲਾਕਿਆਂ ਦੇ ਬੱਚਿਆਂ ਤੇ ਨੌਜਵਾਨਾਂ ਦੇ ਭਵਿੱਖ ਨੂੰ ਸੰਵਾਰਨ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਨੇ ਸਾਲ 2012 ਤੋਂ ਲਗਾਤਾਰ ਬੱਚਿਆਂ ਤੇ ਨੌਜਵਾਨਾਂ ਨੂੰ ਮੁਫ਼ਤ ਖੇਡ ਕੋਚਿੰਗ ਦੇਣ ਦਾ ਉਪਰਾਲਾ ਸ਼ੁਰੂ ਕੀਤਾ ਹੋਇਆ ਹੈ। ਉਹ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਦੇ ਨਾਲ-ਨਾਲ ਵੱਖ-ਵੱਖ ਖੇਡਾਂ ਵਿੱਚ ਉੱਚ ਪੱਧਰੀ ਸਿਖਲਾਈ ਵੀ ਦੇ ਰਹੇ ਹਨ। ਇਸ ਦੇ ਨਾਲ ਹੀ ਉਹ ਆਪਣੇ ਪੱਧਰ ਤੇ ਖਿਡਾਰੀਆਂ ਨੂੰ ਖੇਡਾਂ ਨਾਲ ਸਬੰਧਤ ਲੋੜੀਂਦਾ ਸਾਮਾਨ ਤੇ ਹੋਰ ਸਹੂਲਤਾਂ ਵੀ ਮੁਹੱਈਆ ਕਰਵਾਉਂਦੇ ਹਨ, ਤਾਂ ਜੋ ਆਰਥਿਕ ਤੰਗੀਆਂ ਕਾਰਨ ਕਿਸੇ ਵੀ ਬੱਚੇ ਦੀ ਖੇਡ ਪ੍ਰਤਿਭਾ ਪ੍ਰਭਾਵਿਤ ਨਾ ਹੋਵੇ। ਸਰਦਾਰ ਕੁਲਦੀਪ ਸਿੰਘ ਵੱਲੋਂ ਤਿਆਰ ਕੀਤੇ ਗਏ ਖਿਡਾਰੀਆਂ ਦੀ ਮਿਹਨਤ ਦਾ ਨਤੀਜਾ ਹੈ ਕਿ ਉਨ੍ਹਾਂ ਕੋਲੋਂ ਸਿਖਲਾਈ ਪ੍ਰਾਪਤ ਕਰਕੇ ਅਨੇਕਾਂ ਨੌਜਵਾਨ ਅੱਜ ਭਾਰਤੀ ਫੌਜ ਵਿਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਖੇਡਾਂ ਨੌਜਵਾਨਾਂ ਦੀ ਸਰੀਰਕ ਅਤੇ ਮਾਨਸਿਕ ਸ਼ਖ਼ਸੀਅਤ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਦੀ ਇਸ ਨਿਰੰਤਰ ਮਿਹਨਤ, ਸਮਾਜ ਪ੍ਰਤੀ ਸਮਰਪਣ ਤੇ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦੇਣ ਦੇ ਯਤਨਾਂ ਨੂੰ ਦੇਖਦਿਆਂ ਉਨ੍ਹਾਂ ਨੂੰ ‘ਜੋਧਾ ਸੇਵਾ ਅਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਪਿੰਡ ਮੌੜ ਖੁਰਦ ਸਮੇਤ ਸਮੁੱਚੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਹੈ ਅਤੇ ਇਲਾਕਾ ਵਾਸੀਆਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।