ਮਾਲਵਾ ’ਚ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਲਹਿਰ ਨੂੰ ਤੇਜ਼ ਕਰਨ ਲਈ ਇਕੱਤਰਤਾ ਮਾਲਵਾ ਖੇਤਰ ਵਿਚ ਗੁਰਮਤਿ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਲਹਿਰ ਨੂੰ ਤੇਜ਼ ਕਰਨ ਲਈ ਇਕੱਤਰਤਾ
Publish Date: Sun, 25 Oct 2026 06:16 PM (IST)
Updated Date: Mon, 26 Oct 2026 04:04 AM (IST)
* ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਮੀਟਿੰਗ, ਪਿੰਡ-ਪਿੰਡ ਗੁਰਮਤਿ ਸਮਾਗਮ ਕਰਵਾਉਣ ’ਤੇ ਦਿੱਤਾ ਜ਼ੋਰ * ਨੌਜਵਾਨੀ ਨੂੰ ਪਤਿਤਪੁਣੇ ਤੇ ਨਸ਼ਿਆਂ ਤੋਂ ਬਚਾਉਣਾ ਮੌਜੂਦਾ ਸਮੇਂ ਸਭ ਤੋਂ ਵੱਡੀ ਲੋੜ : ਐਡਵੋਕੇਟ ਧਾਮੀ ਫੋਟੋ : 20 ਕੈਪਸ਼ਨ : ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਲਹਿਰ ਸਬੰਧੀ ਹੋਈ ਇਕੱਤਰਤਾ ਦੌਰਾਨ ਹਾਜ਼ਰ ਧਾਰਮਿਕ ਸ਼ਖ਼ਸੀਅਤਾਂ ਅਤੇ ਸਿੱਖ ਆਗੂ। ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗਤ ਨੂੰ ਬਾਣੀ ਤੇ ਬਾਣੇ ਨਾਲ ਜੋੜਨ ਦੇ ਉਦੇਸ਼ ਨਾਲ ਆਰੰਭੀ ‘ਚਲਦਾ ਵਹੀਰ ਗੁਰਮਤਿ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਲਹਿਰ’ ਨੂੰ ਮਾਲਵਾ ਖੇਤਰ ’ਚ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਇਸ ਦੀ ਅਗਵਾਈ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਮੀਟਿੰਗ ’ਚ ਮਾਲਵਾ ਜ਼ੋਨ ਦੇ ਪ੍ਰਚਾਰਕਾਂ, ਕਵੀਸ਼ਰਾਂ, ਢਾਡੀ ਜਥਿਆਂ ਤੇ ਰਾਗੀ ਸਿੰਘਾਂ ਨੇ ਸ਼ਮੂਲੀਅਤ ਕੀਤੀ। ਇਕੱਤਰਤਾ ਦਾ ਮੁੱਖ ਉਦੇਸ਼ ਮਾਲਵੇ ਦੇ ਪਿੰਡਾਂ ਤੇ ਕਸਬਿਆਂ ’ਚ ਗੁਰਮਤਿ ਸਮਾਗਮਾਂ ਤੇ ਅੰਮ੍ਰਿਤ ਸੰਚਾਰ ਦੀ ਲੜੀ ਸ਼ੁਰੂ ਕਰ ਕੇ ਸਿੱਖੀ ਸਿਧਾਂਤਾਂ ਦਾ ਪ੍ਰਚਾਰ ਘਰ-ਘਰ ਤੱਕ ਪਹੁੰਚਾਉਣ ਲਈ ਕਾਰਜ-ਯੋਜਨਾ ਉਲੀਕਣਾ ਸੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੀ ਯੂਥ ਨੂੰ ਆਪਣੇ ਇਤਿਹਾਸ, ਸਿੱਖ ਮਰਿਆਦਾ ਤੇ ਵਿਰਸੇ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਪਤਿਤਪੁਣੇ ਤੇ ਨਸ਼ਿਆਂ ਨੂੰ ਗੰਭੀਰ ਚੁਣੌਤੀਆਂ ਦੱਸਦਿਆਂ ਪ੍ਰਚਾਰਕਾਂ ਨੂੰ ਪਿੰਡਾਂ ’ਚ ਜਾ ਕੇ ਨੌਜਵਾਨਾਂ ਨਾਲ ਸਿੱਧਾ ਸੰਪਰਕ ਬਣਾਉਣ ਤੇ ਪ੍ਰੇਮ-ਭਾਵਨਾ ਨਾਲ ਉਨ੍ਹਾਂ ਨੂੰ ਗੁਰੂ ਦੇ ਲੜ ਲਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪਿੰਡ ਪੱਧਰ ’ਤੇ ਹੋਣ ਵਾਲੇ ਸਮਾਗਮਾਂ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਨਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ, ਸੁਰਜੀਤ ਸਿੰਘ ਰਾਇਪੁਰ, ਬਾਬਾ ਬੂਟਾ ਸਿੰਘ ਗੁਰਥੜੀ, ਬਾਬਾ ਗੁਰਮੀਤ ਸਿੰਘ ਤਿਰਲੋਕੇਵਾਲਾ, ਮੇਜਰ ਸਿੰਘ ਢਿੱਲੋਂ, ਸਕੱਤਰ ਸੁਖਮਿੰਦਰ ਸਿੰਘ, ਭਗਵੰਤ ਸਿੰਘ ਧੰਗੇੜਾ, ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਭੋਲਾ ਸਿੰਘ ਤੇ ਭਾਈ ਸਰਬਜੀਤ ਸਿੰਘ ਢੋਟੀਆਂ ਸਮੇਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕ ਅਤੇ ਮਾਲਵਾ ਜ਼ੋਨ ਤੇ ਰਾਜਸਥਾਨ ਦੇ ਪ੍ਰਚਾਰਕ ਹਾਜ਼ਰ ਸਨ। ਯੂਥ ਨੂੰ ਗੁਰਮਤਿ ਨਾਲ ਜੋੜਨ ਲਈ ਪ੍ਰਚਾਰਕ ਤਨਦੇਹੀ ਨਾਲ ਨਿਭਾਉਣ ਜ਼ਿੰਮੇਵਾਰੀ : ਗਿਆਨੀ ਟੇਕ ਸਿੰਘ ਜਥੇਦਾਰ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਢਾਡੀ, ਕਵੀਸ਼ਰ ਤੇ ਰਾਗੀ ਜਥੇ ਗੁਰਬਾਣੀ ਤੇ ਸਿੱਖ ਇਤਿਹਾਸ ਰਾਹੀਂ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦੇਣ ’ਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਮਾਲਵੇ ਦੇ ਪੱਛੜੇ ਇਲਾਕਿਆਂ ’ਚ ਵਿਸ਼ੇਸ਼ ਗੁਰਮਤਿ ਕੈਂਪ ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਉਣ ’ਤੇ ਜ਼ੋਰ ਦਿੱਤਾ।