ਗਿਆਨੀ ਟੇਕ ਸਿੰਘ ਨੇ ਧਾਮੀ ਨੂੰ ਪ੍ਰਧਾਨ ਚੁਣੇ ਜਾਣ ’ਤੇ ਦਿੱਤੀ ਵਧਾਈ ਗਿਆਨੀ ਟੇਕ ਸਿੰਘ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਚੁਣੇ ਜਾਣ ’ਤੇ ਵਧਾਈ
Publish Date: Fri, 20 Nov 2026 05:23 PM (IST)
Updated Date: Fri, 20 Nov 2026 05:25 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ’ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਦਿਲੋਂ ਵਧਾਈ ਦਿੱਤੀ। ਉਨ੍ਹਾਂ ਧਾਮੀ ਦੀ ਮੁੜ ਚੋਣ ਨੂੰ ਪੰਥਕ ਸੇਵਾਵਾਂ ਅਤੇ ਗੁਰਦੁਆਰਾ ਪ੍ਰਬੰਧਾਂ ਵਿੱਚ ਉਨ੍ਹਾਂ ਵੱਲੋਂ ਨਿਭਾਈ ਭੂਮਿਕਾ ਪ੍ਰਤੀ ਸਮੁੱਚੇ ਹਾਊਸ ਦੇ ਭਰੋਸੇ ਦਾ ਪ੍ਰਤੀਕ ਦੱਸਿਆ। ਇਸ ਮੌਕੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਨਵ-ਨਿਯੁਕਤ ਜਨਰਲ ਸਕੱਤਰ ਸ. ਗੁਰਪ੍ਰੀਤ ਸਿੰਘ ਝੱਬਰ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਸ. ਮੋਹਨ ਸਿੰਘ ਬੰਗੀ ਨੂੰ ਵੀ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ। ਉਨ੍ਹਾਂ ਨਵੀਂ ਚੁਣੀ ਗਈ ਟੀਮ ਦੇ ਗਠਨ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਮੁੱਚੀ ਲੀਡਰਸ਼ਿਪ ਨੂੰ ਸਿੱਖ ਕੌਮ ਦੀਆਂ ਧਾਰਮਿਕ ਅਤੇ ਪੰਥਕ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਆਪਣੇ ਵਧਾਈ ਸੰਦੇਸ਼ ਵਿੱਚ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਸਮੇਂ ਦੌਰਾਨ ਪੰਥਕ ਕਾਰਜਾਂ, ਧਰਮ ਪ੍ਰਚਾਰ ਅਤੇ ਗੁਰਦੁਆਰਾ ਪ੍ਰਬੰਧਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ। ਇਨ੍ਹਾਂ ਸੇਵਾਵਾਂ ਦੇ ਮੱਦੇਨਜ਼ਰ ਸਮੁੱਚੇ ਹਾਊਸ ਵੱਲੋਂ ਉਨ੍ਹਾਂ ’ਤੇ ਮੁੜ ਭਰੋਸਾ ਪ੍ਰਗਟਾਇਆ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਟੀਮ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ ਦੇ ਸਹਿਯੋਗ ਨਾਲ ਸਿੱਖ ਕੌਮ ਦੀ ਚੜ੍ਹਦੀ ਕਲਾ, ਗੁਰਧਾਮਾਂ ਦੀ ਸੇਵਾ-ਸੰਭਾਲ ਅਤੇ ਪੰਥਕ ਮਸਲਿਆਂ ਦੇ ਹੱਲ ਲਈ ਪੂਰੀ ਨਿਸ਼ਠਾ ਅਤੇ ਸਮਰਪਣ ਭਾਵਨਾ ਨਾਲ ਕੰਮ ਕਰੇਗੀ। ਅੰਤ ਵਿੱਚ ਜਥੇਦਾਰ ਗਿਆਨੀ ਟੇਕ ਸਿੰਘ ਨੇ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਮੁੱਚੀ ਨਵੀਂ ਚੁਣੀ ਗਈ ਲੀਡਰਸ਼ਿਪ ਨੂੰ ਪੰਥਕ ਸੇਵਾਵਾਂ ਨਿਭਾਉਣ ਲਈ ਬਲ, ਸੂਝ-ਬੂਝ ਅਤੇ ਸਮਰੱਥਾ ਬਖ਼ਸ਼ਣ।