ਅਨਾਜ ਮੰਡੀ ਮੌੜ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਪ੍ਰਬੰਧਾਂ ਦਾ ਲਿਆ ਜਾਇਜ਼ਾ ਅਨਾਜ ਮੰਡੀ ਮੌੜ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਪ੍ਰਬੰਧਾਂ ਦਾ ਲਿਆ ਜਾਇਜ਼ਾ
Publish Date: Tue, 06 Oct 2026 06:43 PM (IST)
Updated Date: Tue, 06 Oct 2026 06:44 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ ਸੋਮਵਾਰ ਨੂੰ ਅਨਾਜ ਮੰਡੀ ਮੌੜ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦਾ ਰਸਮੀ ਆਗਾਜ਼ ਕੀਤਾ ਗਿਆ। ਇਸ ਮੌਕੇ ਮਾਰਕੀਟ ਕਮੇਟੀ ਮੌੜ ਦੇ ਚੇਅਰਮੈਨ ਬਲਵਿੰਦਰ ਸਿੰਘ ਬੱਲ੍ਹੋ ਅਤੇ ਟ੍ਰੇਡ ਕਮਿਸ਼ਨ ਦੇ ਚੇਅਰਮੈਨ ਰੋਹਿਤ ਜਿੰਦਲ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਖ਼ਰੀਦ ਸ਼ੁਰੂ ਕਰਵਾਈ ਤੇ ਮੰਡੀ ਵਿਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਚੇਅਰਮੈਨ ਬਲਵਿੰਦਰ ਸਿੰਘ ਬੱਲ੍ਹੋ ਅਤੇ ਰੋਹਿਤ ਜਿੰਦਲ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ, ਨੁਮਾਇੰਦਿਆਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਖ਼ਰੀਦ ਪ੍ਰਬੰਧਾਂ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੰਡੀਆਂ ਵਿਚ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਮੰਡੀ ਵਿੱਚ ਆਉਣ ਵਾਲੇ ਝੋਨੇ ਦੀ ਨਾਲੋ-ਨਾਲ ਖ਼ਰੀਦ ਤੇ ਲਿਫਟਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਉਨ੍ਹਾਂ ਮੰਡੀਆਂ ਵਿਚ ਪੀਣ ਵਾਲੇ ਸਫ਼ਾਈ, ਪਾਣੀ, ਬਿਜਲੀ ਤੇ ਪਖਾਨਿਆਂ ਦੇ ਸੁਚੱਜੇ ਇੰਤਜ਼ਾਮ ਰੱਖਣ ਦੇ ਵੀ ਨਿਰਦੇਸ਼ ਦਿੱਤੇ। ਇਸ ਮੌਕੇ ਡੀਐਮਓ ਜਸਵਿੰਦਰ ਸਿੰਘ,ਮਾਰਕੀਟ ਕਮੇਟੀ ਮੌੜ ਦੇ ਸੈਕਟਰੀ ਗੁਰਵਿੰਦਰ ਸਿੰਘ, ਸਵਰਨ ਸਿੰਘ ਮਾਈਸਰਖਾਨਾ, ਮਾਰਕੀਟ ਕਮੇਟੀ ਦੇ ਸੁਪਰਵਾਈਜ਼ਰ ਜਸਵੀਰ ਸਿੰਘ ਤੋਂ ਇਲਾਵਾ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਸਥਾਨਕ ਆੜ੍ਹਤੀ ਵੀ ਮੌਜੂਦ ਸਨ।