ਝੋਨੇ ਦੀ ਸਰਕਾਰੀ ਖਰੀਦ ਪਹਿਲੀ ਤੋਂ ਸ਼ੁਰੂ : ਡਿਪਟੀ ਕਮਿਸ਼ਨਰ ਝੋਨੇ ਦੀ ਸਰਕਾਰੀ ਖਰੀਦ ਇਕ ਅਕਤੂਬਰ ਤੋਂ ਹੋਵੇਗੀ ਸ਼ੁਰੂ : ਡਿਪਟੀ ਕਮਿਸ਼ਨਰ
Publish Date: Thu, 24 Sep 2026 05:46 PM (IST)
Updated Date: Fri, 25 Sep 2026 04:06 AM (IST)
* ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਫੋਟੋ : 21 ਕੈਪਸ਼ਨ : ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ। ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ : ਸ਼੍ਰੀ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਜ਼ਿਲ੍ਹੇ ਦੀਆਂ 201 ਮੰਡੀਆਂ ਵਿੱਚ ਝੋਨੇ ਦੀ ਖਰੀਦ ਹੋਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਅਤੇ ਫ਼ਸਲ ਦੀ ਸਮੇਂ-ਸਿਰ ਖਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਰੀਦ ਪ੍ਰਕਿਰਿਆ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇਗੀ। ਡੀਸੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਝੋਨੇ ਦੀ ਸੁੱਕੀ ਫ਼ਸਲ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨ ਫ਼ਸਲ ਦੀ ਕਟਾਈ ਅਤੇ ਮੰਡੀ ਵਿੱਚ ਲਿਆਉਣ ਸਬੰਧੀ ਨਿਰਧਾਰਿਤ ਮਾਪਦੰਡਾਂ ਦੀ ਪਾਲਣਾ ਕਰਨ ਤਾਂ ਜੋ ਖਰੀਦ ਪ੍ਰਕਿਰਿਆ ਵਿੱਚ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ। ਡਿਪਟੀ ਕਮਿਸ਼ਨਰ ਨੇ ਸਮੂਹ ਕਿਸਾਨਾਂ ਨੂੰ ਝੋਨੇ ਦੀ ਕਟਾਈ ਤੋਂ ਬਾਅਦ ਬਚਦੀ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕੀਤਾ ਜਾਵੇ ਅਤੇ ਸੰਭਵ ਹੋਵੇ ਤਾਂ ਇਸ ਨੂੰ ਖੇਤ ਦੀ ਮਿੱਟੀ ਵਿੱਚ ਹੀ ਮਿਲਾਇਆ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਮਿਲਾਉਣ ਨਾਲ ਜਿੱਥੇ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰਹਿੰਦੀ ਹੈ, ਉੱਥੇ ਹੀ ਹਵਾ ਪ੍ਰਦੂਸ਼ਣ ਨੂੰ ਰੋਕਣ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਵੀ ਮਦਦ ਮਿਲਦੀ ਹੈ। ਉਨ੍ਹਾਂ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖਰੀਦ ਅਤੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।