ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰਾਂ ਗੰਭੀਰ ਹੋਣ: ਜਥੇਦਾਰ ਬਾਬਾ ਟੇਕ ਸਿੰਘ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰਾਂ ਗੰਭੀਰ ਹੋਣ: ਜਥੇਦਾਰ ਬਾਬਾ ਟੇਕ ਸਿੰਘ
Publish Date: Wed, 28 Oct 2026 03:49 PM (IST)
Updated Date: Wed, 28 Oct 2026 03:49 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਨਸ਼ੇ ਕਾਰਨ ਹੋਈ ਬੇਵਕਤੀ ਮੌਤ ’ਤੇ ਡੂੰਘੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਹਿਰ ਨੇ ਦੋ ਮਾਸੂਮ ਬੱਚਿਆਂ ਦੇ ਸਿਰ ਤੋਂ ਪਿਤਾ ਦਾ ਸਾਇਆ ਖੋਹ ਲਿਆ ਹੈ, ਜੋ ਸਮੁੱਚੇ ਸਮਾਜ ਅਤੇ ਸਰਕਾਰਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ। ਜਥੇਦਾਰ ਬਾਬਾ ਟੇਕ ਸਿੰਘ ਨੇ ਮ੍ਰਿਤਕ ਦੇਹ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵਤੀਰੇ ’ਤੇ ਵੀ ਸਖ਼ਤ ਰੋਸ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਲਾਏ ਗਏ ਦੋਸ਼ ਗੰਭੀਰ ਹਨ। ਪਰਿਵਾਰ ਮੁਤਾਬਕ ਉਹ ਇਨਸਾਫ਼ ਦੀ ਮੰਗ ਲਈ ਮ੍ਰਿਤਕ ਦੇਹ ਨੂੰ ਭਾਈ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਚੱਲ ਰਹੇ ਮੋਰਚੇ ਵਿਚ ਲਿਜਾਣਾ ਚਾਹੁੰਦਾ ਸੀ, ਪਰ ਪੁਲਿਸ ਨੇ ਉਨ੍ਹਾਂ ਦੀ ਮਰਜ਼ੀ ਤੋਂ ਬਿਨਾਂ ਮ੍ਰਿਤਕ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਪੀੜਤ ਪਰਿਵਾਰ ਦੀਆਂ ਭਾਵਨਾਵਾਂ ਅਤੇ ਮਨੁੱਖੀ ਅਧਿਕਾਰਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦੇ ਦਾਅਵੇ ਕਰਨ ਵਾਲੀਆਂ ਸਰਕਾਰਾਂ ਨੂੰ ਜ਼ਮੀਨੀ ਹਕੀਕਤ ਵੱਲ ਧਿਆਨ ਦੇਣ ਦੀ ਲੋੜ ਹੈ। ਜੇਕਰ ਨਸ਼ਿਆਂ ਦੀ ਵਿਕਰੀ ਨੂੰ ਠੱਲ੍ਹ ਨਹੀਂ ਪੈ ਰਹੀ ਤਾਂ ਇਸ ਲਈ ਜ਼ਿੰਮੇਵਾਰ ਤੰਤਰ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਵਿਰੁੱਧ ਸਿਰਫ਼ ਦਿਖਾਵੇ ਦੀ ਕਾਰਵਾਈ ਕਰਨ ਦੀ ਬਜਾਏ ਨਸ਼ਾ ਤਸਕਰੀ ਦੇ ਅਸਲ ਸਰੋਤਾਂ ਅਤੇ ਇਸ ਧੰਦੇ ਨੂੰ ਸਰਪ੍ਰਸਤੀ ਦੇਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜਥੇਦਾਰ ਬਾਬਾ ਟੇਕ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਤੋਂ ਬਾਅਦ ਵੀ ਜੇਕਰ ਹਾਲਾਤ ਵਿਚ ਸੁਧਾਰ ਨਹੀਂ ਹੁੰਦਾ ਤਾਂ ਇਹ ਬੇਹੱਦ ਚਿੰਤਾਜਨਕ ਹੈ। ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ। ਅੰਤ ਵਿਚ ਉਨ੍ਹਾਂ ਸਮੁੱਚੇ ਖ਼ਾਲਸਾ ਪੰਥ, ਪੰਜਾਬ ਵਾਸੀਆਂ, ਪੰਚਾਇਤਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਅਤੇ ਪਿੰਡ-ਪਿੰਡ ਪੱਧਰ ’ਤੇ ਜਾਗਰੂਕਤਾ ਤੇ ਪਹਿਰੇਦਾਰੀ ਯਕੀਨੀ ਬਣਾਉਣ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਜ਼ਹਿਰ ਤੋਂ ਬਚਾਇਆ ਜਾ ਸਕੇ।