ਬਠਿੰਡਾ ’ਚ ਰਾਜ ਪੱਧਰੀ ਹਾਕੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਬਠਿੰਡਾ ਵਿੱਚ ਰਾਜ ਪੱਧਰੀ ਹਾਕੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼
Publish Date: Tue, 17 Nov 2026 05:14 PM (IST)
Updated Date: Tue, 17 Nov 2026 05:15 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਖੇਡ ਵਿਭਾਗ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2026 ਅਧੀਨ ਬਠਿੰਡਾ ਵਿਖੇ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਹਾਕੀ ਖੇਡਾਂ ਦਾ ਅੱਜ ਸ਼ਾਨਦਾਰ ਆਗਾਜ਼ ਹੋਇਆ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਖਿਡਾਰੀ ਭਾਗ ਲੈ ਰਹੇ ਹਨ। ਰਾਜ ਪੱਧਰੀ ਮੁਕਾਬਲਿਆਂ ਵਿੱਚ ਹਾਕੀ ਖੇਡ ਦੇ ਅੰਡਰ-14, ਅੰਡਰ-17, ਅੰਡਰ-21, 21 ਤੋਂ 30 ਸਾਲ, 31 ਤੋਂ 40 ਸਾਲ, 41 ਤੋਂ 50 ਸਾਲ, 51 ਤੋਂ 60 ਸਾਲ ਅਤੇ 61 ਤੋਂ 70 ਸਾਲ ਉਮਰ ਵਰਗ ਦੇ ਖਿਡਾਰੀਆਂ ਦੇ ਮੁਕਾਬਲੇ ਕਰਵਾਏ ਜਾਣਗੇ। ਮੁਕਾਬਲਿਆਂ ਦੇ ਪਹਿਲੇ ਦਿਨ ਅੰਡਰ-14 ਲੜਕੀਆਂ ਦੀਆਂ ਟੀਮਾਂ ਵਿਚਕਾਰ ਦਿਲਚਸਪ ਮੈਚ ਦੇਖਣ ਨੂੰ ਮਿਲੇ, ਜਿਨ੍ਹਾਂ ਵਿੱਚ ਖਿਡਾਰਨਾਂ ਨੇ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਬਾਕਸ ਮੋਹਾਲੀ ਦੀ ਟੀਮ ਨੇ 8-0 ਨਾਲ ਦਰਜ ਕੀਤੀ ਵੱਡੀ ਜਿੱਤ ਪਹਿਲੇ ਦਿਨ ਦੇ ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਪੂਲ-ਏ ਵਿੱਚ ਗੁਰਦਾਸਪੁਰ ਦੀ ਟੀਮ ਨੇ 2-1 ਨਾਲ ਜਿੱਤ ਦਰਜ ਕੀਤੀ। ਮਲੇਰਕੋਟਲਾ ਨੇ ਸ੍ਰੀ ਮੁਕਤਸਰ ਸਾਹਿਬ ਨੂੰ 3-0 ਨਾਲ ਹਰਾਇਆ, ਜਦਕਿ ਤਰਨਤਾਰਨ ਦੀ ਟੀਮ ਨੇ ਮੋਗਾ ਨੂੰ 2-0 ਨਾਲ ਮਾਤ ਦਿੱਤੀ। ਇਸੇ ਤਰ੍ਹਾਂ ਲੁਧਿਆਣਾ ਦੀ ਟੀਮ ਨੇ ਗੁਰਦਾਸਪੁਰ ਨੂੰ 6-0 ਦੇ ਵੱਡੇ ਫ਼ਰਕ ਨਾਲ ਹਰਾ ਕੇ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪੂਲ-ਬੀ ਦੇ ਮੁਕਾਬਲਿਆਂ ਵਿੱਚ ਫ਼ਿਰੋਜ਼ਪੁਰ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ 1-0 ਨਾਲ ਹਰਾਇਆ। ਸ੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਨੇ ਗੁਰਦਾਸਪੁਰ ਨੂੰ 4-0 ਨਾਲ ਮਾਤ ਦਿੱਤੀ। ਮੋਹਾਲੀ ਦੀ ਟੀਮ ਨੇ ਮਾਨਸਾ ਵਿਰੁੱਧ 8-0 ਨਾਲ ਸ਼ਾਨਦਾਰ ਜਿੱਤ ਹਾਸਲ ਕੀਤੀ। ਇਸੇ ਤਰ੍ਹਾਂ ਮੇਜ਼ਬਾਨ ਬਠਿੰਡਾ ਦੀ ਟੀਮ ਨੇ ਫ਼ਿਰੋਜ਼ਪੁਰ ਨੂੰ 5-0 ਨਾਲ ਹਰਾਇਆ। ਦਿਨ ਦੇ ਇੱਕ ਹੋਰ ਮੁਕਾਬਲੇ ਵਿੱਚ ਸੰਗਰੂਰ ਦੀ ਟੀਮ ਨੇ ਪਟਿਆਲਾ ਨੂੰ 8-0 ਨਾਲ ਕਰਾਰੀ ਮਾਤ ਦਿੱਤੀ। ਬਾਕਸ ਖਿਡਾਰਨਾਂ ਨੇ ਦਿਖਾਇਆ ਖੇਡ ਪ੍ਰਤੀਭਾ ਦਾ ਦਮ ਮੁਕਾਬਲਿਆਂ ਦੌਰਾਨ ਵੱਖ-ਵੱਖ ਮੈਚਾਂ ਵਿਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੀਆਂ ਖਿਡਾਰਨਾਂ ਨੂੰ ਬੈਸਟ ਪਲੇਅਰ ਵਜੋਂ ਵੀ ਚੁਣਿਆ ਗਿਆ। ਖੇਡ ਮੈਦਾਨ ਵਿੱਚ ਖਿਡਾਰਨਾਂ ਦਾ ਜੋਸ਼, ਅਨੁਸ਼ਾਸਨ ਅਤੇ ਖੇਡ ਭਾਵਨਾ ਦੇਖਣਯੋਗ ਸੀ। ਵੱਖ-ਵੱਖ ਜ਼ਿਲ੍ਹਿਆਂ ਦੀਆਂ ਟੀਮਾਂ ਵਿਚਕਾਰ ਹੋਏ ਮੁਕਾਬਲਿਆਂ ਨੇ ਖੇਡ ਪ੍ਰੇਮੀਆਂ ਵਿੱਚ ਵੀ ਕਾਫ਼ੀ ਉਤਸ਼ਾਹ ਪੈਦਾ ਕੀਤਾ। ਇਸ ਮੌਕੇ ਖੇਡ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਰਾਜ ਪੱਧਰੀ ਖੇਡਾਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ, ਉਨ੍ਹਾਂ ਦੀ ਪ੍ਰਤਿਭਾ ਨੂੰ ਉਭਾਰਨਾ ਅਤੇ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨਾ ਹੈ। ਅਜਿਹੇ ਮੁਕਾਬਲੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਉੱਚ ਪੱਧਰ ਤੇ ਖੇਡਣ ਲਈ ਨਵੇਂ ਮੌਕੇ ਵੀ ਪ੍ਰਦਾਨ ਕਰਦੇ ਹਨ। ਬਠਿੰਡਾ ਵਿਖੇ ਸ਼ੁਰੂ ਹੋਈਆਂ ਇਨ੍ਹਾਂ ਰਾਜ ਪੱਧਰੀ ਖੇਡਾਂ ਨੂੰ ਲੈ ਕੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਹਾਕੀ ਟੂਰਨਾਮੈਂਟ ਕਨਵੀਨਰ ਗੁਰਵਿੰਦਰ ਸਿੰਘ ਪਟਿਆਲਾ ਅਤੇ ਰਾਜਵੰਤ ਸਿੰਘ ਬਠਿੰਡਾ ਆਦਿ ਹਾਜ਼ਰ ਸਨ।