ਬਠਿੰਡਾ ਦਿਹਾਤੀ ਦੇ ਪਿੰਡਾਂ ਦੇ ਵਿਕਾਸ ਲਈ 2 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਬਠਿੰਡਾ ਦਿਹਾਤੀ ਦੇ ਪਿੰਡਾਂ ਦੇ ਵਿਕਾਸ ਲਈ 2 ਕਰੋੜ ਰੁਪਏ ਦੀ ਗ੍ਰਾਂਟ ਜਾਰੀ
Publish Date: Sat, 07 Nov 2026 04:29 PM (IST)
Updated Date: Sat, 07 Nov 2026 04:29 PM (IST)
ਧਰਮਪਾਲ ਸਿੰਘ, ਪੰਜਾਬੀ ਜਾਗਰਣ ਸੰਗਤ ਮੰਡੀ, ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਦੇ ਮਕਸਦ ਨਾਲ ਬਠਿੰਡਾ ਦਿਹਾਤੀ ਹਲਕੇ ਦੇ ਵੱਖ-ਵੱਖ ਪਿੰਡਾਂ ਲਈ 2 ਕਰੋੜ ਰੁਪਏ ਦੀ ਵਿਕਾਸ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਇਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦਿਹਾਤੀ ਹਲਕੇ ਦੇ ਲੋਕਾਂ ਨੂੰ ਦੀਵਾਲੀ ਦਾ ਵਿਸ਼ੇਸ਼ ਤੋਹਫ਼ਾ ਕਰਾਰ ਦਿੱਤਾ। ਇਸ ਮੌਕੇ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਸਰਕਾਰ ਦਾ ਉਦੇਸ਼ ਪਿੰਡਾਂ ਦਾ ਸ਼ਹਿਰਾਂ ਦੀ ਤਰਜ਼ ਤੇ ਵਿਕਾਸ ਕਰਨਾ ਹੈ, ਤਾਂ ਜੋ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਆਪਣੇ ਪਿੰਡਾਂ ਵਿੱਚ ਹੀ ਉਪਲਬਧ ਹੋ ਸਕਣ। ਉਨ੍ਹਾਂ ਦੱਸਿਆ ਕਿ ਜਾਰੀ ਕੀਤੀ ਗਈ ਗ੍ਰਾਂਟ ਦੀ ਵਰਤੋਂ ਪਿੰਡਾਂ ਵਿਚ ਗਲੀਆਂ-ਨਾਲੀਆਂ, ਸੀਵਰੇਜ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ, ਖੇਡ ਮੈਦਾਨਾਂ ਅਤੇ ਹੋਰ ਜ਼ਰੂਰੀ ਵਿਕਾਸ ਕਾਰਜਾਂ ਲਈ ਕੀਤੀ ਜਾਵੇਗੀ। ਗ੍ਰਾਂਟਾਂ ਦੀ ਵੰਡ ਪਿੰਡਾਂ ਦੀਆਂ ਲੋੜਾਂ ਤੇ ਤਰਜੀਹਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਗਈ ਹੈ, ਤਾਂ ਜੋ ਵਿਕਾਸ ਦਾ ਲਾਭ ਹਰ ਪਿੰਡ ਅਤੇ ਹਰ ਵਰਗ ਤੱਕ ਪਹੁੰਚ ਸਕੇ। ਉਨ੍ਹਾਂ ਪੰਚਾਂ-ਸਰਪੰਚਾਂ ਤੇ ਪਿੰਡਾਂ ਦੇ ਪਤਵੰਤਿਆਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਸਹਿਯੋਗ ਨਾਲ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ ਢੰਗ ਨਾਲ ਅਤੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਵਾਉਣ। ਉਨ੍ਹਾਂ ਕਿਹਾ ਕਿ ਸਰਕਾਰੀ ਫੰਡਾਂ ਦੀ ਸਹੀ ਵਰਤੋਂ ਯਕੀਨੀ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਅੰਤ ਵਿਚ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬਠਿੰਡਾ ਦਿਹਾਤੀ ਹਲਕੇ ਦੇ ਹਰੇਕ ਪਿੰਡ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣ ਅਤੇ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਕਰਨ ਲਈ ਵਚਨਬੱਧ ਹਨ। ਇਸ ਮੌਕੇ ਬੀਡੀਪੀਓ ਬਠਿੰਡਾ ਕੇਵਲ ਕੁਮਾਰ, ਬੀਡੀਪੀਓ ਸੰਗਤ ਧਰਮਪਾਲ, ਸਰਪੰਚ ਸੁਖਜਿੰਦਰ ਸਿੰਘ ਰੋਮਾਣਾ, ਗੁਰਸੇਵਕ ਸਿੰਘ ਬਾਂਡੀ, ਗੁਰਧਿਆਨ ਸਿੰਘ ਨਰੂਆਣਾ, ਗੁਰਦੇਵ ਸਿੰਘ ਦਿਉਣ, ਜਗਸੀਰ ਸਿੰਘ ਫੂਸ ਮੰਡੀ, ਲਖਪ੍ਰੀਤ ਸਿੰਘ ਗੁਲਾਬਗੜ੍ਹ, ਚਰਨਜੀਤ ਸਿੰਘ ਬੁਰਜ ਮਹਿਮਾ, ਹਰਪਾਲ ਸਿੰਘ ਘੁੱਦਾ, ਅਵਤਾਰ ਸਿੰਘ ਭਾਗੂ, ਸੁਖਰਾਜ ਸਿੰਘ ਬੱਲੂਆਣਾ, ਬੂਟਾ ਸਿੰਘ ਚੁੱਘੇ ਖੁਰਦ, ਗੁਰਨੈਬ ਸਿੰਘ ਕਟਾਰ ਸਿੰਘ ਵਾਲਾ, ਰਾਜਵਿੰਦਰ ਸਿੰਘ ਬੀੜ ਬਹਿਮਣ, ਸਰਬਜਿੰਦਰ ਸਿੰਘ ਧੰਨ ਸਿੰਘ ਖਾਨਾ, ਜਗਤਾਰ ਸਿੰਘ ਮੁਹਾਲਾ, ਚਰਨਜੀਤ ਸਿੰਘ ਰਾਏਕੇ ਕਲਾਂ, ਪ੍ਰਦੀਪ ਸਿੰਘ ਨੰਦਗੜ੍ਹ, ਨਰੋਤਮ ਸਿੰਘ ਕਾਲਝਰਾਣੀ ਸਮੇਤ ਹੋਰ ਆਪ ਆਗੂ ਅਤੇ ਪਤਵੰਤੇ ਹਾਜ਼ਰ ਸਨ।