ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਰਾਜ ਪੱਧਰੀ ਖੇਡਾਂ ’ਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਨੇ ਹਾਸਲ ਕੀਤਾ ਤੀਜਾ ਸਥਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਰਾਜ ਪੱਧਰੀ ਖੇਡਾਂ ਵਿਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਨੇ ਹਾਸਲ ਕੀਤਾ ਤੀਜਾ ਸਥਾਨ
Publish Date: Thu, 26 Nov 2026 04:37 PM (IST)
Updated Date: Thu, 26 Nov 2026 04:40 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਿਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਦੇ ਹੋਣਹਾਰ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਪੂਰੇ ਪੰਜਾਬ ਵਿਚ ਰੌਸ਼ਨ ਕੀਤਾ ਹੈ। ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਉਪਰੰਤ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੀ ਗਈ ਸਕੂਲ ਦੀ ਟੀਮ ਨੇ 17 ਤੋਂ 20 ਨਵੰਬਰ 2026 ਤੱਕ ਰੂਪਨਗਰ ਵਿਖੇ ਹੋਏ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਲ ਕਰਕੇ ਵੱਡੀ ਪ੍ਰਾਪਤੀ ਆਪਣੇ ਨਾਮ ਕੀਤੀ। ਰਾਜ ਪੱਧਰੀ ਮੁਕਾਬਲਿਆਂ ਦੀ ਤਿਆਰੀ ਲਈ ਸਕੂਲ ਵਿਖੇ 15 ਦਿਨਾਂ ਦਾ ਵਿਸ਼ੇਸ਼ ਸਿਖਲਾਈ ਕੈਂਪ ਲਾਇਆ ਗਿਆ, ਜਿਸ ਦੌਰਾਨ ਖਿਡਾਰੀਆਂ ਨੇ ਸਵੇਰੇ ਅਤੇ ਸ਼ਾਮ ਨੂੰ ਪੂਰੀ ਲਗਨ, ਅਨੁਸ਼ਾਸਨ ਅਤੇ ਸਮਰਪਣ ਭਾਵਨਾ ਨਾਲ ਅਭਿਆਸ ਕੀਤਾ। ਇਸ ਮਿਹਨਤ ਸਦਕਾ ਟੀਮ ਨੇ ਮੈਦਾਨ ਵਿਚ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੌਰਾਨ ਸਕੂਲ ਦੀ ਟੀਮ ਨੇ ਸ੍ਰੀ ਮੁਕਤਸਰ ਸਾਹਿਬ, ਸ਼ਹੀਦ ਭਗਤ ਸਿੰਘ ਨਗਰ, ਫਿਰੋਜ਼ਪੁਰ, ਫਰੀਦਕੋਟ ਅਤੇ ਤਰਨ ਤਾਰਨ ਜ਼ਿਲ੍ਹਿਆਂ ਦੀਆਂ ਟੀਮਾਂ ਨੂੰ ਮਾਤ ਦੇ ਕੇ ਆਪਣੀ ਜਿੱਤ ਦਾ ਸਫ਼ਰ ਜਾਰੀ ਰੱਖਿਆ। ਟੀਮ ਵਿਚ ਅਰਮਾਨ ਸਿੰਘ, ਅਰਮਾਨਦੀਪ ਸਿੰਘ, ਅਰਮਾਨ ਸਿੰਘ ਬਰਾੜ, ਗੁਰਨੂਰਪ੍ਰੀਤ ਸਿੰਘ, ਮਨਵੀਰ ਦਾਸ, ਮਨਵੀਰ ਸਿੰਘ, ਮਨਜੋਤ ਸਿੰਘ ਅਤੇ ਹਰਿੰਦਰ ਸਿੰਘ ਸ਼ਾਮਲ ਸਨ। ਇਸ ਪ੍ਰਾਪਤੀ ਦਾ ਇਕ ਹੋਰ ਮਾਣਮੱਤਾ ਪਹਿਲੂ ਇਹ ਰਿਹਾ ਕਿ ਟੀਮ ਦੇ ਸਾਰੇ ਖਿਡਾਰੀ ਕੇਸਾਧਾਰੀ ਸਨ। ਉਨ੍ਹਾਂ ਨੇ ਖੇਡ ਦੇ ਮੈਦਾਨ ਵਿਚ ਆਪਣੀ ਪ੍ਰਤਿਭਾ ਦੇ ਨਾਲ-ਨਾਲ ਆਪਣੇ ਅਨੁਸ਼ਾਸਨ ਅਤੇ ਸਿੱਖੀ ਸਰੂਪ ਰਾਹੀਂ ਵੀ ਵਿਸ਼ੇਸ਼ ਪ੍ਰਭਾਵ ਛੱਡਿਆ। ਦੂਜੇ ਜ਼ਿਲ੍ਹਿਆਂ ਦੇ ਖਿਡਾਰੀਆਂ ਅਤੇ ਪ੍ਰਬੰਧਕਾਂ ਵੱਲੋਂ ਵੀ ਉਨ੍ਹਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਸਕੂਲ ਵਾਪਸੀ ਤੇ ਸਮੂਹ ਸਟਾਫ਼ ਵੱਲੋਂ ਜੇਤੂ ਖਿਡਾਰੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਖਿਡਾਰੀਆਂ ਦੀ ਲਗਨ ਅਤੇ ਸਮਰਪਣ ਦੀ ਸ਼ਲਾਘਾ ਕੀਤੀ। ਇਸ ਮੌਕੇ ਡੀਪੀਈ ਸ਼ਮਸ਼ੇਰ ਸਿੰਘ ਅਤੇ ਕੋਚ ਆਕਾਸ਼ਦੀਪ ਸਿੰਘ ਨੇ ਵੀ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ। ਅੰਤ ਵਿਚ ਸਮੂਹ ਸਕੂਲ ਸਟਾਫ਼ ਨੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।