ਗੁਰੂ ਕਾਸ਼ੀ ਯੂਨੀਵਰਸਿਟੀ ਨੇ ਮਨਾਇਆ ਰੈਗਿੰਗ ਵਿਰੁੱਧ ਜਾਗਰੂਕਤਾ ਹਫ਼ਤਾ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਮਨਾਇਆ ਰੈਗਿੰਗ ਵਿਰੁੱਧ ਜਾਗਰੂਕਤਾ ਹਫ਼ਤਾ
Publish Date: Thu, 20 Aug 2026 06:37 PM (IST)
Updated Date: Fri, 21 Aug 2026 04:06 AM (IST)
ਫੋਟੋ : 34 ਕੈਪਸਨ : ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ‘ਰੈਗਿੰਗ ਵਿਰੁੱਧ ਜਾਗਰੂਕਤਾ ਸਪਤਾਹ’ ਦੌਰਾਨ ਪ੍ਰੋ. ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ, ਅਧਿਕਾਰੀਆਂ ਅਤੇ ਵਿਦਿਆਰਥੀਆਂ ਨਾਲ। ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ : ਭਾਰਤ ਸਰਕਾਰ ਦੇ ਮਨੁੱਖੀ ਸਰੋਤ ਮੰਤਰਾਲੇ, ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਅਤੇ ਉੱਚ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟਰ ਵਿਦਿਆਰਥੀ ਭਲਾਈ ਵਿਭਾਗ ਵੱਲੋਂ ‘ਰੈਗਿੰਗ ਵਿਰੁੱਧ ਜਾਗਰੂਕਤਾ ਸਪਤਾਹ’ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਰੈਗਿੰਗ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਸੁਰੱਖਿਅਤ, ਸਤਿਕਾਰਯੋਗ ਤੇ ਰੈਗਿੰਗ ਮੁਕਤ ਕੈਂਪਸ ਲਈ ਯੂਨੀਵਰਸਿਟੀ ਦੀ ਵਚਨਬੱਧਤਾ ਦੁਹਰਾਈ ਗਈ। ਉਦਘਾਟਨ ਤੇ ਸਮਾਪਤੀ ਸਮਾਗਮ ਮੌਕੇ ਪ੍ਰੋ. ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ ਨੇ ਕਿਹਾ ਕਿ ਰੈਗਿੰਗ ਵਿਦਿਆਰਥੀਆਂ ਦੀ ਮਨੋਵਿਗਿਆਨਿਕ ਤੰਦਰੁਸਤੀ, ਆਤਮ-ਵਿਸ਼ਵਾਸ ਤੇ ਅਕਾਦਮਿਕ ਪ੍ਰਦਰਸ਼ਨ ’ਤੇ ਮਾੜਾ ਪ੍ਰਭਾਵ ਪਾਉਂਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਸੀ ਭਾਈਚਾਰੇ, ਸਹਿਯੋਗ ਅਤੇ ਤਾਲਮੇਲ ਵਾਲਾ ਮਾਹੌਲ ਸਿਰਜਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੇ ਪ੍ਰਭਾਵਸ਼ਾਲੀ ਉਪਰਾਲਿਆਂ ਕਾਰਨ ਪਿਛਲੇ ਸਾਲਾਂ ਦੌਰਾਨ ਰੈਗਿੰਗ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ ਅਤੇ ਡਾਇਰੈਕਟਰ ਸੁਰੱਖਿਆ ਦੇਸ ਰਾਜ ਕੰਬੋਜ ਨੇ ਜਾਗਰੂਕਤਾ ਹਫ਼ਤੇ ਦੇ ਉਦੇਸ਼ਾਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਰੈਗਿੰਗ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਗਈ ਹੈ। ਇਸ ਮੌਕੇ ਡਾ. ਕੰਵਲਜੀਤ ਕੌਰ ਦੇ ਨਿਰਦੇਸ਼ਨ ਹੇਠ ਰੈਗਿੰਗ ਦੇ ਸਮਾਜਿਕ, ਸਰੀਰਕ ਅਤੇ ਮਨੋਵਿਗਿਆਨਿਕ ਪ੍ਰਭਾਵ ਦਰਸਾਉਂਦਾ ਨੁੱਕੜ ਨਾਟਕ ‘ਅਦ੍ਰਿਸ਼ ਬੇੜੀਆਂ’ ਪੇਸ਼ ਕੀਤਾ ਗਿਆ। ਰੈਗਿੰਗ ਵਿਰੋਧੀ ਲੇਖ ਤੇ ਸਲੋਗਨ ਮੁਕਾਬਲੇ ਵੀ ਕਰਵਾਏ ਗਏ ਤੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਜਾਗਰੂਕਤਾ ਲਘੂ ਫ਼ਿਲਮ ਵੀ ਦਿਖਾਈ ਗਈ। ਯੂਨੀਵਰਸਿਟੀ ਪ੍ਰਬੰਧਨ ਨੇ ਸਫਲ ਆਯੋਜਨ ਲਈ ਸਮੂਹ ਅਧਿਕਾਰੀਆਂ ਅਤੇ ਸਟਾਫ਼ ਦੇ ਯੋਗਦਾਨ ਦੀ ਸ਼ਲਾਘਾ ਕੀਤੀ।