ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਭਰਵਾਂ ਸੁਆਗਤ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਭਰਵਾਂ ਸੁਆਗਤ
Publish Date: Tue, 25 Aug 2026 07:38 PM (IST)
Updated Date: Wed, 26 Aug 2026 04:05 AM (IST)
ਫੋਟੋ : 26 ਕੈਪ਼ਸਨ : ਮੀਰੀ-ਪੀਰੀ ਖ਼ਾਲਸਾ ਮਾਰਚ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਨਮਾਨ ਚਿੰਨ੍ਹ ਭੇਟ ਕਰਦੀ ਹੋਈ ਸੰਗਤ। * ਯੂਨੀਵਰਸਿਟੀ ਦੀ ਸੰਗਤ ਨੇ ਗੁਰੂ ਸਾਹਿਬ ਦੇ ਚਰਨਾਂ ’ਚ ਮੱਥਾ ਟੇਕਿਆ ਤੇ ਠੰਢੇ-ਮਿੱਠੇ ਜਲ ਦੀ ਛਬੀਲ ਲਾਈ * ਜੱਥੇਦਾਰ ਗੜਗੱਜ ਨੇ ਵਿਦਿਆਰਥੀਆਂ ਨੂੰ ਨਸ਼ਾਮੁਕਤ ਰਹਿ ਕੇ ਨਰੋਏ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਆ ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ : ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੀ ਸਮੂਹ ਪ੍ਰਬੰਧਨ ਕਮੇਟੀ, ਵਾਈਸ ਚਾਂਸਲਰ, ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਖ਼ਾਲਸਾ ਮਾਰਚ ਦੀ ਸੰਗਤ ਦਾ ਫੁੱਲਾਂ ਦੀ ਵੱਰਖਾ ਨਾਲ ਸ਼ਰਧਾਪੂਰਵਕ ਸੁਆਗਤ ਕੀਤਾ ਗਿਆ। ਆਗਮਨ ਮੌਕੇ ਯੂਨੀਵਰਸਿਟੀ ਦੀ ਸੰਗਤ ਵੱਲੋਂ ਗੁਰੂ ਸਾਹਿਬ ਦੇ ਚਰਨਾਂ ’ਚ ਮੱਥਾ ਟੇਕਿਆ ਗਿਆ ਤੇ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਗਿਆਨੀ ਗੁਰਜੰਟ ਸਿੰਘ, ਮੈਨੇਜਰ ਨਰਿੰਦਰਜੀਤ ਸਿੰਘ ਤੇ ਇਲਾਕੇ ਦੀ ਸੰਗਤ ਹਾਜ਼ਰ ਰਹੀ। ਇਸ ਮੌਕੇ ਯੂਨੀਵਰਸਿਟੀ ਪ੍ਰਬੰਧਕਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਦਮਦਮਾ ਸਾਹਿਬ ਦੇ ਜੱਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜੱਥੇਦਾਰ ਗੜਗੱਜ ਨੇ ਵਿਦਿਆਰਥੀਆਂ ਨੂੰ ਨਸ਼ੇ ਤੋਂ ਮੁਕਤ ਰਹਿ ਕੇ ਨਰੋਏ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰਬਾਣੀ ਤੇ ਬਾਣੀ ਦੇ ਧਾਰਨੀ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਦੇ ਵਿਚਾਰ ਸਾਂਝੇ ਕੀਤੇ। ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਯੂਨੀਵਰਸਿਟੀ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦਮਦਮਾ ਸਾਹਿਬ ਦੀ ਧਰਤੀ ਨੂੰ ਗੁਰੂ ਦੀ ਕਾਸ਼ੀ ਬਣਾਉਣ ’ਚ ਯੂਨੀਵਰਸਿਟੀ ਪ੍ਰਬੰਧਕਾਂ ਦਾ ਵਿਸ਼ੇਸ ਯੋਗਦਾਨ ਹੈ। ਇਸ ਮੌਕੇ ਆਪਣੇ ਸੰਬੋਧਨ ’ਚ ਵਾਈਸ ਚਾਂਸਲਰ ਡਾ. ਬਲਰਾਜ ਸਿੰਘ ਨੇ ਸਭਨਾਂ ਨੂੰ ਗੁਰੂ ਸਾਹਿਬ ਵੱਲੋਂ ਸਰਬੱਤ ਦੇ ਭਲੇ ਤੇ ਸਾਂਝੀ ਵਾਲਤਾ ਦੇ ਸੰਦੇਸ਼ ਬਾਰੇ ਯਤਨਸ਼ੀਲ ਹੋਣ ਦੀ ਗੱਲ ਕੀਤੀ। ਉਨ੍ਹਾਂ ਸਭਨਾਂ ਨੂੰ ਲੋੜਵੰਦਾਂ ਤੇ ਬੇਸਹਾਰਿਆਂ ਦੀ ਮਦਦ ਕਰਨ ਲਈ ਵੀ ਕਿਹਾ। ’ਵਰਸਿਟੀ ਵੱਲੋਂ ਖ਼ਾਲਸਾ ਮਾਰਚ ਦਾ ਸੁਆਗਤ ਕਰਦੇ ਹੋਏ ਡਾ. ਗੁਰਜੀਤ ਸਿੰਘ ਖ਼ਾਲਸਾ, ਮੁੱਖੀ ਧਰਮ ਅਧਿਐਨ ਵਿਭਾਗ ਨੇ ਸਮੂਹ ਸੰਗਤ ਨੂੰ ਗੁਰੂਆਂ ਵੱਲੋਂ ਵਿਖਾਏ ਰਸਤੇ ’ਤੇ ਚੱਲਣ, ਮਨੁੱਖੀ ਤੇ ਮਰਿਯਾਦਾ ਅਨੁਸਾਰ ਜੀਵਨ ਤੋਰਨ ਲਈ ਪ੍ਰੇਰਿਤ ਕੀਤਾ।