ਬਠਿੰਡਾ ਕਾਲਜ ਆਫ਼ ਲਾਅ ਵਿਖੇ ਹਿੰਦੀ ਦਿਵਸ ਮਨਾਇਆ ਗਿਆ ਬਠਿੰਡਾ ਕਾਲਜ ਆਫ਼ ਲਾਅ ਵਿਖੇ ਹਿੰਦੀ ਦਿਵਸ ਮਨਾਇਆ ਗਿਆ
Publish Date: Mon, 14 Sep 2026 05:02 PM (IST)
Updated Date: Mon, 14 Sep 2026 05:05 PM (IST)
ਸੀਨੀਅਰ ਰਿਪੋਰਟਰ ਬਠਿੰਡਾ, ਬਠਿੰਡਾ ਕਾਲਜ ਆਫ਼ ਲਾਅ ਵਿਖੇ 14 ਸਤੰਬਰ ਨੂੰ ਹਿੰਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਹਿੰਦੀ ਭਾਸ਼ਾ ਅਤੇ ਸਾਹਿਤ ਪ੍ਰਤੀ ਰੁਚੀ ਤੇ ਸਨਮਾਨ ਪੈਦਾ ਕਰਨਾ ਸੀ। ਇਸ ਮੌਕੇ ਹਿੰਦੀ ਕਵਿਤਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀਆਂ ਰਚਨਾਵਾਂ ਰਾਹੀਂ ਵਿਚਾਰਾਂ ਅਤੇ ਭਾਵਨਾਵਾਂ ਨੂੰ ਰਚਨਾਤਮਕ ਢੰਗ ਨਾਲ ਪੇਸ਼ ਕੀਤਾ। ਪ੍ਰੋਗਰਾਮ ਦੀ ਇੰਚਾਰਜ ਅਸਿਸਟੈਂਟ ਪ੍ਰੋਫੈਸਰ ਪ੍ਰੇਰਣਾ ਗਰਗ ਨੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਦਿਆਂ ਉਨ੍ਹਾਂ ਨੂੰ ਸਰਗਰਮੀ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਕਾਲਜ ਦੀ ਪ੍ਰਿੰਸੀਪਲ ਮੈਡਮ ਸਵਿਤਾ ਨੇ ਵਿਦਿਆਰਥੀਆਂ ਦੀ ਭਾਗੀਦਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਸ਼ਾ ਸਿਰਫ਼ ਵਿਚਾਰ ਪ੍ਰਗਟ ਕਰਨ ਦਾ ਸਾਧਨ ਨਹੀਂ, ਸਗੋਂ ਸੱਭਿਆਚਾਰ ਅਤੇ ਕਦਰਾਂ-ਕੀਮਤਾਂ ਨਾਲ ਵੀ ਜੁੜੀ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਹਿੰਦੀ ਪੜ੍ਹਨ, ਲਿਖਣ ਅਤੇ ਸਾਹਿਤਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਕਾਲਜ ਦੇ ਚੇਅਰਮੈਨ ਐਡਵੋਕੇਟ ਮੋਹਨ ਲਾਲ ਗਰਗ ਨੇ ਕਿਹਾ ਕਿ ਭਾਸ਼ਾ ਸਾਡੀ ਸੱਭਿਆਚਾਰਕ ਵਿਰਾਸਤ, ਸੰਸਕਾਰਾਂ, ਵਿਚਾਰਾਂ ਅਤੇ ਪਹਿਚਾਣ ਦੀ ਵਾਹਕ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ’ਤੇ ਮਾਣ ਕਰਨ ਅਤੇ ਇਸ ਨੂੰ ਆਪਣੇ ਵਿਦਿਅਕ, ਸਮਾਜਿਕ ਤੇ ਪੇਸ਼ੇਵਰ ਜੀਵਨ ਵਿੱਚ ਵਿਸ਼ਵਾਸ ਨਾਲ ਵਰਤਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਭਾਸ਼ਾ ਅਤੇ ਸੱਭਿਆਚਾਰ ਦੀ ਵਿਰਾਸਤ ਨੂੰ ਆਧੁਨਿਕ ਗਿਆਨ ਨਾਲ ਜੋੜ ਕੇ ਅੱਗੇ ਲੈ ਕੇ ਜਾਵੇ। ਅੰਤ ਵਿਚ ਕਾਲਜ ਪ੍ਰਬੰਧਨ ਵੱਲੋਂ ਵਿਦਿਆਰਥੀਆਂ ਅਤੇ ਪ੍ਰੋਗਰਾਮ ਇੰਚਾਰਜ ਦੇ ਯਤਨਾਂ ਦੀ ਸ਼ਲਾਘਾ ਕੀਤੀ ਗਈ।