100 ਫੀਸਦੀ ਰਾਸ਼ਨ ਕਾਰਡ ਵੈਰੀਫਿਕੇਸ਼ਨ ਕਰਨ ਵਾਲੀਆਂ 38 ਆਂਗਣਵਾੜੀ ਵਰਕਰਾਂ ਦਾ ਸਨਮਾਨ 100 ਫੀਸਦੀ ਰਾਸ਼ਨ ਕਾਰਡ ਵੈਰੀਫਿਕੇਸ਼ਨ ਕਰਨ ਵਾਲੀਆਂ 38 ਆਂਗਣਵਾੜੀ ਵਰਕਰਾਂ ਦਾ ਸਨਮਾਨ
Publish Date: Thu, 24 Sep 2026 05:56 PM (IST)
Updated Date: Fri, 25 Sep 2026 04:06 AM (IST)
ਫੋਟੋ : 28 ਕੈਪ਼ਸਨ : 100 ਫੀਸਦੀ ਰਾਸ਼ਨ ਕਾਰਡ ਵੈਰੀਫਿਕੇਸ਼ਨ ਦਾ ਕੰਮ ਸਮੇਂ ਤੋਂ ਪਹਿਲਾਂ ਮੁਕੰਮਲ ਕਰਨ ਵਾਲੀ ਆਂਗਣਵਾੜੀ ਵਰਕਰ ਨੂੰ ਸਨਮਾਨਿਤ ਕਰਦੇ ਹੋਏ ਅਧਿਕਾਰੀ। ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ : ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ ਨਿਵੇਕਲੀ ਪਹਿਲ ਕਰਦਿਆਂ ਨਵੇਂ ਬਣੇ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਦਾ ਕੰਮ 100 ਫੀਸਦੀ ਤੇ ਸਮੇਂ ਤੋਂ ਪਹਿਲਾਂ ਮੁਕੰਮਲ ਕਰਨ ਵਾਲੀਆਂ 38 ਆਂਗਣਵਾੜੀ ਵਰਕਰਾਂ ਨੂੰ ਵਿਸ਼ੇਸ਼ ਸਨਮਾਨ ਰਾਸ਼ੀ ਵਜੋਂ ਕੁੱਲ 38 ਹਜ਼ਾਰ ਰੁਪਏ ਦੇ ਚੈੱਕ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡੀਸੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਰਾਸ਼ਨ ਕਾਰਡ ਬਣਾਉਣ ਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਆਨਲਾਈਨ ਅਰਜ਼ੀਆਂ ਪ੍ਰਾਪਤ ਕੀਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿੱਚ ਕੁੱਲ 87,742 ਬਿਨੈਕਾਰਾਂ ਵੱਲੋਂ ਅਪਲਾਈ ਕੀਤਾ ਗਿਆ ਹੈ ਅਤੇ ਇਨ੍ਹਾਂ ਦੀ ਵੈਰੀਫਿਕੇਸ਼ਨ ਦਾ ਕੰਮ 30 ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵੈਰੀਫਿਕੇਸ਼ਨ ਲਈ ਵੱਖ-ਵੱਖ ਵਿਭਾਗਾਂ ਦੇ ਕਲੈਰੀਕਲ ਸਟਾਫ ਤੋਂ ਇਲਾਵਾ ਪਿੰਡਾਂ ਵਿੱਚ ਮੁਢਲੇ ਤੌਰ ’ਤੇ ਆਂਗਣਵਾੜੀ ਵਰਕਰਾਂ ਦੀਆਂ ਸੇਵਾਵਾਂ ਲਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੋਰਨਾਂ ਕੰਮਾਂ ਵਿੱਚ ਰੁੱਝੇ ਹੋਣ ਦੇ ਬਾਵਜੂਦ ਜਿਨ੍ਹਾਂ ਆਂਗਣਵਾੜੀ ਵਰਕਰਾਂ ਨੇ ਆਪਣਾ ਕੰਮ ਤਨਦੇਹੀ ਨਾਲ 100 ਫੀਸਦੀ ਤੇ ਨਿਰਧਾਰਤ ਸਮੇਂ ਤੋਂ ਪਹਿਲਾਂ ਪੂਰਾ ਕੀਤਾ, ਉਨ੍ਹਾਂ ਦੀ ਹੌਸਲਾ ਅਫਜ਼ਾਈ ਲਈ ਇਹ ਸਨਮਾਨ ਕੀਤਾ ਗਿਆ ਹੈ। ਉਨ੍ਹਾਂ ਆਂਗਣਵਾੜੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿੱਚ ਇਨ੍ਹਾਂ ਵਰਕਰਾਂ ਦੀ ਅਹਿਮ ਭੂਮਿਕਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਕੰਚਨ, ਜ਼ਿਲ੍ਹਾ ਕੰਟਰੋਲਰ ਖੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਗੁਰਤਾਰ ਸਿੰਘ, ਡੀ.ਐੱਸ.ਐੱਸ.ਓ. ਹਰਸ਼ਿਤ ਮਹਿਤਾ ਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਪੰਕਜ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।