ਪਿੰਡ ਦੁੱਲੇਵਾਲਾ ਵਿਖੇ ਸੈਂਕੜੇ ਨੌਜਵਾਨ ਤੇ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ’ਚ ਸ਼ਾਮਲ
ਪਿੰਡ ਦੁੱਲੇਵਾਲਾ ਵਿਖੇ ਸੈਂਕੜੇ ਨੌਜਵਾਨ ਤੇ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ’ਚ ਸ਼ਾਮਲ
Publish Date: Sun, 11 Oct 2026 04:40 PM (IST)
Updated Date: Sun, 11 Oct 2026 04:41 PM (IST)
ਸੰਜੀਵ ਸਿੰਗਲਾ, ਪੰਜਾਬੀ ਜਾਗਰਣ ਭਾਈ ਰੂਪਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਦੁੱਲੇਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਤੇ ਹਲਕੇ ਦੇ ਇੰਚਾਰਜ ਗਿੱਲ ਰੌਂਤਾ (ਗੁਰਵਿੰਦਰ ਸਿੰਘ ਗਿੱਲ ਰੌਂਤਾ) ਦੀ ਅਗਵਾਈ ਹੇਠ ਇਕ ਵੱਡਾ ਸਿਆਸੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਾਰਟੀ ਵੱਲੋਂ ਦਾਅਵਾ ਕੀਤਾ ਗਿਆ ਕਿ ਪਿੰਡ ਦੇ ਸੈਂਕੜੇ ਨੌਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੇ ਰਵਾਇਤੀ ਸਿਆਸੀ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਗਿੱਲ ਰੌਂਤਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਪੰਜਾਬ, ਪੰਜਾਬੀਅਤ ਅਤੇ ਨੌਜਵਾਨਾਂ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਕ ਮਜ਼ਬੂਤ ਖੇਤਰੀ ਰਾਜਸੀ ਧਿਰ ਦੀ ਲੋੜ ਹੈ ਤੇ ਪਾਰਟੀ ਦਾ ਏਜੰਡਾ ਪੰਥ, ਪੰਜਾਬ ਅਤੇ ਪੰਜਾਬੀਅਤ ਨਾਲ ਜੁੜਿਆ ਹੋਇਆ ਹੈ। ਗਿੱਲ ਰੌਂਤਾ ਮੋਗਾ ਜ਼ਿਲ੍ਹੇ ਦੇ ਪਿੰਡ ਰੌਂਤਾ ਨਾਲ ਸਬੰਧਤ ਹਨ ਅਤੇ ਪੰਜਾਬੀ ਸੰਗੀਤ ਤੇ ਫ਼ਿਲਮ ਉਦਯੋਗ ਵਿੱਚ ਗੀਤਕਾਰ ਅਤੇ ਲੇਖਕ ਵਜੋਂ ਜਾਣੇ ਜਾਂਦੇ ਹਨ। ਉਹ ਹਾਲ ਹੀ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਏ ਸਨ ਅਤੇ ਪਾਰਟੀ ਵੱਲੋਂ ਉਨ੍ਹਾਂ ਨੂੰ ਰਾਮਪੁਰਾ ਫੂਲ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।