ਜੇਕਰ ‘ਆਪ’ ’ਚ ਦਮ ਹੈ ਤਾਂ ਮੈਦਾਨ ’ਚ ਆ ਕੇ ਚੋਣ ਲੜੋ, ਧੱਕੇ ਨਾਲ ਕਾਗਜ਼ ਰੱਦ ਨਾ ਕਰਵਾਓ : ਸਿਕੰਦਰ ਸਿੰਘ ਮਲੂਕਾ, ਨਾਮਜ਼ਦਗੀ ਪੱਤਰ ਰੱਦ ਕਰਨ ਦੀ ਕੋਸ਼ਿਸ਼ ਦੇ ਲਗਾਏ ਦੋਸ਼, ਨਗਰ ਪੰਚਾਇਤ ਦਫ਼ਤਰ ਅੱਗੇ ਧਰਨਾ
ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਅਜੇ ਤੱਕ ਨਾਮਜ਼ਦਗੀਆਂ ਸਬੰਧੀ ਕੋਈ ਸਪਸ਼ਟ ਜਾਣਕਾਰੀ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਲੋਕਤੰਤਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ
Publish Date: Mon, 18 May 2026 07:10 PM (IST)
Updated Date: Mon, 18 May 2026 07:12 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ ਮਲੂਕਾ ਨਗਰ ਪੰਚਾਇਤ ਚੋਣਾਂ ਦੌਰਾਨ ਸ੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਿਚਕਾਰ ਸਿਆਸੀ ਤਣਾਅ ਵਧਦਾ ਨਜ਼ਰ ਆ ਰਿਹਾ ਹੈ। ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਾਜ਼ਿਸ਼ ਤਹਿਤ ਧੱਕੇ ਨਾਲ ਰੱਦ ਕਰਨ ਦੀ ਕੋਸ਼ਿਸ਼ ਦੇ ਦੋਸ਼ ਲਗਾਉਂਦਿਆਂ ਨਗਰ ਪੰਚਾਇਤ ਮਲੂਕਾ ਦੇ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ।
ਇਸ ਧਰਨੇ ਦੀ ਅਗਵਾਈ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕੀਤੀ। ਧਰਨੇ ਦੌਰਾਨ ਅਕਾਲੀ ਵਰਕਰਾਂ ਅਤੇ ਆਗੂਆਂ ਵੱਲੋਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨੇ ’ਤੇ ਬੈਠੇ ਆਗੂਆਂ ਦਾ ਦੋਸ਼ ਸੀ ਕਿ ਪ੍ਰਸ਼ਾਸਨ ਵੱਲੋਂ ਜਾਣਬੁੱਝ ਕੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਅਜੇ ਤੱਕ ਨਾਮਜ਼ਦਗੀਆਂ ਸਬੰਧੀ ਕੋਈ ਸਪਸ਼ਟ ਜਾਣਕਾਰੀ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਲੋਕਤੰਤਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਚੋਣ ਮੈਦਾਨ ਤੋਂ ਬਾਹਰ ਕਰਨ ਲਈ ਗਲਤ ਤਰੀਕੇ ਵਰਤੇ ਜਾ ਰਹੇ ਹਨ।
ਸਾਬਕਾ ਮੰਤਰੀ ਮਲੂਕਾ ਨੇ ਕਿਹਾ, “ਜੇਕਰ ਆਮ ਆਦਮੀ ਪਾਰਟੀ ਵਿੱਚ ਦਮ ਹੈ ਤਾਂ ਉਹ ਮੈਦਾਨ ਵਿੱਚ ਆ ਕੇ ਚੋਣ ਲੜੇ, ਨਾ ਕਿ ਵਿਰੋਧੀਆਂ ਦੇ ਕਾਗਜ਼ ਧੱਕੇ ਨਾਲ ਰੱਦ ਕਰਵਾਏ।” ਉਨ੍ਹਾਂ ਕਿਹਾ ਕਿ ਅਕਾਲੀ ਦਲ ਲੋਕਤੰਤਰ ਦੀ ਰੱਖਿਆ ਲਈ ਹਰ ਪੱਧਰ ’ਤੇ ਸੰਘਰਸ਼ ਕਰੇਗਾ ਅਤੇ ਕਿਸੇ ਵੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਧਰਨੇ ਦੌਰਾਨ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਵਰਕਰ ਅਤੇ ਸਮਰਥਕ ਮੌਜੂਦ ਰਹੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਵੱਲੋਂ ਨਿਰਪੱਖਤਾ ਨਾਲ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।