26 ਨਵੰਬਰ ਦੀ ਮੋਗਾ ਰੈਲੀ ਲਈ ਲੋਕਾਂ ’ਚ ਭਾਰੀ ਉਤਸ਼ਾਹ : ਭੱਲਾ 26 ਨਵੰਬਰ ਦੀ ਮੋਗਾ ਰੈਲੀ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ : ਭੱਲਾ
Publish Date: Fri, 20 Nov 2026 03:53 PM (IST)
Updated Date: Fri, 20 Nov 2026 03:55 PM (IST)
ਸੰਜੀਵ ਸਿੰਗਲਾ, ਪੰਜਾਬੀ ਜਾਗਰਣ ਭਾਈ ਰੂਪਾ : ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਪੰਜਾਬ ਖੁਸ਼ਹਾਲ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰੈਲੀ ’ਚ ਵੱਡੀ ਗਿਣਤੀ ਵਿੱਚ ਲੋਕਾਂ ਅਤੇ ਵਲੰਟੀਅਰਾਂ ਦੀ ਸ਼ਮੂਲੀਅਤ ਹੋਵੇਗੀ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਭਾਈ ਰੂਪਾ ਵਿਖੇ ਇੱਕ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਦੌਰਾਨ 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਰੈਲੀ ਵਿੱਚ ਲਿਜਾਣ ਲਈ ਰਣਨੀਤੀ ਤਿਆਰ ਕੀਤੀ ਗਈ। ਭੱਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਹੋਣ ਵਾਲੀ ਇਹ ਰੈਲੀ ਪੰਜਾਬ ਦੀ ਸਿਆਸਤ ਵਿੱਚ ਅਹਿਮ ਸਥਾਨ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਵਲੰਟੀਅਰਾਂ ਵੱਲੋਂ ਰੈਲੀ ਨੂੰ ਸਫਲ ਬਣਾਉਣ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਸਿੱਖਿਆ, ਸਿਹਤ, ਬਿਜਲੀ ਅਤੇ ਹੋਰ ਖੇਤਰਾਂ ਵਿੱਚ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਵੀ ਇਸ ਰੈਲੀ ਦਾ ਅਹਿਮ ਉਦੇਸ਼ ਹੋਵੇਗਾ। ਰੈਲੀ ਸਬੰਧੀ ਪਾਰਟੀ ਦੇ ਹਰ ਵਰਕਰ ਵਿੱਚ ਉਤਸ਼ਾਹ ਹੈ ਅਤੇ ਵਲੰਟੀਅਰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਸਰਗਰਮ ਹਨ। ਉਨ੍ਹਾਂ ਸਮੂਹ ਪਾਰਟੀ ਆਗੂਆਂ, ਵਲੰਟੀਅਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਪੰਜਾਬ ਖੁਸ਼ਹਾਲ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਅਤੇ ਰੈਲੀ ਦੀਆਂ ਤਿਆਰੀਆਂ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਕੈਪਟਨ ਕੁਲਵੰਤ ਸਿੰਘ, ਗੁਰਤੇਜ ਸਿੰਘ, ਗੁਰਸੇਵਕ ਸਿੰਘ, ਰਾਹੁਲ ਗਰਗ, ਗੁਰਦਿੱਤ ਸਿੰਘ, ਕੁਲਦੀਪ ਮੰਗਾ, ਕਸ਼ਮੀਰ ਸਿੰਘ, ਜਸਪ੍ਰੀਤ ਸਿੰਘ, ਜਸਬੀਰ ਸਿੰਘ (ਸਾਰੇ ਕੌਂਸਲਰ), ਦੇਵਰਾਜ, ਗੁੱਡੂ ਸਿੰਘ, ਅਰਵਿੰਦਰ ਸਿੰਘ ਸਧਾਣਾ, ਰਾਜਪਾਲ ਸਿੰਘ ਚੇਅਰਮੈਨ ਅਤੇ ਨਗਰ ਪੰਚਾਇਤ ਦੇ ਪ੍ਰਧਾਨ ਹਰਦੀਪ ਸਿੰਘ ਹਾਜ਼ਰ ਸਨ।