ਪੋਟਾਸ਼ ਖਾਦ ਦੀਆਂ ਕੀਮਤਾਂ ’ਚ 800 ਰੁਪਏ ਪ੍ਰਤੀ ਕੁਇੰਟਲ ਵਾਧਾ ਪੋਟਾਸ਼ ਖਾਦ ਦੀਆਂ ਕੀਮਤਾਂ ਵਿੱਚ 800 ਰੁਪਏ ਪ੍ਰਤੀ ਕੁਇੰਟਲ ਵਾਧਾ
Publish Date: Wed, 23 Sep 2026 04:06 PM (IST)
Updated Date: Wed, 23 Sep 2026 04:09 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਖਾਦ ਕੰਪਨੀਆਂ ਵੱਲੋਂ ਕਿਸਾਨਾਂ ਨੂੰ ਇਕ ਹੋਰ ਆਰਥਿਕ ਝਟਕਾ ਦਿੰਦਿਆਂ ਪੋਟਾਸ਼ ਖਾਦ ਦੀਆਂ ਕੀਮਤਾਂ ਵਿਚ 800 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕਰੀਬ ਇਕ ਮਹੀਨਾ ਪਹਿਲਾਂ ਐੱਨਪੀਕੇ ਖਾਦ ਦੇ ਭਾਅ ਵਿੱਚ ਵੀ 1100 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਸੀ। ਖਾਦਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਚਿੰਤਾ ਪ੍ਰਗਟ ਕੀਤੀ ਜਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਨੇ ਪੋਟਾਸ਼ ਖਾਦ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਦੀ ਸਖ਼ਤ ਨਿਖੇਧੀ ਕੀਤੀ ਹੈ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾ ਨੇ ਖਾਦ ਦੀਆਂ ਵਧੀਆਂ ਕੀਮਤਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੀਬ ਇਕ ਮਹੀਨਾ ਪਹਿਲਾਂ ਖਾਦ ਕੰਪਨੀਆਂ ਵੱਲੋਂ ਐੱਨਪੀਕੇ ਖਾਦ ਗਰੇਡ 12:32:16 ਦੀ ਕੀਮਤ ਵਿਚ 1100 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਸੀ। ਹੁਣ ਪੋਟਾਸ਼ ਖਾਦ ਦੇ ਭਾਅ ਵਿੱਚ ਵੀ 800 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰ ਦਿੱਤਾ ਗਿਆ ਹੈ। ਰਾਮਾ ਅਨੁਸਾਰ ਪੋਟਾਸ਼ ਖਾਦ ਦਾ 50 ਕਿਲੋਗ੍ਰਾਮ ਦਾ ਗੱਟਾ ਸਤੰਬਰ 2025 ਵਿਚ 1800 ਰੁਪਏ ਵਿਚ ਮਿਲਦਾ ਸੀ, ਜਦਕਿ ਹੁਣ ਇਸ ਦੀ ਕੀਮਤ ਵਧਾ ਕੇ 2200 ਰੁਪਏ ਪ੍ਰਤੀ ਗੱਟਾ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਖਾਦ ਦੀਆਂ ਕੀਮਤਾਂ ਵਿਚ ਇਹ ਵਾਧਾ ਅਜਿਹੇ ਸਮੇਂ ਕੀਤਾ ਗਿਆ ਹੈ ਜਦੋਂ ਕਿਸਾਨ ਪਹਿਲਾਂ ਹੀ ਖੇਤੀਬਾੜੀ ਦੀਆਂ ਵਧ ਰਹੀਆਂ ਲਾਗਤਾਂ ਕਾਰਨ ਆਰਥਿਕ ਦਬਾਅ ਹੇਠ ਹਨ। ਕਿਸਾਨ ਆਗੂ ਨੇ ਕਿਹਾ ਕਿ ਡੀਜ਼ਲ ਅਤੇ ਹੋਰ ਖੇਤੀ ਲਾਗਤਾਂ ਵਿਚ ਵਾਧੇ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੀ ਲਾਗਤ ਪਹਿਲਾਂ ਹੀ ਕਾਫ਼ੀ ਵਧ ਚੁੱਕੀ ਹੈ। ਹੁਣ ਖਾਦਾਂ ਦੇ ਭਾਅ ਲਗਾਤਾਰ ਵਧਣ ਕਾਰਨ ਕਿਸਾਨਾਂ ਨੂੰ ਹੋਰ ਆਰਥਿਕ ਬੋਝ ਝੱਲਣਾ ਪਵੇਗਾ। ਉਨ੍ਹਾਂ ਕਿਹਾ ਕਿ ਇੱਕ ਪਾਸੇ ਖੇਤੀ ਲਾਗਤ ਵਧ ਰਹੀ ਹੈ ਤੇ ਦੂਜੇ ਪਾਸੇ ਕਿਸਾਨਾਂ ਨੂੰ ਫ਼ਸਲਾਂ ਦਾ ਉਚਿਤ ਮੁੱਲ ਹਾਸਲ ਕਰਨ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿੱਚ ਕਿਸਾਨਾਂ ਵੱਲੋਂ ਸਾਲਾਨਾ ਕਰੀਬ 40 ਲੱਖ ਟਨ ਪੋਟਾਸ਼ ਖਾਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਲਈ ਕੀਮਤਾਂ ਵਿਚ ਵਾਧੇ ਦਾ ਸਿੱਧਾ ਅਸਰ ਵੱਡੀ ਗਿਣਤੀ ਵਿੱਚ ਕਿਸਾਨਾਂ ’ਤੇ ਪਵੇਗਾ। ਰਾਮਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਖਾਦਾਂ ’ਤੇ ਦਿੱਤੀ ਜਾਣ ਵਾਲੀ ਸਬਸਿਡੀ ਵਿਚ ਹੋਰ ਵਾਧਾ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਵਧੀਆਂ ਕੀਮਤਾਂ ਤੋਂ ਰਾਹਤ ਮਿਲ ਸਕੇ ਤੇ ਖੇਤੀ ਦੀ ਲਾਗਤ ਖਰਚੇ ਨੂੰ ਕਾਬੂ ਵਿੱਚ ਰੱਖਣ ਵਿਚ ਮਦਦ ਮਿਲੇ।