ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਆਜ਼ਾਦੀ ਦਿਵਸ ਸਿਲਵਰ ਓਕਸ ਸਕੂਲ ’ਚ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਆਜ਼ਾਦੀ ਦਿਵਸ
Publish Date: Sun, 16 Aug 2026 05:50 PM (IST)
Updated Date: Mon, 17 Aug 2026 04:04 AM (IST)
ਵਿਦਿਆਰਥੀਆਂ ਨੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਰਾਹੀਂ ਸੈਨਿਕਾਂ ਤੇ ਆਜ਼ਾਦੀ ਘੁਲਾਟੀਆਂ ਨੂੰ ਕੀਤਾ ਨਮਨ ਹਰਮੇਲ ਸਾਗਰ, ਪੰਜਾਬੀ ਜਾਗਰਣ ਭੁੱਚੋ ਮੰਡੀ : ਸਿਲਵਰ ਓਕਸ ਸਕੂਲ, ਰਾਮਪੁਰਾ ਰੋਡ ਵਿਖੇ 80ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸਕੂਲ ਦੀ ਡਾਇਰੈਕਟਰ ਬਰਨਿੰਦਰ ਪਾਲ ਸੇਖੋਂ ਨੇ ਤਿਰੰਗਾ ਲਹਿਰਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਉਪਰੰਤ ਰਾਸ਼ਟਰੀ ਗੀਤ ਨਾਲ ਸਮੁੱਚਾ ਮਾਹੌਲ ਦੇਸ਼ ਭਗਤੀ ਦੇ ਜਜ਼ਬੇ ਨਾਲ ਭਰ ਗਿਆ। ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਭਾਸ਼ਣ, ਕਵਿਤਾ, ਗੀਤ ਤੇ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਜਮਾਤ ਸੱਤਵੀਂ ਦੇ ਤਮਨਪ੍ਰੀਤ ਸਿੰਘ ਨੇ ਭਾਸ਼ਣ ਰਾਹੀਂ ਆਜ਼ਾਦੀ ਦਿਵਸ ਦੀ ਮਹੱਤਤਾ ਅਤੇ ਦੇਸ਼ ਪ੍ਰਤੀ ਨੌਜਵਾਨਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਵਿਚਾਰ ਸਾਂਝੇ ਕੀਤੇ। ਜਮਾਤ ਚੌਥੀ ਦੇ ਗਰਵਿਤ ਕੁਮਾਰ ਨੇ ਕਵਿਤਾ ਰਾਹੀਂ ਮਾਤ-ਭੂਮੀ ਪ੍ਰਤੀ ਪਿਆਰ ਦਾ ਪ੍ਰਗਟਾਵਾ ਕੀਤਾ। ਜਮਾਤ ਛੇਵੀਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ’ਤੇ ਜੋਸ਼ੀਲਾ ਨਾਚ ਪੇਸ਼ ਕਰਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਬਹਾਦਰ ਸੈਨਿਕਾਂ ਨੂੰ ਨਮਨ ਕੀਤਾ। ਇਸੇ ਦੌਰਾਨ ਚੌਥੀ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸੱਭਿਆਚਾਰਕ ਪੇਸ਼ਕਾਰੀ ਦਿੱਤੀ। ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੀ ਸੰਗੀਤਕ ਪੇਸ਼ਕਾਰੀ ਰਾਹੀਂ ਭਾਰਤ ਦੀ ‘ਵਿਭਿੰਨਤਾ ਵਿੱਚ ਏਕਤਾ’ ਦੀ ਝਲਕ ਪੇਸ਼ ਕੀਤੀ ਗਈ। ਇਸ ਮੌਕੇ ਡਾਇਰੈਕਟਰ ਬਰਨਿੰਦਰ ਪਾਲ ਸੇਖੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਪ੍ਰਤੀ ਪਿਆਰ ਸਿਰਫ਼ ਵੱਡੇ ਕੰਮ ਕਰਨ ਤੱਕ ਸੀਮਤ ਨਹੀਂ ਸਗੋਂ ਇਮਾਨਦਾਰੀ, ਅਨੁਸ਼ਾਸਨ, ਦੂਜਿਆਂ ਦਾ ਸਤਿਕਾਰ ਅਤੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਾ ਵੀ ਦੇਸ਼ ਸੇਵਾ ਦਾ ਹਿੱਸਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਤੇ ਗਿਆਨ ਦੀ ਸਹੀ ਵਰਤੋਂ ਕਰਦਿਆਂ ਦੇਸ਼ ਦੀ ਤਰੱਕੀ ’ਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਛਾਇਆ ਵਿਨੋਚਾ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਡਾਇਰੈਕਟਰ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਵਿੱਚ ਦੇਸ਼ ਭਗਤੀ, ਚੰਗੇ ਸੰਸਕਾਰ ਅਤੇ ਜ਼ਿੰਮੇਵਾਰੀ ਦੀ ਭਾਵਨਾ ਮਜ਼ਬੂਤ ਕਰਦੇ ਹਨ।