ਵਿਦਿਆਰਥੀਆਂ ਕੀਤਾ ਪਟਿਆਲਾ ਦੀ ਆਈਟੀ ਕੰਪਨੀ ਦਾ ਦੌਰਾ ਖ਼ਾਲਸਾ ਕਾਲਜ ਭਗਤਾ ਭਾਈਕਾ ਦੇ ਵਿਦਿਆਰਥੀਆਂ ਵੱਲੋਂ ਪਟਿਆਲਾ ਦੀ ਆਈਟੀ ਕੰਪਨੀ ਦਾ ਉਦਯੋਗਿਕ ਦੌਰਾ
Publish Date: Fri, 06 Nov 2026 06:04 PM (IST)
Updated Date: Fri, 06 Nov 2026 06:05 PM (IST)
ਖ਼ਾਲਸਾ ਕਾਲਜ ਭਗਤਾ ਭਾਈਕਾ ਦੇ ਵਿਦਿਆਰਥੀਆਂ ਨਵੀਆਂ ਤਕਨੀਕਾਂ ਬਾਰੇ ਹਾਸਲ ਕੀਤੀ ਜਾਣਕਾਰੀ ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ : ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ, ਭਗਤਾ ਭਾਈਕਾ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕੀ ਖੇਤਰ ਦੀ ਵਿਹਾਰਕ ਜਾਣਕਾਰੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਯੋਗ ਅਗਵਾਈ ਹੇਠ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਸੋਲੀਟੇਅਰ ਇਨਫੋਸਿਸ ਪ੍ਰਾਈਵੇਟ ਲਿਮਟਿਡ, ਪਟਿਆਲਾ ਵਿਖੇ ਉਦਯੋਗਿਕ ਦੌਰੇ ਦਾ ਆਯੋਜਨ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸੂਚਨਾ ਤਕਨਾਲੋਜੀ (ਆਈਟੀ) ਦੇ ਖੇਤਰ ਵਿੱਚ ਹੋ ਰਹੀਆਂ ਨਵੀਆਂ ਤਬਦੀਲੀਆਂ, ਸਾਫਟਵੇਅਰ ਡਿਵੈਲਪਮੈਂਟ, ਆਈਟੀ ਸੇਵਾਵਾਂ, ਲਾਈਵ ਪ੍ਰੋਜੈਕਟਾਂ ਤੇ ਆਧੁਨਿਕ ਤਕਨੀਕਾਂ ਦੀ ਕਾਰਜਪ੍ਰਣਾਲੀ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਕੰਪਨੀ ਦੇ ਅਧਿਕਾਰੀਆਂ ਤੇ ਮਾਹਿਰਾਂ ਨੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਸਾਫਟਵੇਅਰ ਤਿਆਰ ਕਰਨ ਦੇ ਵੱਖ-ਵੱਖ ਪੜਾਵਾਂ, ਪ੍ਰੋਜੈਕਟ ਮੈਨੇਜਮੈਂਟ ਤੇ ਉਦਯੋਗਿਕ ਖੇਤਰ ਵਿੱਚ ਵਰਤੀਆਂ ਜਾਂਦੀਆਂ ਤਕਨੀਕਾਂ ਬਾਰੇ ਵਿਸਥਾਰਪੂਰਵਕ ਸਮਝਾਇਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਆਈਟੀ ਤੇ ਡਿਜੀਟਲ ਮਾਰਕੀਟਿੰਗ ਦੇ ਖੇਤਰ ਵਿੱਚ ਰੁਜ਼ਗਾਰ ਦੇ ਮੌਕਿਆਂ, ਕਰੀਅਰ ਦੀਆਂ ਸੰਭਾਵਨਾਵਾਂ ਅਤੇ ਸਫਲਤਾ ਲਈ ਲੋੜੀਂਦੇ ਤਕਨੀਕੀ ਤੇ ਪੇਸ਼ੇਵਰ ਹੁਨਰਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਕੰਪਨੀ ਦੀ ਕਾਰਜਪ੍ਰਣਾਲੀ ਨੂੰ ਨੇੜਿਓਂ ਦੇਖਿਆ ਅਤੇ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਆਪਣੀਆਂ ਸ਼ੰਕਾਵਾਂ ਦਾ ਹੱਲ ਵੀ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਕਿਹਾ ਕਿ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਉਦਯੋਗਿਕ ਦੌਰੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਮਹੱਤਵਪੂਰਨ ਹਨ। ਅਜਿਹੇ ਉਪਰਾਲਿਆਂ ਨਾਲ ਵਿਦਿਆਰਥੀਆਂ ਨੂੰ ਕਲਾਸਰੂਮ ਵਿੱਚ ਪ੍ਰਾਪਤ ਸਿਧਾਂਤਕ ਗਿਆਨ ਨੂੰ ਅਸਲ ਉਦਯੋਗਿਕ ਮਾਹੌਲ ਨਾਲ ਜੋੜਨ ਅਤੇ ਭਵਿੱਖ ਦੇ ਕਰੀਅਰ ਲਈ ਤਿਆਰ ਹੋਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕੰਪਿਊਟਰ ਵਿਭਾਗ ਦੇ ਮੁਖੀ ਡਾ. ਅਮਨਦੀਪ ਕੌਰ ਅਤੇ ਦੌਰੇ ਦੀ ਅਗਵਾਈ ਕਰਨ ਵਾਲੀਆਂ ਪ੍ਰੋਫੈਸਰ ਰੁਪਿੰਦਰ ਕੌਰ ਤੇ ਪ੍ਰੋਫੈਸਰ ਸੰਦੀਪ ਕੌਰ ਦੇ ਯਤਨਾਂ ਦੀ ਵਿਸ਼ੇਸ਼ ਸ਼ਲਾਘਾ ਕੀਤੀ।