'ਹਰਸਿਮਰਤ ਨੂੰ ਕੇਂਦਰੀ ਮੰਤਰੀ ਬਣਾਉਣ ਲਈ ਸੁਖਬੀਰ ਨੇ ਕੀਤਾ ਪੰਜਾਬ ਦੇ ਹਿੱਤਾਂ ਦਾ ਸੌਦਾ', ਰਾਜਾ ਵੜਿੰਗ ਦਾ ਅਕਾਲੀ-ਭਾਜਪਾ ਗੱਠਜੋੜ 'ਤੇ ਤਿੱਖਾ ਹਮਲਾ
ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਭਾਜਪਾ ਨੇ ਅਕਾਲੀ ਦਲ ’ਤੇ ਦਬਾਅ ਬਣਾ ਕੇ ਉਸ ਤੋਂ 50 ਸੀਟਾਂ ਹਾਸਲ ਕਰ ਲਈਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਸਮਝੌਤੇ ਦੌਰਾਨ ਕਿਸਾਨਾਂ, ਸਿੱਖਾਂ ਅਤੇ ਪੰਜਾਬ ਨਾਲ ਸਬੰਧਤ ਅਹਿਮ ਮਸਲਿਆਂ ਨੂੰ ਉਠਾਉਣ ਦੀ ਬਜਾਏ ਆਪਣੀ ਸਿਆਸੀ ਹੋਂਦ ਅਤੇ ਸੱਤਾ ਦੀ ਲਾਲਸਾ ਨੂੰ ਤਰਜੀਹ ਦਿੱਤੀ ਹੈ।
Publish Date: Wed, 25 Nov 2026 01:53 PM (IST)
Updated Date: Wed, 25 Nov 2026 01:56 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਰਤੀ ਜਨਤਾ ਪਾਰਟੀ ਨਾਲ ਕੀਤੇ ਗਏ ਸਮਝੌਤੇ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਕੇਂਦਰ 'ਚ ਮੰਤਰੀ ਬਣਾਉਣ ਦੀ ਇੱਛਾ ਕਾਰਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਹਿੱਤਾਂ ਦਾ ਸੌਦਾ ਭਾਜਪਾ ਨਾਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਬਿਨਾਂ ਸ਼ਰਤ ਭਾਜਪਾ ਨਾਲ ਸਮਝੌਤਾ ਕਰਨਾ ਇਸ ਗੱਲ ਦਾ ਸਬੂਤ ਹੈ ਕਿ ਪਾਰਟੀ ਨੂੰ ਪੰਜਾਬ ਦੇ ਮੁੱਦਿਆਂ ਨਾਲੋਂ ਆਪਣੀ ਸਿਆਸੀ ਕੁਰਸੀ ਵੱਧ ਪਿਆਰੀ ਹੈ।
ਬੁੱਧਵਾਰ ਨੂੰ ਗੋਨਿਆਣਾ ਮੰਡੀ ਵਿਖੇ ਕਾਂਗਰਸ ਪਾਰਟੀ ਵੱਲੋਂ ਕੱਢੇ ਗਏ ਇਨਸਾਫ਼ ਮਾਰਚ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਕੇਂਦਰ ਵਿੱਚ ਕੈਬਨਿਟ ਮੰਤਰੀ ਬਣਾਉਣ ਦੇ ਮਕਸਦ ਨਾਲ ਭਾਜਪਾ ਨਾਲ ਸਮਝੌਤਾ ਕੀਤਾ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜਦੋਂ ਅਕਾਲੀ ਦਲ ਨੇ ਪਹਿਲਾਂ ਭਾਜਪਾ ਨਾਲੋਂ ਗਠਜੋੜ ਤੋੜਿਆ ਸੀ ਤਾਂ ਉਸ ਸਮੇਂ ਕਿਸਾਨਾਂ ਦੇ ਹੱਕਾਂ ਅਤੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਪਰ ਹੁਣ ਉਹ ਸਾਰੇ ਮੁੱਦੇ ਕਿੱਥੇ ਗਾਇਬ ਹੋ ਗਏ ਹਨ।
ਭਾਜਪਾ ਨੇ ਦਬਾਅ ਬਣਾ ਕੇ ਹਾਸਲ ਕੀਤੀਆਂ 50 ਸੀਟਾਂ
ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਭਾਜਪਾ ਨੇ ਅਕਾਲੀ ਦਲ ’ਤੇ ਦਬਾਅ ਬਣਾ ਕੇ ਉਸ ਤੋਂ 50 ਸੀਟਾਂ ਹਾਸਲ ਕਰ ਲਈਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਸਮਝੌਤੇ ਦੌਰਾਨ ਕਿਸਾਨਾਂ, ਸਿੱਖਾਂ ਅਤੇ ਪੰਜਾਬ ਨਾਲ ਸਬੰਧਤ ਅਹਿਮ ਮਸਲਿਆਂ ਨੂੰ ਉਠਾਉਣ ਦੀ ਬਜਾਏ ਆਪਣੀ ਸਿਆਸੀ ਹੋਂਦ ਅਤੇ ਸੱਤਾ ਦੀ ਲਾਲਸਾ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਜਿਨ੍ਹਾਂ ਮੁੱਦਿਆਂ ਨੂੰ ਲੈ ਕੇ ਪਹਿਲਾਂ ਭਾਜਪਾ ਨਾਲੋਂ ਨਾਤਾ ਤੋੜਿਆ ਸੀ, ਉਹ ਮੁੱਦੇ ਅੱਜ ਵੀ ਜਿਉਂ ਦੇ ਤਿਉਂ ਹਨ, ਪਰ ਪਾਰਟੀ ਨੇ ਉਨ੍ਹਾਂ ਬਾਰੇ ਕੋਈ ਠੋਸ ਗੱਲ ਨਹੀਂ ਕੀਤੀ।
ਉਨ੍ਹਾਂ ਭਾਜਪਾ ’ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਕੁਝ ਦਿਨ ਪਹਿਲਾਂ ਤੱਕ ਭਾਰਤੀ ਜਨਤਾ ਪਾਰਟੀ ਦੇ ਆਗੂ ਸ਼੍ਰੋਮਣੀ ਅਕਾਲੀ ਦਲ ਨੂੰ ਚਿੱਟੇ ਦਾ ਵਪਾਰੀ ਦੱਸ ਰਹੇ ਸਨ। ਹੁਣ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦੱਸਣਾ ਚਾਹੀਦਾ ਹੈ ਕਿ ਜਿਸ ਪਾਰਟੀ ’ਤੇ ਭਾਜਪਾ ਵੱਲੋਂ ਅਜਿਹੇ ਗੰਭੀਰ ਦੋਸ਼ ਲਗਾਏ ਜਾਂਦੇ ਰਹੇ ਹਨ, ਉਸੇ ਪਾਰਟੀ ਨਾਲ ਸਮਝੌਤਾ ਕਰਨ ਦੀ ਕੀ ਮਜਬੂਰੀ ਪੈ ਗਈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਭਾਜਪਾ ਅਤੇ ਅਕਾਲੀ ਦਲ ਇੱਕੋ ਥਾਲੀ ਦੇ ਚੱਟੇ-ਵੱਟੇ ਹਨ ਅਤੇ ਦੋਵੇਂ ਪਾਰਟੀਆਂ ਲੋਕਾਂ ਨੂੰ ਗੁਮਰਾਹ ਕਰ ਰਹੀਆਂ ਹਨ।
ਪੰਜਾਬ 'ਚ ਲਗਾਤਾਰ ਵਿਗੜ ਰਹੀ ਕਾਨੂੰਨ ਵਿਵਸਥਾ
ਇਨਸਾਫ਼ ਮਾਰਚ ਦੇ ਮਕਸਦ ਬਾਰੇ ਗੱਲ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ। ਸੂਬੇ ਵਿੱਚ ਹਰ ਰੋਜ਼ ਕਤਲ, ਗੁੰਡਾਗਰਦੀ ਅਤੇ ਫਿਰੌਤੀਆਂ ਮੰਗਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਡਰ ਤੇ ਸਹਿਮ ਦੇ ਮਾਹੌਲ ਵਿੱਚ ਜੀਵਨ ਬਤੀਤ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਇਨਸਾਫ਼ ਮਾਰਚ ਕੱਢਿਆ ਜਾ ਰਿਹਾ ਹੈ, ਤਾਂ ਜੋ ਸਰਕਾਰ ਨੂੰ ਲੋਕਾਂ ਦੀਆਂ ਮੁਸ਼ਕਲਾਂ ਪ੍ਰਤੀ ਜਵਾਬਦੇਹ ਬਣਾਇਆ ਜਾ ਸਕੇ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੂੰ ਮੁੜ ਹੱਸਦਾ-ਵੱਸਦਾ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਕਾਂਗਰਸ ਪਾਰਟੀ ਦੇ ਹੱਕ ਵਿੱਚ ਫਤਵਾ ਦੇਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬ ਦੇ ਹਿੱਤਾਂ ਦੀ ਰਾਖੀ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਲੜਾਈ ਜਾਰੀ ਰੱਖੇਗੀ।
ਭੁੱਚੋ ਵਿਧਾਨ ਸਭਾ ਹਲਕੇ ਬਾਰੇ ਗੱਲ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਇਸ ਹਲਕੇ ਵਿੱਚ ਪ੍ਰੀਤਮ ਸਿੰਘ ਕੋਟਭਾਈ ਕਾਂਗਰਸ ਪਾਰਟੀ ਦਾ ਝੰਡਾ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਮਜ਼ਬੂਤੀ ਨਾਲ ਚੋਣ ਮੈਦਾਨ ਵਿੱਚ ਉਤਰੇਗੀ ਅਤੇ ਪੰਜਾਬ ਦੇ ਲੋਕਾਂ ਦਾ ਸਮਰਥਨ ਹਾਸਲ ਕਰੇਗੀ।