ਕੇਂਦਰ ’ਤੇ ਦੋਸ਼ ਲਾਉਣ ਦੀ ਬਜਾਏ ਪੰਜਾਬ ਸਰਕਾਰ ਆਪਣੇ ਕੰਮਾਂ ਦਾ ਹਿਸਾਬ ਦੇਵੇ: ਗੁਰਮੀਤ ਸਿੰਘ, ਜਗਸੀਰ ਔਲਖ ਕੇਂਦਰ ’ਤੇ ਦੋਸ਼ ਲਾਉਣ ਦੀ ਬਜਾਏ ਪੰਜਾਬ ਸਰਕਾਰ ਆਪਣੇ ਕੰਮਾਂ ਦਾ ਹਿਸਾਬ ਦੇਵੇ: ਗੁਰਮੀਤ ਸਿੰਘ , ਜਗਸੀਰ ਔਲਖ
Publish Date: Sun, 01 Nov 2026 04:32 PM (IST)
Updated Date: Sun, 01 Nov 2026 04:35 PM (IST)
ਕੋਟ ਫੱਤਾ, ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ। ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਵਾਲ ਚੁੱਕਦਿਆਂ ਗੁਰਮੀਤ ਸਿੰਘ ਮੀਤ ਪ੍ਰਧਾਨ ਅਤੇ ਮੰਡਲ ਪ੍ਰਧਾਨ ਜਗਸੀਰ ਔਲਖ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਂਦਰ ਸਰਕਾਰ ’ਤੇ ਦੋਸ਼ ਲਾਉਣ ਦੀ ਬਜਾਏ ਪਹਿਲਾਂ ਪੰਜਾਬ ਵਿਚ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਦਾ ਹਿਸਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਗੰਭੀਰ ਹੈ ਤਾਂ ਉਸ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਸੂਬੇ ਵਿੱਚ ਨਸ਼ਾ ਤਸਕਰੀ ਨੂੰ ਰੋਕਣ ਲਈ ਹੁਣ ਤੱਕ ਕੀ ਠੋਸ ਕਦਮ ਚੁੱਕੇ ਗਏ ਹਨ ਅਤੇ ਇਨ੍ਹਾਂ ਦੇ ਕੀ ਨਤੀਜੇ ਸਾਹਮਣੇ ਆਏ ਹਨ। ਜਗਸੀਰ ਔਲਖ ਤੇ ਗੁਰਮੀਤ ਸਿੰਘ ਨੇ ਕਿਹਾ ਕਿ ਜਦੋਂ ਵੀ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸਰਕਾਰ ਦੀ ਜਵਾਬਦੇਹੀ ਦੀ ਗੱਲ ਹੁੰਦੀ ਹੈ ਤਾਂ ਕੇਂਦਰ ਸਰਕਾਰ ਦਾ ਹਵਾਲਾ ਦੇ ਕੇ ਆਪਣੀ ਜ਼ਿੰਮੇਵਾਰੀ ਤੋਂ ਬਚਣ ਦੀ ਕੋਸ਼ਿਸ਼ ਨਹੀਂ ਹੋਣੀ ਚਾਹੀਦੀ। ਜੇਕਰ ਕੇਂਦਰ ਵਿਚ ਭਾਜਪਾ ਦੀ ਸਰਕਾਰ ਹੈ, ਤਾਂ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਕਾਬੂ ਕਰਨਾ ਅਤੇ ਨੌਜਵਾਨਾਂ ਦੀ ਜ਼ਿੰਦਗੀ ਬਚਾਉਣ ਲਈ ਠੋਸ ਕਦਮ ਚੁੱਕਣਾ ਸੂਬਾ ਸਰਕਾਰ ਦੀ ਵੀ ਜ਼ਿੰਮੇਵਾਰੀ ਹੈ। ਪੰਜਾਬ ਦੇ ਲੋਕਾਂ ਨੇ ਸੂਬੇ ਵਿੱਚ ਸਰਕਾਰ ਇਸ ਲਈ ਚੁਣੀ ਸੀ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਵੇ, ਨਾ ਕਿ ਹਰ ਮੁੱਦੇ ’ਤੇ ਦੋਸ਼ਾਂ ਦੀ ਸਿਆਸਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਨਸ਼ਿਆਂ ਦੇ ਖ਼ਾਤਮੇ ਨੂੰ ਵੱਡਾ ਮੁੱਦਾ ਬਣਾਇਆ ਸੀ। ਅੱਜ ਸਰਕਾਰ ਨੂੰ ਲੋਕਾਂ ਸਾਹਮਣੇ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਤੋੜਨ, ਨਸ਼ਿਆਂ ਦੀ ਸਪਲਾਈ ਰੋਕਣ ਅਤੇ ਨਸ਼ੇ ਦੀ ਲਤ ਦਾ ਸ਼ਿਕਾਰ ਹੋਏ ਨੌਜਵਾਨਾਂ ਦੇ ਇਲਾਜ ਲਈ ਕਿੰਨੀ ਪ੍ਰਗਤੀ ਹੋਈ ਹੈ। ਸਿਰਫ਼ ਮੁਹਿੰਮਾਂ ਦੇ ਐਲਾਨ ਕਰਨਾ ਕਾਫ਼ੀ ਨਹੀਂ, ਸਗੋਂ ਉਨ੍ਹਾਂ ਦੇ ਨਤੀਜੇ ਵੀ ਜਨਤਾ ਨੂੰ ਦਿਖਾਈ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਕਿਸੇ ਵੀ ਸਿਆਸੀ ਬਹਿਸ ਤੋਂ ਵੱਧ ਮਹੱਤਵਪੂਰਨ ਹੈ। ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਲੋਕਾਂ ਨੂੰ ਦੋਸ਼ਾਂ ਦੀ ਸਿਆਸਤ ਨਹੀਂ, ਸਗੋਂ ਨਤੀਜੇ ਚਾਹੀਦੇ ਹਨ। ਕੇਂਦਰ ਅਤੇ ਸੂਬੇ ਦੇ ਅਧਿਕਾਰਾਂ ਬਾਰੇ ਬਹਿਸ ਆਪਣੀ ਥਾਂ ਹੈ, ਪਰ ਸੂਬੇ ਦੇ ਪ੍ਰਸ਼ਾਸਨ ਅਤੇ ਕਾਨੂੰਨ-ਵਿਵਸਥਾ ਸਬੰਧੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਾ ਪੰਜਾਬ ਸਰਕਾਰ ਦਾ ਫ਼ਰਜ਼ ਹੈ।