ਜਸਵੀਰ ਸਿੰਘ ਬਦਿਆਲਾ ਨੂੰ ਭਾਜਪਾ ਕਿਸਾਨ ਮੋਰਚਾ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਜਸਵੀਰ ਸਿੰਘ ਬਦਿਆਲਾ ਨੂੰ ਭਾਜਪਾ ਕਿਸਾਨ ਮੋਰਚਾ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ
Publish Date: Sun, 01 Nov 2026 04:13 PM (IST)
Updated Date: Sun, 01 Nov 2026 04:14 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕੁਝ ਦਿਨ ਪਹਿਲਾਂ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ ਸੀਨੀਅਰ ਅਕਾਲੀ ਆਗੂ ਜਸਵੀਰ ਸਿੰਘ ਬਦਿਆਲਾ ਨੂੰ ਭਾਜਪਾ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਹਾਈਕਮਾਂਡ ਦੀ ਪ੍ਰਵਾਨਗੀ ਨਾਲ ਉਨ੍ਹਾਂ ਨੂੰ ਜ਼ਿਲ੍ਹਾ ਕਿਸਾਨ ਮੋਰਚਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਿਆ। ਜ਼ਿਕਰਯੋਗ ਹੈ ਕਿ ਜਸਵੀਰ ਸਿੰਘ ਬਦਿਆਲਾ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ ਤੇ ਪਾਰਟੀ ਵਿਚ ਵੱਖ-ਵੱਖ ਅਹੁਦਿਆਂ ਤੇ ਰਹਿ ਕੇ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਸਨ। ਉਹ ਮੌਜੂਦਾ ਸਮੇਂ ਅਕਾਲੀ ਦਲ ਦੇ ਸਰਕਲ ਪ੍ਰਧਾਨ ਵਜੋਂ ਵੀ ਜ਼ਿੰਮੇਵਾਰੀ ਨਿਭਾ ਰਹੇ ਸਨ। ਹਾਲ ਹੀ ਵਿਚ ਉਨ੍ਹਾਂ ਨੇ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਸੀ। ਪਾਰਟੀ ਵਿਚ ਸ਼ਾਮਲ ਹੋਣ ਦੇ ਕੁਝ ਹੀ ਦਿਨਾਂ ਬਾਅਦ ਉਨ੍ਹਾਂ ਨੂੰ ਜ਼ਿਲ੍ਹਾ ਪੱਧਰ ਦਾ ਅਹਿਮ ਅਹੁਦਾ ਮਿਲਣਾ ਸਿਆਸੀ ਹਲਕਿਆਂ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜਸਵੀਰ ਸਿੰਘ ਬਦਿਆਲਾ ਦੀ ਇਸ ਨਿਯੁਕਤੀ ਨੂੰ ਭਾਜਪਾ ਵੱਲੋਂ ਬਠਿੰਡਾ ਦੇ ਦਿਹਾਤੀ ਖੇਤਰ ਵਿਚ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਦੀ ਰਣਨੀਤੀ ਵਜੋਂ ਦੇਖਿਆ ਜਾ ਰਿਹਾ ਹੈ। ਖਾਸ ਕਰਕੇ ਕਿਸਾਨਾਂ ਨਾਲ ਜੁੜੇ ਮੁੱਦਿਆਂ ਨੂੰ ਉਠਾਉਣ ਤੇ ਪਿੰਡ ਪੱਧਰ ਤੇ ਪਾਰਟੀ ਦੀ ਪਹੁੰਚ ਵਧਾਉਣ ਵਿਚ ਉਨ੍ਹਾਂ ਦੀ ਭੂਮਿਕਾ ਅਹਿਮ ਰਹਿਣ ਦੀ ਉਮੀਦ ਹੈ। ਦੂਜੇ ਪਾਸੇ, ਉਨ੍ਹਾਂ ਦੇ ਅਕਾਲੀ ਦਲ ਛੱਡਣ ਨੂੰ ਵੀ ਪਾਰਟੀ ਲਈ ਇਕ ਸਿਆਸੀ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ। ਨਿਯੁਕਤੀ ਤੋਂ ਬਾਅਦ ਜਸਵੀਰ ਸਿੰਘ ਬਦਿਆਲਾ ਨੇ ਕਿਹਾ ਕਿ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦਾ ਭਵਿੱਖ ਉੱਜਵਲ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਸੂਬੇ ਦੀ ਰਾਜਨੀਤੀ ਵਿਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਾਉਣ ਦੇ ਟੀਚੇ ਨੂੰ ਮੁੱਖ ਰੱਖਦਿਆਂ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਹੁਣ ਤੋਂ ਹੀ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਇਸ ਨਿਯੁਕਤੀ ਲਈ ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ, ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਅਤੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਲਗਨ ਨਾਲ ਨਿਭਾਉਣਗੇ। ਕਿਸਾਨਾਂ ਅਤੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਉਠਾਉਣ ਦੇ ਨਾਲ-ਨਾਲ ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਵੀ ਯਤਨਸ਼ੀਲ ਰਹਿਣਗੇ।