ਰਾਮਾ ਪਿੰਡ ਦੇ ਸਰਕਾਰੀ ਸਕੂਲ ਵਿਖੇ ਸਮਾਰਟ ਕਲਾਸ ਰੂਮ ਦਾ ਉਦਘਾਟਨ ਜਸਵਿੰਦਰ ਕੌਰ ਵੱਲੋਂ ਰਾਮਾ ਪਿੰਡ ਦੇ ਸਰਕਾਰੀ ਸਕੂਲ ਵਿਖੇ ਸਮਾਰਟ ਕਲਾਸ ਰੂਮ ਦਾ ਉਦਘਾਟਨ
Publish Date: Mon, 09 Nov 2026 04:35 PM (IST)
Updated Date: Tue, 10 Nov 2026 04:03 AM (IST)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕਰ ਰਹੀ ਅਹਿਮ ਉਪਰਾਲੇ: ਜਸਵਿੰਦਰ ਕੌਰ ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਾ ਮੰਡੀ : ਰਾਮਾ ਪਿੰਡ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਤਿਆਰ ਕੀਤੇ ਗਏ ਨਵੇਂ ਸਮਾਰਟ ਕਲਾਸ ਰੂਮ ਦਾ 5 ਨਵੰਬਰ ਨੂੰ ਉਦਘਾਟਨ ਕੀਤਾ ਗਿਆ। ਇਸ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਮੈਂਬਰ ਜਸਵਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਮਾਰਟ ਕਲਾਸ ਰੂਮ ਦਾ ਉਦਘਾਟਨ ਕੀਤਾ। ਇਸ ਮੌਕੇ ਜਸਵਿੰਦਰ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ, ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਤਕਨੀਕੀ ਯੁੱਗ ਵਿੱਚ ਸਿੱਖਿਆ ਦੇ ਖੇਤਰ ਵਿੱਚ ਆਧੁਨਿਕ ਤਕਨੀਕਾਂ ਦੀ ਵਰਤੋਂ ਬਹੁਤ ਜ਼ਰੂਰੀ ਹੈ। ਸਮਾਰਟ ਕਲਾਸ ਰੂਮ ਰਾਹੀਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਵੇਂ ਅਤੇ ਪ੍ਰਭਾਵਸ਼ਾਲੀ ਤਰੀਕੇ ਮੁਹੱਈਆ ਹੋਣਗੇ, ਜਿਸ ਨਾਲ ਉਨ੍ਹਾਂ ਦੀ ਸਿੱਖਣ ਦੀ ਰੁਚੀ ਵਿੱਚ ਵਾਧਾ ਹੋਵੇਗਾ। ਉਨ੍ਹਾਂ ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸ ਰੂਮ ਵਰਗੀਆਂ ਸਹੂਲਤਾਂ ਨਾਲ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਵਧੇਰੇ ਮੌਕੇ ਮਿਲਣਗੇ ਤੇ ਉਹ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਸਮਰੱਥ ਬਣ ਸਕਣਗੇ। ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਹੋਰ ਪਤਵੰਤਿਆਂ ਵੱਲੋਂ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ।