ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਜਥੇਦਾਰ ਦਾਦੂਵਾਲ ਵੱਲੋਂ ਨਿੰਦਾ, ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਜਥੇਦਾਰ ਦਾਦੂਵਾਲ ਵੱਲੋਂ ਨਿੰਦਾ, ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ
Publish Date: Wed, 14 Oct 2026 04:12 PM (IST)
Updated Date: Wed, 14 Oct 2026 04:15 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਇਸ ਘਟਨਾ ਨੂੰ ਦੁਖਦਾਈ ਅਤੇ ਚਿੰਤਾਜਨਕ ਕਰਾਰ ਦਿੰਦਿਆਂ ਪੰਜਾਬ ਸਰਕਾਰ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਪਹਿਲਾਂ ਹੀ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੀ ਹੈ। ਅਜਿਹੇ ਸਮੇਂ ਵਿਚ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਯਤਨ ਕਰਨ ਵਾਲੇ ਨੌਜਵਾਨਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਮਾਜ ਸੁਧਾਰ ਲਈ ਕੰਮ ਕਰਨ ਵਾਲੇ ਨੌਜਵਾਨਾਂ ਦੀ ਹੌਸਲਾ ਅਫ਼ਜ਼ਾਈ ਹੋਣੀ ਚਾਹੀਦੀ ਹੈ, ਨਾ ਕਿ ਉਨ੍ਹਾਂ ਨੂੰ ਡਰ ਦੇ ਮਾਹੌਲ ਵਿਚ ਰਹਿਣ ਲਈ ਮਜਬੂਰ ਹੋਣਾ ਪਵੇ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ, ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ। ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਂਦਾ ਜਾਵੇ ਅਤੇ ਅਦਾਲਤੀ ਪ੍ਰਕਿਰਿਆ ਰਾਹੀਂ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿਵਾਈਆਂ ਜਾਣ। ਉਨ੍ਹਾਂ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਦੁੱਖ ਅਤੇ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਣ ਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ।