ਜਤਿੰਦਰ ਭੱਲਾ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਸਿਆਸੀ ਹਾਲਾਤਾਂ ’ਤੇ ਹੋਈ ਚਰਚਾ ਜਤਿੰਦਰ ਭੱਲਾ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਸਿਆਸੀ ਹਾਲਾਤਾਂ ’ਤੇ ਹੋਈ ਚਰਚਾ
Publish Date: Sat, 07 Nov 2026 05:33 PM (IST)
Updated Date: Sat, 07 Nov 2026 05:35 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜਿੱਥੇ ਜਤਿੰਦਰ ਸਿੰਘ ਭੱਲਾ ਨੇ ਕੇਜਰੀਵਾਲ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ, ਉੱਥੇ ਹੀ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀਆਂ ਸਰਗਰਮੀਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਵਿਚਾਰ-ਚਰਚਾ ਕੀਤੀ। ਮੁਲਾਕਾਤ ਦੌਰਾਨ ਜਤਿੰਦਰ ਸਿੰਘ ਭੱਲਾ ਨੇ ਅਰਵਿੰਦ ਕੇਜਰੀਵਾਲ ਨੂੰ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਦੀ ਮੌਜੂਦਾ ਸਿਆਸੀ ਸਥਿਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਵਰਕਰਾਂ ਦੀ ਸਰਗਰਮੀ ਅਤੇ ਸਿਆਸੀ ਹਾਲਾਤ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪੰਜਾਬ ਦੀ ਸਿਆਸਤ ਵਿੱਚ ਪਾਰਟੀ ਦੀ ਸਥਿਤੀ ਅਤੇ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵੀ ਚਰਚਾ ਹੋਈ। ਇਸ ਮੌਕੇ ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਨੂੰ ਲੈ ਕੇ ਬਹੁਤ ਫਿਕਰਮੰਦ ਹਨ। ਉਹ ਸੂਬੇ ਦੀ ਤਰੱਕੀ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਦੇ ਚਾਹਵਾਨ ਹਨ। ਉਨ੍ਹਾਂ ਦਾ ਮੁੱਖ ਉਦੇਸ਼ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣਾ ਹੈ। ਇਸੇ ਮਕਸਦ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਭੱਲਾ ਅਨੁਸਾਰ ਅਰਵਿੰਦ ਕੇਜਰੀਵਾਲ ਨੇ ਮੁਲਾਕਾਤ ਦੌਰਾਨ ਭਰੋਸਾ ਜਤਾਇਆ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਹਨ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਮੁੜ ਸ਼ਾਨਦਾਰ ਜਿੱਤ ਦਰਜ ਕਰਕੇ ਸੂਬੇ ਵਿੱਚ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਬਿਹਤਰ ਸਹੂਲਤਾਂ ਅਤੇ ਲੋਕ ਭਲਾਈ ਵਾਲੀਆਂ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ, ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ। ਸਿਆਸੀ ਹਲਕਿਆਂ ਵਿੱਚ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਖ਼ਾਸ ਕਰਕੇ ਰਾਮਪੁਰਾ ਫੂਲ ਹਲਕੇ ਦੇ ਸਿਆਸੀ ਹਾਲਾਤ ਬਾਰੇ ਸਿੱਧੇ ਤੌਰ ’ਤੇ ਪਾਰਟੀ ਦੇ ਕੌਮੀ ਆਗੂ ਨਾਲ ਵਿਚਾਰ-ਵਟਾਂਦਰਾ ਹੋਣਾ ਜ਼ਿਲ੍ਹਾ ਪੱਧਰ ’ਤੇ ਪਾਰਟੀ ਦੀ ਸਰਗਰਮੀ ਦੇ ਪੱਖੋਂ ਮਹੱਤਵਪੂਰਨ ਹੈ।