Bathinda Politics : ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਾਉਣ ਲਈ ਪੂਰੀ ਤਾਕਤ ਨਾਲ ਜੁਟੋ : ਬੀਐੇਲ ਸੰਤੋਸ਼
ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ (ਸੰਗਠਨ) ਬੀਐਲ ਸੰਤੋਸ਼ ਆਪਣੇ ਪੰਜਾਬ ਦੌਰੇ ਦੌਰਾਨ ਬਠਿੰਡਾ ਪੁੱਜੇ, ਜਿੱਥੇ ਉਨ੍ਹਾਂ ਬਠਿੰਡਾ ਜ਼ੋਨ ਅਧੀਨ ਆਉਂਦੇ ਵੱਖ-ਵੱਖ ਜ਼ਿਲ੍ਹਿਆਂ ਦੇ ਪਾਰਟੀ ਅਹੁਦੇਦਾਰਾਂ ਅਤੇ ਆਗੂਆਂ ਨਾਲ ਅਹਿਮ ਸੰਗਠਨਾਤਮਕ ਮੀਟਿੰਗ ਕੀਤੀ।
Publish Date: Tue, 25 Aug 2026 06:56 PM (IST)
Updated Date: Tue, 25 Aug 2026 07:23 PM (IST)
ਗੁਰਤੇਜ ਸਿੱਧੂ/ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ (ਸੰਗਠਨ) ਬੀਐਲ ਸੰਤੋਸ਼ ਆਪਣੇ ਪੰਜਾਬ ਦੌਰੇ ਦੌਰਾਨ ਬਠਿੰਡਾ ਪੁੱਜੇ, ਜਿੱਥੇ ਉਨ੍ਹਾਂ ਬਠਿੰਡਾ ਜ਼ੋਨ ਅਧੀਨ ਆਉਂਦੇ ਵੱਖ-ਵੱਖ ਜ਼ਿਲ੍ਹਿਆਂ ਦੇ ਪਾਰਟੀ ਅਹੁਦੇਦਾਰਾਂ ਅਤੇ ਆਗੂਆਂ ਨਾਲ ਅਹਿਮ ਸੰਗਠਨਾਤਮਕ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ, ਬੂਥ ਪੱਧਰ ਤੱਕ ਕਾਰਕੁਨਾਂ ਦੀ ਸਰਗਰਮੀ ਵਧਾਉਣ ਅਤੇ ਪਾਰਟੀ ਦੀਆਂ ਨੀਤੀਆਂ ਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਬਰਨਾਲਾ, ਬਠਿੰਡਾ, ਮਾਨਸਾ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਆਗੂ ਅਤੇ ਅਹੁਦੇਦਾਰ ਹਾਜ਼ਰ ਸਨ। ਬੀਐਲ ਸੰਤੋਸ਼ ਨੇ ਹਰੇਕ ਜ਼ਿਲ੍ਹਾ ਪ੍ਰਧਾਨ ਤੋਂ ਸੰਗਠਨ ਦੀ ਮੌਜੂਦਾ ਸਥਿਤੀ, ਜ਼ਮੀਨੀ ਪੱਧਰ ’ਤੇ ਪਾਰਟੀ ਦੀ ਸਰਗਰਮੀ ਅਤੇ ਆਉਣ ਵਾਲੀਆਂ ਚੁਣੌਤੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਪਾਰਟੀ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਆਗੂਆਂ ਨੂੰ ਆਪਸੀ ਤਾਲਮੇਲ ਵਧਾਉਣ, ਕਾਰਕੁਨਾਂ ਨੂੰ ਸਰਗਰਮ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਤਿਆਰੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਸ੍ਰੀ ਸੰਤੋਸ਼ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਬੂਥ ਪੱਧਰ ਤੱਕ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ ਭਾਜਪਾ ਦੀ ਮੁੱਖ ਤਰਜੀਹ ਹੈ। ਉਨ੍ਹਾਂ ਪਾਰਟੀ ਆਗੂਆਂ ਅਤੇ ਕਾਰਕੁਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਅਤੇ ਵਿਕਾਸਮੁਖੀ ਪ੍ਰਾਪਤੀਆਂ ਨੂੰ ਪੰਜਾਬ ਦੇ ਹਰ ਵਰਗ ਅਤੇ ਹਰ ਪਰਿਵਾਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਪੰਜਾਬ ਬਦਲਾਅ ਚਾਹੁੰਦਾ ਹੈ ਅਤੇ ਇਸ ਬਦਲਾਅ ਦੀ ਸਭ ਤੋਂ ਵੱਡੀ ਉਮੀਦ ਭਾਰਤੀ ਜਨਤਾ ਪਾਰਟੀ ਹੈ। ਉਨ੍ਹਾਂ ਕਿਹਾ ਕਿ ਮਜ਼ਬੂਤ ਸੰਗਠਨ ਅਤੇ ਮਿਹਨਤੀ ਕਾਰਕੁਨਾਂ ਦੀ ਬਦੌਲਤ 2027 ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਾਉਣ ਲਈ ਪੂਰੀ ਤਾਕਤ ਨਾਲ ਕੰਮ ਕੀਤਾ ਜਾਵੇਗਾ। ਇਸ ਮੌਕੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬੀਐਲ ਸੰਤੋਸ਼ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਨਸ਼ਿਆਂ, ਕਾਨੂੰਨ-ਵਿਵਸਥਾ, ਗੈਂਗਸਟਰਵਾਦ ਅਤੇ ਵਧਦੇ ਕਰਜ਼ੇ ਸਮੇਤ ਹਰ ਮੋਰਚੇ ’ਤੇ ਪੰਜਾਬ ਨੂੰ ਨਿਰਾਸ਼ ਕੀਤਾ ਹੈ।
ਉਨ੍ਹਾਂ ਕਿਹਾ ਕਿ ਕਿਸਾਨ, ਮਜ਼ਦੂਰ, ਮੁਲਾਜ਼ਮ, ਅਧਿਆਪਕ, ਨੌਜਵਾਨ ਅਤੇ ਔਰਤਾਂ ਸਮੇਤ ਸਮਾਜ ਦਾ ਹਰ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਦੁਖੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀਆਂ ਮੌਜੂਦਾ ਸਮੱਸਿਆਵਾਂ ਦਾ ਸਥਾਈ ਹੱਲ ਸਿਰਫ਼ ਭਾਜਪਾ ਦੀ ਮਜ਼ਬੂਤ ਅਤੇ ਜਵਾਬਦੇਹ ਸਰਕਾਰ ਹੀ ਦੇ ਸਕਦੀ ਹੈ। ਉਨ੍ਹਾਂ ਪਾਰਟੀ ਅਹੁਦੇਦਾਰਾਂ ਅਤੇ ਕਾਰਕੁਨਾਂ ਨੂੰ ਬੀਐਲ ਸੰਤੋਸ਼ ਵੱਲੋਂ ਦਿੱਤੇ ਮਾਰਗਦਰਸ਼ਨ ’ਤੇ ਪੂਰੀ ਦ੍ਰਿੜਤਾ ਨਾਲ ਅਮਲ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਪੂਰੀ ਤਾਕਤ ਨਾਲ ਜੁਟ ਜਾਣ ਦਾ ਸੱਦਾ ਦਿੱਤਾ। ਮੀਟਿੰਗ ਵਿਚ ਸੂਬੇ ਦੇ ਸੰਗਠਨ ਸਹਿ-ਪ੍ਰਭਾਰੀ ਨਰੇਂਦਰ ਰੈਣਾ, ਸੰਸਦ ਮੈਂਬਰ ਤਰੁਣ ਚੁੱਘ, ਸੰਗਠਨ ਮੰਤਰੀ ਸ੍ਰੀਨਿਵਾਸਲੂ ਸਮੇਤ ਪਾਰਟੀ ਦੇ ਸੀਨੀਅਰ ਆਗੂ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਅਹੁਦੇਦਾਰ ਹਾਜ਼ਰ ਸਨ।