ਗੁਰਤੇਜ ਸਿੰਘ ਸਿੱਧੂ, ਬਠਿੰਡਾ : ਜਲੰਧਰ ਤੋਂ ਛਪਦੇ ਪੰਜਾਬੀ ਅਖ਼ਬਾਰ ਦੇ ਪੱਤਰਕਾਰ ਕੰਵਲਜੀਤ ਸਿੰਘ ਸਿੱਧੂ ਦੀ ਲਾਸ਼ ਅੱਜ ਬਾਅਦ ਦੁਪਹਿਰ ਐੱਨਐੱਫ਼ਐੱਲ ਕਾਲੋਨੀ ਦੀ ਝੀਲ ਵਿੱਚੋਂ ਮਿਲ ਗਈ ਹੈ। ਉਹ ਸ਼ਨੀਵਾਰ ਨੂੰ ਬਠਿੰਡਾ ਸ੍ਰੀ ਅੰਮ੍ਰਿਤਸਰ ਕੌਮੀ ਸ਼ਾਹ ਮਾਰਗ ’ਤੇ ਹੋਏ ਮਾਮੂਲੀ ਸੜਕ ਹਾਦਸੇ ਤੋਂ ਬਾਅਦ ਲਾਪਤਾ ਹੋ ਗਿਆ ਸੀ।

ਸ਼ੱਕ ਪ੍ਰਗਟ ਕੀਤਾ ਜਾ ਰਿਹਾ ਸੀ ਕਿ ਹਾਦਸੇ ਤੋਂ ਬਾਅਦ ਉਸਨੂੰ ਕਿਸੇ ਨੇ ਅਗਵਾ ਕਰ ਲਿਆ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਉਸਦੀ ਸਰਗਰਮੀ ਨਾਲ ਭਾਲ ਸ਼ੁਰੂ ਕਰ ਦਿੱਤੀ ਸੀ। ਅੱਜ ਕਿਸੇ ਵਿਅਕਤੀ ਨੇ ਐੱਨਐੱਫ਼ਐੱਲ ਦੀਆਂ ਝੀਲਾਂ ਵਿਚ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਤੋਂ ਬਾਅਦ ਡੀਐੱਸਪੀ ਆਸਵੰਤ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਸਮਾਜ ਸੇਵੀ ਸੰਸਥਾਂ ਦੇ ਸਹਿਯੋਗ ਨਾਲ ਲਾਸ਼ ਨੂੰ ਬਾਹਰ ਕੱਢਿਆ, ਜਿਸਦੀ ਸਨਾਖਤ ਕੰਵਲਜੀਤ ਸਿੰਘ ਸਿੱਧੂ ਵਜੋਂ ਕੀਤੀ ਗਈ। ਘਟਨਾ ਦਾ ਪਤਾ ਲੱਗਿਦਆਂ ਹੀ ਵੱਡੀ ਗਿਣਤੀ ਪੱਤਰਕਾਰ ਭਾਈਚਾਰੇ ਦੇ ਲੋਕ ਸਿਵਲ ਹਸਪਤਾਲ ਪੁੱਜੇ।

ਪੁਲਿਸ ਨੇ ਮ੍ਰਿਤਕ ਕੋਲੋ ਇਕ ਖੁਦਕੁਸ਼ੀ ਨੋਟ ਵੀ ਬਰਾਮਦ ਕੀਤਾ ਹੈ ਜਿਸ ਵਿਚ ਉਸਨੇ ਪੰਜਾਬ ਪੁਲਿਸ ਦੇ ਇਕ ਏਐੱਸਆਈ ਤੇ ਉਸਦੇ ਪਰਿਵਾਰ ਨੂੰ ਆਪਣੀ ਮੌਤ ਲਈ ਜਿੰਮੇਵਾਰ ਠਹਿਰਾਇਆ ਹੈ। ਐੱਸਐੱਸਪੀ ਬਠਿੰਡਾ ਭੁਪਿੰਦਰਜੀਤ ਸਿੰਘ ਵਿਰਕ ਨੇ ਦੱਸਿਆ ਕਿ ਖੁਦਕੁਸ਼ੀ ਨੋਟ ਦੇ ਆਧਾਰ ’ਤੇ ਕਥਿਤ ਦੋਸ਼ੀਆਂ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਕੰਵਲਜੀਤ ਸਿੱਧੂ ਦੇ ਅਚਾਨਕ ਇਸ ਦੁਨੀਆਂ ਤੋਂ ਚਲੇ ਜਾਣ ’ਤੇ ਪੱਤਰਕਾਰਾਂ, ਸਮਾਜ ਸੇਵੀ ਸੰਸਥਾਵਾਂ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

Posted By: Jagjit Singh