- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਦਾਲਤ ਨੇ ਸੋਮਵਾਰ ਨੂੰ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਰਣਜੀਤ ਸਿੰਘ ਖ਼ਿਲਾਫ਼ ਵੀ ਦੋਸ਼ ਤੈਅ ਕਰ ਦਿੱਤੇ ਹਨ। ਅਦਾਲਤ ਨੇ ਦੋਵਾਂ ਖਿ਼ਲਾਫ਼ ਭਾਰਤੀ ਦੰਡ ਸਹਿੰਤਾ (BNS) ਦੀ ਧਾਰਾ 103 ਤਹਿਤ ਦੋਸ਼ ਤੈਅ ਕੀਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 22 ਸਤੰਬਰ 2026 ਨੂੰ ਹੋਵੇਗੀ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਸੋਸ਼ਲ ਮੀਡੀਆ ’ਤੇ ‘ਕਮਲ ਕੌਰ ਭਾਬੀ’ ਦੇ ਨਾਮ ਨਾਲ ਜਾਣੀ ਜਾਂਦੀ ਕੰਚਨ ਕੁਮਾਰੀ ਦੇ ਕਤਲ ਮਾਮਲੇ ਵਿੱਚ ਪੁਲਿਸ ਵੱਲੋਂ ਮੁੱਖ ਸਾਜ਼ਿਸ਼ਕਰਤਾ ਦੱਸੇ ਜਾਂਦੇ ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਵੀ ਅਦਾਲਤੀ ਕਾਰਵਾਈ ਅੱਗੇ ਵਧ ਗਈ ਹੈ। ਅਦਾਲਤ ਨੇ ਸੋਮਵਾਰ ਨੂੰ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਰਣਜੀਤ ਸਿੰਘ ਖ਼ਿਲਾਫ਼ ਵੀ ਦੋਸ਼ ਤੈਅ ਕਰ ਦਿੱਤੇ ਹਨ। ਅਦਾਲਤ ਨੇ ਦੋਵਾਂ ਖਿ਼ਲਾਫ਼ ਭਾਰਤੀ ਦੰਡ ਸਹਿੰਤਾ (BNS) ਦੀ ਧਾਰਾ 103 ਤਹਿਤ ਦੋਸ਼ ਤੈਅ ਕੀਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 22 ਸਤੰਬਰ 2026 ਨੂੰ ਹੋਵੇਗੀ।
ਕਤਲ ਤੋਂ ਬਾਅਦ ਵਿਦੇਸ਼ ਭੱਜ ਜਾਣ ਕਾਰਨ ਲੰਮੇ ਸਮੇਂ ਤੱਕ ਪੁਲਿਸ ਦੀ ਪਕੜ ਤੋਂ ਬਾਹਰ ਰਹੇ ਮਹਿਰੋਂ ਨੂੰ ਅਪ੍ਰੈਲ 2026 ਵਿੱਚ ਯੂਏਈ ਤੋਂ ਭਾਰਤ ਲਿਆਂਦਾ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਬਠਿੰਡਾ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਗਿਆ ਅਤੇ ਪੁੱਛਗਿੱਛ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
ਪੁਲਿਸ ਅਨੁਸਾਰ ਕੰਚਨ ਕੁਮਾਰੀ ਦਾ ਜੂਨ 2025 ਵਿੱਚ ਬਠਿੰਡਾ ਵਿੱਚ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਲਾਸ਼ ਕਾਰ ਵਿੱਚੋਂ ਮਿਲੀ ਸੀ ਅਤੇ ਪੋਸਟਮਾਰਟਮ ਰਿਪੋਰਟ ਵਿੱਚ ਗਲਾ ਘੁੱਟਣ ਦੀ ਗੱਲ ਸਾਹਮਣੇ ਆਈ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਸੀ, ਜਦਕਿ ਉਸ ਦੇ ਕੁਝ ਸਾਥੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਕਤਲ ਤੋਂ ਬਾਅਦ ਦੁਬਈ ਭੱਜ ਗਿਆ ਸੀ ਮਹਿਰੋਂ
ਕਤਲ ਦੀ ਵਾਰਦਾਤ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਮਹਿਰੋਂ ਦੇਸ਼ ਛੱਡ ਕੇ ਯੂਏਈ ਚਲਾ ਗਿਆ ਸੀ। ਉਸ ਦੀ ਭਾਲ ਲਈ ਬਠਿੰਡਾ ਪੁਲਿਸ ਨੇ ਕਾਰਵਾਈ ਤੇਜ਼ ਕੀਤੀ ਅਤੇ ਅਦਾਲਤ ਵੱਲੋਂ ਉਸ ਨੂੰ ਭਗੌੜਾ ਕਰਾਰ ਦਿੱਤੇ ਜਾਣ ਤੋਂ ਬਾਅਦ ਇੰਟਰਪੋਲ ਰਾਹੀਂ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਉਣ ਦੀ ਪ੍ਰਕਿਰਿਆ ਅੱਗੇ ਵਧੀ। ਪੁਲਿਸ ਨੇ ਬਾਅਦ ਵਿੱਚ ਯੂਏਈ ਵਿੱਚ ਉਸ ਦੀ ਮੌਜੂਦਗੀ ਦਾ ਪਤਾ ਲਗਾਇਆ।
ਅਪ੍ਰੈਲ 2026 ਵਿੱਚ ਪੰਜਾਬ ਪੁਲਿਸ ਦੀ ਟੀਮ ਨੇ ਯੂਏਈ ਅਧਿਕਾਰੀਆਂ ਤੋਂ ਮਹਿਰੋਂ ਨੂੰ ਹਿਰਾਸਤ ਵਿੱਚ ਲੈ ਕੇ ਭਾਰਤ ਲਿਆਂਦਾ। ਉਸ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਹਿਰਾਸਤ ਵਿੱਚ ਲੈਣ ਤੋਂ ਬਾਅਦ ਬਠਿੰਡਾ ਲਿਆਂਦਾ ਗਿਆ ਅਤੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਪੁਲਿਸ ਦੀ ਮੰਗ ’ਤੇ ਉਸ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਸੀ।