
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖ਼ਿਲਾਫ਼ ਬਠਿੰਡਾ ਦੀ ਅਦਾਲਤ ਵਿੱਚ ਚੱਲ ਰਹੇ ਮਾਣਹਾਨੀ ਮਾਮਲੇ ਦੀ ਸੋਮਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਕੰਗਨਾ ਰਣੌਤ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤੀ ਕਾਰਵਾਈ ਵਿੱਚ ਸ਼ਾਮਲ ਹੋਈ।

ਗੁਰਤੇਜ ਸਿੰਘ ਸਿੱਧੂ, ਬਠਿੰਡਾ : ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖ਼ਿਲਾਫ਼ ਬਠਿੰਡਾ ਦੀ ਅਦਾਲਤ ਵਿੱਚ ਚੱਲ ਰਹੇ ਮਾਣਹਾਨੀ ਮਾਮਲੇ ਦੀ ਸੋਮਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਕੰਗਨਾ ਰਣੌਤ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤੀ ਕਾਰਵਾਈ ਵਿੱਚ ਸ਼ਾਮਲ ਹੋਈ। ਸੁਣਵਾਈ ਦੌਰਾਨ ਸ਼ਿਕਾਇਤਕਰਤਾ ਬੀਬੀ ਮਹਿੰਦਰ ਕੌਰ ਦੇ ਪੋਤੇ ਗੁਰਪ੍ਰੀਤ ਸਿੰਘ ਦੀ ਗਵਾਹੀ ਦਰਜ ਕੀਤੀ ਗਈ।
ਬੀਬੀ ਮਹਿੰਦਰ ਕੌਰ ਦੇ ਵਕੀਲ ਰਘਬੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਅੱਜ ਦੀ ਸੁਣਵਾਈ ਦੌਰਾਨ ਉਨ੍ਹਾਂ ਵੱਲੋਂ ਮਹਿੰਦਰ ਕੌਰ ਦੇ ਪੋਤੇ ਗੁਰਪ੍ਰੀਤ ਸਿੰਘ ਨੂੰ ਗਵਾਹ ਵਜੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਉਸ ਦੀ ਗਵਾਹੀ ਦਰਜ ਕਰਵਾਈ ਗਈ। ਦੂਜੇ ਪਾਸੇ ਕੰਗਨਾ ਰਣੌਤ ਦੇ ਵਕੀਲ ਵੀ ਅਦਾਲਤ ਵਿੱਚ ਮੌਜੂਦ ਰਹੇ, ਜਦਕਿ ਕੰਗਨਾ ਖ਼ੁਦ ਵੀਡੀਓ ਕਾਨਫਰੰਸਿੰਗ ਰਾਹੀਂ ਕਾਰਵਾਈ ਵਿੱਚ ਸ਼ਾਮਲ ਹੋਈ।
ਵਕੀਲ ਬਹਿਣੀਵਾਲ ਮੁਤਾਬਕ ਸੁਣਵਾਈ ਦੌਰਾਨ ਕੰਗਨਾ ਰਣੌਤ ਦੀ ਮੌਜੂਦਗੀ ਵਿੱਚ ਮਾਮਲੇ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ’ਤੇ ਲੰਬੀ ਬਹਿਸ ਹੋਈ। ਉਨ੍ਹਾਂ ਦੱਸਿਆ ਕਿ ਕੰਗਨਾ ਰਣੌਤ ਦੇ ਵਕੀਲ ਵੱਲੋਂ ਦਲੀਲ ਦਿੱਤੀ ਗਈ ਕਿ ਬੀਬੀ ਮਹਿੰਦਰ ਕੌਰ ਨੂੰ ਪੂਰੇ ਪੰਜਾਬ ਵਿੱਚ ਸਨਮਾਨ ਮਿਲਿਆ ਹੈ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਉਨ੍ਹਾਂ ਨੂੰ ਫੰਡਿੰਗ ਕੀਤੇ ਜਾਣ ਦੀ ਗੱਲ ਵੀ ਕਹੀ ਗਈ।
ਵਕੀਲ ਰਘਬੀਰ ਸਿੰਘ ਬਹਿਣੀਵਾਲ ਨੇ ਦਾਅਵਾ ਕੀਤਾ ਕਿ ਕੰਗਨਾ ਰਣੌਤ ਦੇ ਵਕੀਲ ਵੱਲੋਂ ਅਦਾਲਤ ਵਿੱਚ ਇਹ ਦਲੀਲ ਵੀ ਦਿੱਤੀ ਗਈ ਕਿ ਕੰਗਨਾ ਰਣੌਤ ਵੱਲੋਂ ਕੀਤੀ ਗਈ ਸੋਸ਼ਲ ਮੀਡੀਆ ਪੋਸਟ ਬੀਬੀ ਮਹਿੰਦਰ ਕੌਰ ਬਾਰੇ ਨਹੀਂ ਸੀ, ਸਗੋਂ ਬਿਲਕਿਸ ਬਾਨੋ ਨਾਲ ਸਬੰਧਤ ਸੀ। ਇਸ ਦਲੀਲ ’ਤੇ ਸ਼ਿਕਾਇਤਕਰਤਾ ਪੱਖ ਵੱਲੋਂ ਵੀ ਅਦਾਲਤ ਦੇ ਸਾਹਮਣੇ ਆਪਣਾ ਪੱਖ ਰੱਖਿਆ ਗਿਆ।
ਇਹ ਮਾਮਲਾ ਕਿਸਾਨ ਅੰਦੋਲਨ ਦੌਰਾਨ ਕੰਗਨਾ ਰਣੌਤ ਵੱਲੋਂ ਬਠਿੰਡਾ ਦੀ ਬਜ਼ੁਰਗ ਮਹਿਲਾ ਮਹਿੰਦਰ ਕੌਰ ਬਾਰੇ ਕੀਤੀ ਗਈ ਸੋਸ਼ਲ ਮੀਡੀਆ ਪੋਸਟ ਨਾਲ ਸਬੰਧਤ ਹੈ। ਸ਼ਿਕਾਇਤਕਰਤਾ ਪੱਖ ਦਾ ਦੋਸ਼ ਹੈ ਕਿ ਕੰਗਨਾ ਰਣੌਤ ਦੀ ਪੋਸਟ ਕਾਰਨ ਮਹਿੰਦਰ ਕੌਰ ਦੀ ਮਾਣ-ਮਰਿਆਦਾ ਅਤੇ ਸਮਾਜਿਕ ਪ੍ਰਤਿਸ਼ਠਾ ਨੂੰ ਠੇਸ ਪਹੁੰਚੀ। ਇਸੇ ਆਧਾਰ ’ਤੇ ਉਨ੍ਹਾਂ ਵੱਲੋਂ ਕੰਗਨਾ ਰਣੌਤ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਵਾਈ ਗਈ ਸੀ।
ਸੋਮਵਾਰ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 15 ਸਤੰਬਰ 2026 ਦੀ ਤਾਰੀਕ ਤੈਅ ਕੀਤੀ ਹੈ। ਅਗਲੀ ਸੁਣਵਾਈ ਦੌਰਾਨ ਮਾਮਲੇ ਨਾਲ ਸਬੰਧਤ ਗਵਾਹੀ ਅਤੇ ਦਲੀਲਾਂ ਦੀ ਕਾਰਵਾਈ ਅੱਗੇ ਵਧਣ ਦੀ ਸੰਭਾਵਨਾ ਹੈ।