ਮਾਣਹਾਨੀ ਮਾਮਲੇ 'ਚ ਬਠਿੰਡਾ ਦੀ ਅਦਾਲਤ 'ਚ ਪੇਸ਼ ਨਹੀਂ ਹੋਈ ਕੰਗਨਾ ਰਣੌਤ, ਨਿੱਜੀ ਪੇਸ਼ੀ ਤੋਂ ਛੋਟ ਦੇਣ ਦੀ ਅਰਜ਼ੀ ਦਾਖ਼ਲ; 15 ਨੂੰ ਹੋਵੇਗੀ ਸੁਣਵਾਈ
ਸੁਣਵਾਈ ਦੌਰਾਨ ਕੰਗਨਾ ਰਣੌਤ ਨਿੱਜੀ ਤੌਰ 'ਤੇ ਪੇਸ਼ ਨਹੀਂ ਹੋਈ, ਹਾਲਾਂਕਿ ਉਨ੍ਹਾਂ ਦੇ ਵਕੀਲ ਉਨ੍ਹਾਂ ਵੱਲੋਂ ਪੇਸ਼ ਹੋਏ। ਸੁਣਵਾਈ ਦੌਰਾਨ ਮਹਿੰਦਰ ਕੌਰ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਰਘੁਬੀਰ ਸਿੰਘ ਬਹਿਣੀਵਾਲ ਨੇ ਤਿੰਨ ਹੋਰ ਗਵਾਹਾਂ ਨੂੰ ਪੇਸ਼ ਕਰਨ ਲਈ ਅਰਜ਼ੀ ਦਾਇਰ ਕੀਤੀ। ਇਸ ਦੌਰਾਨ ਕੰਗਨਾ ਰਣੌਤ ਦੇ ਵਕੀਲ ਨੇ ਨਿੱਜੀ ਪੇਸ਼ੀ ਤੋਂ ਛੋਟ ਦੀ ਮੰਗ ਕਰਦੇ ਹੋਏ ਅਰਜ਼ੀ ਦਾਇਰ ਕੀਤੀ।
Publish Date: Mon, 05 Jan 2026 06:01 PM (IST)
Updated Date: Mon, 05 Jan 2026 06:05 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ: ਸੋਮਵਾਰ ਨੂੰ ਬਠਿੰਡਾ ਦੀ ਅਦਾਲਤ ਵਿਚ ਭਾਜਪਾ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਚੱਲ ਰਹੇ ਮਾਣਹਾਨੀ ਕੇਸ ਵਿਚ ਸੁਣਵਾਈ ਹੋਈ। ਇਹ ਮਾਮਲਾ ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨਾਂ ਦੌਰਾਨ ਬਜ਼ੁਰਗ ਔਰਤ ਮਹਿੰਦਰ ਕੌਰ ਵਿਰੁੱਧ ਕੀਤੀਆਂ ਗਈਆਂ ਕਥਿਤ ਅਪਮਾਨਜਨਕ ਟਿੱਪਣੀਆਂ ਨਾਲ ਸਬੰਧਤ ਹੈ।
ਸੁਣਵਾਈ ਦੌਰਾਨ ਕੰਗਨਾ ਰਣੌਤ ਨਿੱਜੀ ਤੌਰ 'ਤੇ ਪੇਸ਼ ਨਹੀਂ ਹੋਈ, ਹਾਲਾਂਕਿ ਉਨ੍ਹਾਂ ਦੇ ਵਕੀਲ ਉਨ੍ਹਾਂ ਵੱਲੋਂ ਪੇਸ਼ ਹੋਏ। ਸੁਣਵਾਈ ਦੌਰਾਨ ਮਹਿੰਦਰ ਕੌਰ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਰਘੁਬੀਰ ਸਿੰਘ ਬਹਿਣੀਵਾਲ ਨੇ ਤਿੰਨ ਹੋਰ ਗਵਾਹਾਂ ਨੂੰ ਪੇਸ਼ ਕਰਨ ਲਈ ਅਰਜ਼ੀ ਦਾਇਰ ਕੀਤੀ। ਇਸ ਦੌਰਾਨ ਕੰਗਨਾ ਰਣੌਤ ਦੇ ਵਕੀਲ ਨੇ ਨਿੱਜੀ ਪੇਸ਼ੀ ਤੋਂ ਛੋਟ ਦੀ ਮੰਗ ਕਰਦੇ ਹੋਏ ਅਰਜ਼ੀ ਦਾਇਰ ਕੀਤੀ। ਮਹਿੰਦਰ ਕੌਰ ਦੇ ਵਕੀਲ ਨੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਕੰਗਨਾ ਰਣੌਤ ਜਾਣਬੁੱਝ ਕੇ ਅਦਾਲਤ ਤੋਂ ਬਚ ਰਹੀ ਹੈ ਅਤੇ ਉਨ੍ਹਾਂ ਨੂੰ ਨਿੱਜੀ ਪੇਸ਼ੀ ਤੋਂ ਛੋਟ ਦੇਣਾ ਉਚਿਤ ਨਹੀਂ ਹੈ। ਉਨ੍ਹਾਂ ਅਦਾਲਤ ਨੂੰ ਕੰਗਨਾ ਦੀ ਨਿੱਜੀ ਪੇਸ਼ੀ ਯਕੀਨੀ ਬਣਾਉਣ ਦੀ ਅਪੀਲ ਕੀਤੀ।
ਮਹਿੰਦਰ ਕੌਰ ਦੇ ਵਕੀਲ ਰਘੁਬੀਰ ਸਿੰਘ ਬਹਿਣੀਵਾਲ ਨੇ ਕਿਹਾ ਕਿ ਇਸ ਮਾਮਲੇ ਵਿਚ ਦੋ ਗਵਾਹ ਪਹਿਲਾਂ ਹੀ ਆਪਣੇ ਬਿਆਨ ਦਰਜ ਕਰਵਾ ਚੁੱਕੇ ਹਨ ਅਤੇ ਕੁਝ ਮਹੱਤਵਪੂਰਨ ਸਬੂਤ ਅਦਾਲਤ ਦੇ ਸਾਹਮਣੇ ਪੇਸ਼ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਪੀੜਤ ਧਿਰ ਪਿਛਲੇ ਚਾਰ ਸਾਲਾਂ ਤੋਂ ਇਨਸਾਫ਼ ਲਈ ਲੜ ਰਹੀ ਹੈ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਅਦਾਲਤ ਨੇ ਅਗਲੀ ਸੁਣਵਾਈ 15 ਜਨਵਰੀ ਲਈ ਤੈਅ ਕੀਤੀ।
ਅਗਲੀ ਤਰੀਕ 'ਤੇ ਗਵਾਹ ਦੀ ਅਰਜ਼ੀ ਅਤੇ ਨਿੱਜੀ ਪੇਸ਼ੀ ਤੋਂ ਛੋਟ ਦੀ ਅਰਜ਼ੀ 'ਤੇ ਵਿਸਥਾਰਤ ਦਲੀਲਾਂ ਹੋਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਇਹ ਮਾਮਲਾ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਇੰਟਰਨੈੱਟ 'ਤੇ ਸਾਂਝੀ ਕੀਤੀ ਗਈ ਇਕ ਪੋਸਟ ਨਾਲ ਸਬੰਧਤ ਹੈ, ਜਿਸ ਵਿੱਚ ਕੰਗਨਾ ਰਣੌਤ 'ਤੇ ਇੱਕ ਬਜ਼ੁਰਗ ਔਰਤ, ਮਹਿੰਦਰ ਕੌਰ ਦੇ ਅਕਸ ਨੂੰ ਖਰਾਬ ਕਰਨ ਦਾ ਦੋਸ਼ ਹੈ। ਮਹਿੰਦਰ ਕੌਰ ਦਾ ਕਹਿਣਾ ਹੈ ਕਿ ਉਹ ਉਦੋਂ ਤਕ ਪਿੱਛੇ ਨਹੀਂ ਹਟੇਗੀ ਜਦੋਂ ਤੱਕ ਉਸਨੂੰ ਇਨਸਾਫ਼ ਨਹੀਂ ਮਿਲ ਜਾਂਦਾ।