ਕ੍ਰਿਸ਼ਨ ਸਿੰਘ ਭਾਗੀਵਾਂਦਰ ਵੱਲੋਂ ਹਲਕਾ ਤਲਵੰਡੀ ਸਾਬੋ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕ੍ਰਿਸ਼ਨ ਸਿੰਘ ਭਾਗੀਵਾਂਦਰ ਵੱਲੋਂ ਹਲਕਾ ਤਲਵੰਡੀ ਸਾਬੋ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ
Publish Date: Sun, 15 Nov 2026 04:21 PM (IST)
Updated Date: Sun, 15 Nov 2026 04:24 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਾ ਮੰਡੀ ਹਲਕਾ ਤਲਵੰਡੀ ਸਾਬੋ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਖਰੀਦ ਤੇ ਚੁਕਾਈ ਨੂੰ ਲੈ ਕੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲੈਣ ਲਈ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵੱਲੋਂ ਵੱਖ-ਵੱਖ ਪਿੰਡਾਂ ਦੀਆਂ ਮੰਡੀਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਝੋਨੇ ਦੀ ਖਰੀਦ ਵਿਚ ਹੋ ਰਹੀ ਦੇਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਸਰਕਾਰ ਦੇ ਖਰੀਦ ਪ੍ਰਬੰਧਾਂ ਦੇ ਦਾਅਵਿਆਂ ਦੇ ਉਲਟ ਮੰਡੀਆਂ ਵਿਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਕਈ-ਕਈ ਦਿਨ ਉਡੀਕ ਕਰਨੀ ਪੈ ਰਹੀ ਹੈ। ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਦੋਸ਼ ਲਾਇਆ ਕਿ ਹਲਕੇ ਦੀਆਂ ਕਈ ਮੰਡੀਆਂ ਵਿਚ ਕਿਸਾਨ ਪਿਛਲੇ 15 ਤੋਂ 25 ਦਿਨਾਂ ਤੋਂ ਝੋਨਾ ਲੈ ਕੇ ਬੈਠੇ ਹਨ, ਪਰ ਉਨ੍ਹਾਂ ਦੀ ਫ਼ਸਲ ਦੀ ਬੋਲੀ ਨਹੀਂ ਲੱਗ ਰਹੀ ਤੇ ਨਾ ਹੀ ਝੋਨੇ ਦੀ ਚੁਕਾਈ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਤਿੰਨ ਕਿਲੋ ਤੱਕ ਕੱਟ ਦੇਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਜਿਹੜੇ ਕਿਸਾਨ ਇਹ ਕੱਟ ਦੇਣ ਲਈ ਤਿਆਰ ਹੋ ਜਾਂਦੇ ਹਨ, ਉਨ੍ਹਾਂ ਦੇ ਝੋਨੇ ਦੀ ਬੋਲੀ ਲਗਾ ਕੇ ਫ਼ਸਲ ਚੁੱਕ ਲਈ ਜਾਂਦੀ ਹੈ, ਜਦਕਿ ਕੱਟ ਦੇਣ ਤੋਂ ਇਨਕਾਰ ਕਰਨ ਵਾਲੇ ਕਿਸਾਨਾਂ ਨੂੰ ਨਮੀ ਅਤੇ ਹੋਰ ਬਹਾਨਿਆਂ ਦਾ ਹਵਾਲਾ ਦੇ ਕੇ ਵਾਪਸ ਮੋੜ ਦਿੱਤਾ ਜਾਂਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਮੰਡੀਆਂ ਵਿਚ ਖਰੀਦ ਦੇ ਪ੍ਰਬੰਧ ਸੁਚਾਰੂ ਹਨ ਤਾਂ ਕਿਸਾਨ 20-25 ਦਿਨਾਂ ਤੋਂ ਆਪਣੀ ਫ਼ਸਲ ਲੈ ਕੇ ਕਿਉਂ ਬੈਠੇ ਹਨ? ਕੀ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਕਥਿਤ ਕੱਟ ਦੇਣੇ ਪੈਣਗੇ? ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਮਹਿੰਗੀ ਖੇਤੀ, ਡੀਜ਼ਲ ਤੇ ਹੋਰ ਖੇਤੀ ਲਾਗਤਾਂ ਦੀ ਮਾਰ ਝੱਲ ਰਿਹਾ ਹੈ, ਉੱਪਰੋਂ ਮੰਡੀਆਂ ਵਿੱਚ ਫ਼ਸਲ ਦੀ ਬੋਲੀ ਅਤੇ ਚੁਕਾਈ ਨਾ ਹੋਣ ਕਾਰਨ ਉਸ ਨੂੰ ਆਰਥਿਕ ਨੁਕਸਾਨ ਦੇ ਨਾਲ ਮਾਨਸਿਕ ਪ੍ਰੇਸ਼ਾਨੀ ਵੀ ਝੱਲਣੀ ਪੈ ਰਹੀ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣ ਦੇ ਦਾਅਵੇ ਕਰਦੀ ਹੈ, ਪਰ ਮੰਡੀਆਂ ਵਿਚ ਬੈਠੇ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਕੋਈ ਠੋਸ ਕਦਮ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਸਰਕਾਰ ਨੂੰ ਦੋ-ਟੁੱਕ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਗਲੇ ਦੋ-ਤਿੰਨ ਦਿਨਾਂ ਵਿਚ ਮੰਡੀਆਂ ਵਿਚ ਪਏ ਝੋਨੇ ਦੀ ਬੋਲੀ ਤੇ ਚੁਕਾਈ ਦਾ ਕੰਮ ਸੁਚਾਰੂ ਨਾ ਕੀਤਾ ਗਿਆ ਤਾਂ ਉਹ ਕਿਸਾਨਾਂ ਨੂੰ ਨਾਲ ਲੈ ਕੇ ਸੰਘਰਸ਼ ਵਿੱਢਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਹਲਕੇ ਦੀ ਜਿਸ ਵੀ ਮੰਡੀ ਵਿਚ ਕਿਸਾਨਾਂ ਨੂੰ ਝੋਨਾ ਨਾ ਵਿਕਣ, ਤੁਲਾਈ ਜਾਂ ਚੁਕਾਈ ਦੀ ਸਮੱਸਿਆ ਆਈ, ਉੱਥੇ ਧਰਨੇ ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਹਰ ਪੱਧਰ ’ਤੇ ਸੰਘਰਸ਼ ਕੀਤਾ ਜਾਵੇਗਾ।