ਕੁਲਵੰਤ ਮਲੂਕਾ ਨੇ ਸਾਬਕਾ ਮੁੱਖ ਮੰਤਰੀ ਚੰਨੀ ਦੀ ਨਾਲ ਕੀਤੀ ਮੀਟਿੰਗ ਕੁਲਵੰਤ ਮਲੂਕਾ ਨੇ ਸਾਬਕਾ ਮੁੱਖ ਮੰਤਰੀ ਚੰਨੀ ਦੀ ਨਾਲ ਕੀਤੀ ਮੀਟਿੰਗ
Publish Date: Tue, 17 Nov 2026 04:38 PM (IST)
Updated Date: Tue, 17 Nov 2026 04:39 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨਾਲ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਕਾਂਗਰਸ ਦੇ ਸਰਗਰਮ ਆਗੂ ਕੁਲਵੰਤ ਸਿੰਘ ਮਲੂਕਾ ਵਲੋਂ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ, ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਜਥੇਬੰਦੀ ਨੂੰ ਜ਼ਮੀਨੀ ਪੱਧਰ ਤੇ ਹੋਰ ਸਰਗਰਮ ਕਰਨ ਸਬੰਧੀ ਵਿਚਾਰ-ਵਟਾਂਦਰਾ ਹੋਇਆ। ਜ਼ਿਕਰਯੋਗ ਹੈ ਕਿ ਹਲਕਾ ਬਾਘਾ ਪੁਰਾਣਾ ਤੋਂ ਕਾਂਗਰਸ ਦੀ ਟਿਕਟ ਹਾਸਿਲ ਕਰਨ ਲਈ ਕੁਲਵੰਤ ਸਿੰਘ ਮਲੂਕਾ ਹਰ ਸੰਭਵ ਯਤਨ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਸਿਆਸੀ ਸਰਗਰਮੀਆਂ ਅਤੇ ਉਨ੍ਹਾਂ ਵੱਲੋਂ ਲੋਕਾਂ ਹਿੱਤਾਂ ਲਈ ਕੀਤੇ ਜਾਂ ਰਹੇ ਐਲਾਨਾਂ ਨੂੰ ਲੈ ਕੇ ਕੁਲਵੰਤ ਮਲੂਕਾ ਦੇ ਸਿਆਸੀ ਵਿਰੋਧੀ ਆਗੂ ਚਿੰਤਤ ਵਿਖਾਈ ਦੇ ਰਹੇ ਹਨ। ਇਸ ਮੌਕੇ ਕਾਂਗਰਸ ਦੇ ਸਰਗਰਮ ਆਗੂ ਕੁਲਵੰਤ ਸਿੰਘ ਮਲੂਕਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਅਤੇ ਸਮਰਪਿਤ ਵਰਕਰ ਹਨ, ਜੋ ਹਰ ਸਮੇਂ ਲੋਕਾਂ ਦੇ ਵਿਚਕਾਰ ਰਹਿਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਉਨ੍ਹਾਂ ਦੇ ਹਰ ਦੁੱਖ-ਸੁੱਖ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਮਜ਼ਬੂਤੀ ਦਾ ਆਧਾਰ ਉਸ ਦੇ ਜ਼ਮੀਨੀ ਪੱਧਰ ਦੇ ਵਰਕਰ ਹੁੰਦੇ ਹਨ, ਜਿਨ੍ਹਾਂ ਦੀ ਮਿਹਨਤ ਅਤੇ ਕੁਰਬਾਨੀ ਸਦਕਾ ਪਾਰਟੀ ਲੋਕਾਂ ਤੱਕ ਆਪਣੀ ਪਹੁੰਚ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਸੰਕਲਪ ਹਰ ਕਾਂਗਰਸੀ ਵਰਕਰ ਦਾ ਮਾਣ-ਸਨਮਾਨ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਤਾਕਤ ਉਸ ਦੇ ਵਰਕਰ ਹਨ ਅਤੇ ਵਰਕਰਾਂ ਦਾ ਸਤਿਕਾਰ ਹੀ ਪਾਰਟੀ ਦਾ ਅਸਲ ਮਾਣ ਹੈ। ਉਨ੍ਹਾਂ ਕਿਹਾ ਕਿ ਹਰ ਸਾਥੀ ਦੀ ਆਵਾਜ਼ ਨੂੰ ਪਾਰਟੀ ਅੰਦਰ ਉਚਿਤ ਮੰਚ ਪ੍ਰਦਾਨ ਕਰਨਾ ਅਤੇ ਸਮੂਹ ਵਰਕਰਾਂ ਨੂੰ ਨਾਲ ਲੈ ਕੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਾ ਹੈ। ਕੁਲਵੰਤ ਸਿੰਘ ਮਲੂਕਾ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਆਪਸੀ ਏਕਤਾ, ਆਪਸੀ ਸਤਿਕਾਰ ਅਤੇ ਵਰਕਰਾਂ ਦੀ ਸ਼ਮੂਲੀਅਤ ਬੇਹੱਦ ਅਹਿਮ ਹੈ। ਸਾਬਕਾ ਮੁੱਖ ਮੰਤਰੀ ਚੰਨੀ ਨੇ ਕੁਲਵੰਤ ਸਿੰਘ ਮਲੂਕਾ ਵਲੋਂ ਹਲਕੇ ਅੰਦਰ ਨਿਭਾਈ ਜਾ ਰਹੀ ਸੇਵਾ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਮਜ਼ਬੂਤੀ ਲਈ ਮਿਹਨਤੀ ਇਮਾਨਦਾਰ ਅਤੇ ਲੋਕ ਸੇਵਾ ਨੂੰ ਸਮਰਪਿਤ ਸ਼ਖਸੀਅਤਾਂ ਦੀ ਵੱਡੀ ਲੋੜ ਹੈ।