ਲਹਿਰਾ ਮੁਹੱਬਤ ਥਰਮਲ ਪਲਾਂਟ ਮੁਲਾਜ਼ਮਾਂ ਦੀ ਹੜਤਾਲ 26 ਜੁਲਾਈ ਤੱਕ ਵਧੀ, ਸਰਕਾਰ ਤੇ ਪਾਵਰਕਾਮ ਖ਼ਿਲਾਫ਼ ਖੋਲ੍ਹਿਆ ਮੋਰਚਾ
ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਵੱਲੋਂ ਪਿਛਲੇ ਛੇ ਮਹੀਨਿਆਂ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਟਾਲਮਟੋਲ ਵਾਲੇ ਰਵੱਈਏ ਤੋਂ ਨਾਰਾਜ਼ ਬਿਜਲੀ ਮੁਲਾਜ਼ਮਾਂ ਦੀਆਂ 17 ਜਥੇਬੰਦੀਆਂ ਦੇ ਸਾਂਝੇ ਫਰੰਟ ਵੱਲੋਂ ਚਲਾਈ ਜਾ ਰਹੀ ਹੜਤਾਲ ਚੌਥੇ ਦਿਨ ਵੀ ਜਾਰੀ ਰਹੀ। ਇਸ ਦੌਰਾਨ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਜਥੇਬੰਦੀਆਂ ਨੇ ਐਲਾਨ ਕੀਤਾ ਕਿ ਹੜਤਾਲ ਨੂੰ 25 ਅਤੇ 26 ਜੁਲਾਈ ਤੱਕ ਹੋਰ ਵਧਾ ਦਿੱਤਾ ਗਿਆ ਹੈ ਅਤੇ ਜਦੋਂ ਤੱਕ ਮੰਗਾਂ ਦਾ ਢੁੱਕਵਾਂ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ
Publish Date: Fri, 24 Jul 2026 12:00 PM (IST)
Updated Date: Fri, 24 Jul 2026 12:01 PM (IST)
ਗੁਰਤੇਜ ਸਿੰਘ ਸਿੱਧੂ , ਪੰਜਾਬੀ ਜਾਗਰਣ, ਬਠਿੰਡਾ - ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਵੱਲੋਂ ਪਿਛਲੇ ਛੇ ਮਹੀਨਿਆਂ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਟਾਲਮਟੋਲ ਵਾਲੇ ਰਵੱਈਏ ਤੋਂ ਨਾਰਾਜ਼ ਬਿਜਲੀ ਮੁਲਾਜ਼ਮਾਂ ਦੀਆਂ 17 ਜਥੇਬੰਦੀਆਂ ਦੇ ਸਾਂਝੇ ਫਰੰਟ ਵੱਲੋਂ ਚਲਾਈ ਜਾ ਰਹੀ ਹੜਤਾਲ ਚੌਥੇ ਦਿਨ ਵੀ ਜਾਰੀ ਰਹੀ। ਇਸ ਦੌਰਾਨ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਜਥੇਬੰਦੀਆਂ ਨੇ ਐਲਾਨ ਕੀਤਾ ਕਿ ਹੜਤਾਲ ਨੂੰ 25 ਅਤੇ 26 ਜੁਲਾਈ ਤੱਕ ਹੋਰ ਵਧਾ ਦਿੱਤਾ ਗਿਆ ਹੈ ਅਤੇ ਜਦੋਂ ਤੱਕ ਮੰਗਾਂ ਦਾ ਢੁੱਕਵਾਂ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਬਿਜਲੀ ਮੁਲਾਜ਼ਮਾਂ ਦੀਆਂ 17 ਜਥੇਬੰਦੀਆਂ ਦੇ ਸਾਂਝੇ ਸੱਦੇ ਤਹਿਤ ਇੰਪਲਾਈਜ਼ ਫੈਡਰੇਸ਼ਨ ਚਾਹਲ ਗਰੁੱਪ, ਗ੍ਰਿਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ ਰਜਿ. 24 ਅਤੇ ਮਟੀਰੀਅਲ ਸਰਵਿਸ ਯੂਨੀਅਨ ਥਰਮਲ ਯੂਨਿਟ ਵੱਲੋਂ ਸ਼ਿਫਟ ਰੈਲੀ ਕੀਤੀ ਗਈ। ਇਸ ਦੌਰਾਨ ਕਈ ਕਰਮਚਾਰੀਆਂ ਨੇ ਸਮੂਹਿਕ ਛੁੱਟੀ ਲੈ ਕੇ ਹੜਤਾਲ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ। ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਵੱਲੋਂ ਵਾਰ-ਵਾਰ ਭਰੋਸੇ ਦਿੱਤੇ ਜਾ ਰਹੇ ਹਨ, ਪਰ ਮੰਗਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਸ ਮੌਕੇ ਜਥੇਬੰਦੀਆਂ ਦੇ ਆਗੂ ਬਲਜੀਤ ਸਿੰਘ ਬਰਾੜ, ਅਵਤਾਰ ਸਿੰਘ ਬਰਾੜ, ਸੁਖਦੇਵ ਸਿੰਘ ਗਰੇਵਾਲ, ਰਘਬੀਰ ਸਿੰਘ ਸੈਣੀ, ਰਜਿੰਦਰ ਸਿੰਘ ਨਿੰਮਾ, ਕੇਸਵ ਅਧਿਕਾਰੀ, ਰਣਜੀਤ ਸਿੰਘ ਸਹੋਤਾ ਅਤੇ ਲਖਵੰਤ ਸਿੰਘ ਬਾਂਡੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਮਜ਼ਬੂਰਨ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੰਗਾਂ ਦਾ ਹੱਲ ਨਾ ਕਰਕੇ ਪੰਜਾਬ ਦੀ ਆਮ ਜਨਤਾ ਨੂੰ ਵੀ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਕਰਵਾਇਆ ਜਾ ਰਿਹਾ ਹੈ।
ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨਾ, ਜੁਲਾਈ 2020 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ 'ਤੇ ਪੰਜਾਬ ਦਾ ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨਾ, ਵਰਕਚਾਰਜ ਤੋਂ ਸਹਾਇਕ ਲਾਈਨਮੈਨ ਅਹੁਦੇ 'ਤੇ ਤਰੱਕੀ ਪ੍ਰਾਪਤ ਕਰਮਚਾਰੀਆਂ ਨੂੰ ਪੰਜਾਬ ਦੇ ਤਨਖ਼ਾਹ ਸਕੇਲਾਂ ਦਾ ਲਾਭ ਦੇਣਾ, ਜੇਪੀਏ, ਟੀਜੀ, ਈਜੀ-2, ਐੱਸਐੱਸਏ, ਏਐੱਸਐੱਸਏ ਅਤੇ ਸਕਿੱਲਡ ਵਰਕਰਾਂ ਦੇ ਤਨਖ਼ਾਹ ਸਕੇਲਾਂ ਵਿੱਚਲੀਆਂ ਤਰੁੱਟੀਆਂ ਦੂਰ ਕਰਨਾ ਅਤੇ ਜੇਈ ਕੈਟਾਗਰੀ ਨੂੰ ਦਿੱਤਾ ਗਿਆ ਸ਼ੁਰੂਆਤੀ ਤਨਖ਼ਾਹ ਸਕੇਲ ਥਰਮਲ ਪਲਾਂਟ ਦੀਆਂ ਬਰਾਬਰ ਦੀਆਂ ਕੈਟਾਗਰੀਆਂ 'ਤੇ ਲਾਗੂ ਕਰਨਾ ਸ਼ਾਮਲ ਹੈ।
ਇਸ ਤੋਂ ਇਲਾਵਾ ਡੀਏ ਸਮੇਤ ਬਣਦੇ ਬਕਾਏ ਜਾਰੀ ਕਰਨ, ਨਵੇਂ ਨਿਯੁਕਤ ਕਰਮਚਾਰੀਆਂ ਨੂੰ ਰੈਂਟ ਫ਼ਰੀ ਕੁਆਰਟਰ ਅਲਾਟ ਕਰਨ, ਸੋਲੈਸ਼ੀਅਮ ਦੀ ਰਕਮ 'ਤੇ 12 ਫ਼ੀਸਦੀ ਵਿਆਜ ਸਬੰਧੀ ਜਾਰੀ ਪੱਤਰ ਵਾਪਸ ਲੈਣ, ਸਬ-ਸਟੇਸ਼ਨ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਲਈ ਐੱਸਐੱਸਏ ਅਤੇ ਏਐੱਸਐੱਸਏ ਦੀ ਤੁਰੰਤ ਤਾਇਨਾਤੀ ਕਰਨ ਅਤੇ ਜੁਲਾਈ 2021 ਤੋਂ ਜੀਆਈ ਲਾਗੂ ਕਰਕੇ ਸਮੇਤ ਬਕਾਇਆ ਰਾਸ਼ੀ ਜਾਰੀ ਕਰਨ ਦੀਆਂ ਮੰਗਾਂ ਵੀ ਪ੍ਰਮੁੱਖ ਹਨ। ਆਗੂਆਂ ਨੇ ਕਿਹਾ ਕਿ ਜਥੇਬੰਦੀਆਂ ਵੱਲੋਂ ਕਈ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ, ਪਰ ਮਸਲਿਆਂ ਦੇ ਹੱਲ ਲਈ ਕੋਈ ਸਾਰਥਕ ਪਹਿਲ ਨਹੀਂ ਕੀਤੀ ਗਈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਨੇ ਜਲਦੀ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਬੰਧਨ ਦੀ ਹੋਵੇਗੀ। ਅੱਜ ਦੀ ਸ਼ਿਫਟ ਰੈਲੀ ਵਿੱਚ ਗੁਰਲਾਲ ਸਿੰਘ ਗਿੱਲ, ਇਕਬਾਲ ਸਿੰਘ ਸੇਖੋਂ, ਵਿਕਰਮਜੀਤ ਸਿੰਘ (ਵਿੱਕੀ), ਦਾਨਿਸ਼, ਦੇਵੀ ਲਾਲ ਸਮੇਤ ਥਰਮਲ ਪਲਾਂਟ ਦੇ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ ਅਤੇ ਉਨ੍ਹਾਂ ਨੇ ਜਥੇਬੰਦੀਆਂ ਵੱਲੋਂ ਉਲੀਕੇ ਗਏ ਸੰਘਰਸ਼ ਪ੍ਰੋਗਰਾਮ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ।