ਮੈਡਮ ਰੁਪਾਲੀ ਟੰਡਨ ਨੇ ਤਲਵੰਡੀ ਸਾਬੋ ਦੇ ਨਵੇਂ ਐੱਸਡੀਐੱਮ ਵਜੋਂ ਸੰਭਾਲਿਆ ਅਹੁਦਾ ਮੈਡਮ ਰੁਪਾਲੀ ਟੰਡਨ ਨੇ ਤਲਵੰਡੀ ਸਾਬੋ ਦੇ ਨਵੇਂ ਐੱਸਡੀਐੱਮ ਵਜੋਂ ਸੰਭਾਲਿਆ ਅਹੁਦਾ
Publish Date: Sat, 14 Nov 2026 04:29 PM (IST)
Updated Date: Sat, 14 Nov 2026 04:30 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਸਬ-ਡਵੀਜ਼ਨ ਤਲਵੰਡੀ ਸਾਬੋ ਵਿਚ ਪ੍ਰਸ਼ਾਸਨਿਕ ਜ਼ਿੰਮੇਵਾਰੀਆਂ ਵਿਚ ਤਬਦੀਲੀ ਕਰਦਿਆਂ ਪੀਸੀਐੱਸ ਅਧਿਕਾਰੀ ਮੈਡਮ ਰੁਪਾਲੀ ਟੰਡਨ ਨੇ ਨਵੇਂ ਸਬ-ਡਵੀਜ਼ਨਲ ਮੈਜਿਸਟ੍ਰੇਟ (ਐੱਸਡੀਐੱਮ) ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਨਾਲ ਹੁਣ ਤਲਵੰਡੀ ਸਾਬੋ ਸਬ-ਡਵੀਜ਼ਨ ਦੇ ਪ੍ਰਸ਼ਾਸਨਿਕ ਕੰਮਕਾਜ ਦੀ ਜ਼ਿੰਮੇਵਾਰੀ ਉਨ੍ਹਾਂ ਦੇ ਹੱਥਾਂ ਵਿਚ ਹੋਵੇਗੀ। ਐੱਸਡੀਐੱਮ ਦਾ ਅਹੁਦਾ ਸਬ-ਡਵੀਜ਼ਨ ਦੇ ਪ੍ਰਸ਼ਾਸਨਿਕ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਾਲ-ਨਾਲ ਲੋਕਾਂ ਦੀਆਂ ਰੋਜ਼ਾਨਾ ਸਮੱਸਿਆਵਾਂ ਦੇ ਹੱਲ ਲਈ ਵੀ ਅਹਿਮ ਮੰਨਿਆ ਜਾਂਦਾ ਹੈ। ਇਸ ਅਹੁਦੇ ਦੀ ਜ਼ਿੰਮੇਵਾਰੀ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਾ, ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਵਿਚ ਤਾਲਮੇਲ ਬਣਾਉਣਾ, ਮਾਲ ਵਿਭਾਗ ਨਾਲ ਸਬੰਧਤ ਮਾਮਲਿਆਂ ਦੀ ਨਿਗਰਾਨੀ ਕਰਨਾ ਅਤੇ ਸਬ-ਡਵੀਜ਼ਨ ਵਿੱਚ ਕਾਨੂੰਨ ਵਿਵਸਥਾ ਤੇ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪ੍ਰਸ਼ਾਸਨਿਕ ਪੱਧਰ ’ਤੇ ਕਾਰਵਾਈ ਕਰਨਾ ਸ਼ਾਮਲ ਹੁੰਦਾ ਹੈ। ਤਲਵੰਡੀ ਸਾਬੋ ਧਾਰਮਿਕ, ਇਤਿਹਾਸਕ ਅਤੇ ਸਮਾਜਿਕ ਪੱਖੋਂ ਵਿਸ਼ੇਸ਼ ਮਹੱਤਵ ਰੱਖਣ ਵਾਲਾ ਇਲਾਕਾ ਹੈ। ਇੱਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਸੰਗਤਾਂ ਦੀ ਆਮਦ ਰਹਿੰਦੀ ਹੈ। ਅਜਿਹੇ ਵਿੱਚ ਧਾਰਮਿਕ ਸਮਾਗਮਾਂ, ਤਿਉਹਾਰਾਂ ਅਤੇ ਹੋਰ ਮਹੱਤਵਪੂਰਨ ਮੌਕਿਆਂ ਦੌਰਾਨ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਵੀ ਵਿਸ਼ੇਸ਼ ਅਹਿਮੀਅਤ ਰਹਿੰਦੀ ਹੈ। ਮੈਡਮ ਰੁਪਾਲੀ ਟੰਡਨ ਦੇ ਐੱਸ.ਡੀ.ਐੱਮ. ਵਜੋਂ ਅਹੁਦਾ ਸੰਭਾਲਣ ’ਤੇ ਇਲਾਕੇ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ। ਲੋਕਾਂ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਅਗਵਾਈ ਹੇਠ ਸਬ-ਡਵੀਜ਼ਨ ਦੇ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾਣਗੇ।