- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਸਪੀ ਜਸਮੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਪਰਵਿੰਦਰ ਕੁਮਾਰ ਸਿੰਘਾ ਕਟਿੰਗ ਦਾ ਕੰਮ ਕਰਦਾ ਹੈ, ਮਨਪ੍ਰੀਤ ਸਿੰਘ ਡੀਜੇ ਸਾਊਂਡ ਦਾ ਕੰਮ ਕਰਦਾ ਹੈ, ਜਦਕਿ ਸਰਬਜੀਤ ਸਿੰਘ ਦਿਹਾੜੀਦਾਰ ਮਜ਼ਦੂਰ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮਨਪ੍ਰੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਇੱਕ ਮਾਮਲਾ ਦਰਜ ਹੈ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ। ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਤਿੰਨ ਨੌਜਵਾਨਾਂ ਨੂੰ ਇੱਕ ਕਿਲੋ ਹੈਰੋਇਨ (ਚਿੱਟਾ) ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਰਾਮਪੁਰਾ ਫੂਲ ਇਲਾਕੇ ਵਿੱਚ ਨਾਕਾਬੰਦੀ ਦੌਰਾਨ ਕਾਬੂ ਕੀਤਾ ਗਿਆ। ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਦਾਲਤ ਤੋਂ ਪੁਲਿਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਐਸਪੀ ਜਸਮੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ 21 ਜੁਲਾਈ ਨੂੰ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪੁਲਿਸ ਪਾਰਟੀ ਨੂੰ ਰਾਮਪੁਰਾ ਮੰਡੀ ਤੋਂ ਸੂਏ ਦੀ ਪਟੜੀ ਦੇ ਨਾਲ ਜਾਂਦੀ ਲਿੰਕ ਸੜਕ 'ਤੇ ਚੌਰਾ ਨੇੜੇ ਇੱਕ ਮੋਟਰਸਾਈਕਲ ਨੰਬਰ ਪੀਬੀ-03-ਬੀਪੀ-4177 'ਤੇ ਸਵਾਰ ਤਿੰਨ ਨੌਜਵਾਨ ਆਉਂਦੇ ਦਿਖਾਈ ਦਿੱਤੇ।
ਸ਼ੱਕ ਦੇ ਆਧਾਰ 'ਤੇ ਜਦੋਂ ਉਨ੍ਹਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਕਿਲੋ ਹੈਰੋਇਨ ਬਰਾਮਦ ਹੋਈ। ਇਸ ਤੋਂ ਬਾਅਦ ਤਿੰਨਾਂ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਪਰਵਿੰਦਰ ਕੁਮਾਰ ਸਿੰਘਾ ਪੁੱਤਰ ਪੱਪੂ ਸਿੰਘ ਵਾਸੀ ਕਲਗੀਧਰ ਕਾਲੋਨੀ ਰਾਮਪੁਰਾ ਮੰਡੀ, ਮਨਪ੍ਰੀਤ ਸਿੰਘ ਪੁੱਤਰ ਸ਼ੁੱਧ ਸਿੰਘ ਅਤੇ ਸਰਬਜੀਤ ਸਿੰਘ ਪੁੱਤਰ ਬਲਬੀਰ ਸਿੰਘ ਦੋਵੇਂ ਵਾਸੀ ਲਹਿਰਾ ਮੁਹੱਬਤ ਵਜੋਂ ਹੋਈ ਹੈ। ਪੁਲਿਸ ਅਨੁਸਾਰ ਤਿੰਨਾਂ ਦੀ ਉਮਰ 20 ਤੋਂ 27 ਸਾਲ ਦੇ ਵਿਚਕਾਰ ਹੈ।
ਐਸਪੀ ਜਸਮੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਪਰਵਿੰਦਰ ਕੁਮਾਰ ਸਿੰਘਾ ਕਟਿੰਗ ਦਾ ਕੰਮ ਕਰਦਾ ਹੈ, ਮਨਪ੍ਰੀਤ ਸਿੰਘ ਡੀਜੇ ਸਾਊਂਡ ਦਾ ਕੰਮ ਕਰਦਾ ਹੈ, ਜਦਕਿ ਸਰਬਜੀਤ ਸਿੰਘ ਦਿਹਾੜੀਦਾਰ ਮਜ਼ਦੂਰ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮਨਪ੍ਰੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਇੱਕ ਮਾਮਲਾ ਦਰਜ ਹੈ।
ਐਸਪੀ ਨੇ ਕਿਹਾ ਕਿ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਉਹ ਇਨ੍ਹੀ ਵੱਡੀ ਮਾਤਰਾ ਵਿੱਚ ਹੈਰੋਇਨ ਕਿੱਥੋਂ ਲੈ ਕੇ ਆਏ ਸਨ, ਇਸ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ ਅਤੇ ਇਸ ਗੈਰ-ਕਾਨੂੰਨੀ ਨੈੱਟਵਰਕ ਨਾਲ ਹੋਰ ਕਿਹੜੇ ਵਿਅਕਤੀ ਜੁੜੇ ਹੋਏ ਹਨ। ਪੁਲਿਸ ਵੱਲੋਂ ਮੁਲਜ਼ਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਜਾ ਸਕੇ।