ਪੁਲਿਸ ਦਾ ਵੱਡਾ ਸਰਚ ਅਭਿਆਨ, 10 ਗ੍ਰਾਮ ਹੈਰੋਇਨ ਬਰਾਮਦ, 4 ਵਿਅਕਤੀ ਗ੍ਰਿਫ਼ਤਾਰ, 10 ਪੁੱਛਗਿੱਛ ਲਈ ਹਿਰਾਸਤ ’ਚ ਲਏ ਪੁਲਿਸ ਦਾ ਵੱਡਾ ਸਰਚ ਅਭਿਆਨ, 10 ਗ੍ਰਾਮ ਹੈਰੋਇਨ ਬਰਾਮਦ, 4 ਵਿਅਕਤੀ ਗ੍ਰਿਫ਼ਤਾਰ, 10 ਪੁੱਛਗਿੱਛ ਲਈ ਹਿਰਾਸਤ ’ਚ ਲਏ
Publish Date: Sat, 26 Sep 2026 04:02 PM (IST)
Updated Date: Sat, 26 Sep 2026 04:03 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਨਸ਼ਿਆਂ ਦੀ ਤਸਕਰੀ ਤੇ ਇਸ ਨਾਲ ਜੁੜੀਆਂ ਗਤੀਵਿਧੀਆਂ ’ਤੇ ਸ਼ਿਕੰਜਾ ਕੱਸਣ ਲਈ ਬਠਿੰਡਾ ਪੁਲਿਸ ਵੱਲੋਂ ਜ਼ਿਲ੍ਹੇ ਵਿਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪਿੰਡ ਮੱਲ ਵਾਲਾ ਵਿਚ ਵੱਡੇ ਪੱਧਰ ’ਤੇ ਸਰਚ ਅਭਿਆਨ ਚਲਾਇਆ ਗਿਆ। ਸਬ-ਡਿਵੀਜ਼ਨ ਬਠਿੰਡਾ ਦਿਹਾਤੀ ਅਧੀਨ ਆਉਂਦੇ ਥਾਣਾ ਸੰਗਤ ਦੇ ਪਿੰਡ ਮੱਲ ਵਾਲਾ ਵਿਚ ਕੀਤੀ ਗਈ ਇਸ ਕਾਰਵਾਈ ਦੌਰਾਨ ਪੁਲਿਸ ਨੇ 10 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ 10 ਹੋਰ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਗਿਆ। ਇਸ ਤੋਂ ਇਲਾਵਾ ਇਕ ਸ਼ੱਕੀ ਮੋਟਰਸਾਈਕਲ ਵੀ ਪੁਲਿਸ ਨੇ ਕਬਜ਼ੇ ਵਿੱਚ ਲਿਆ ਹੈ। ਜਾਣਕਾਰੀ ਅਨੁਸਾਰ ਬਠਿੰਡਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਹ ਸਰਚ ਅਭਿਆਨ ਐੱਸਐੱਸਪੀ. ਬਠਿੰਡਾ ਸੁਹੇਲ ਕਾਸਮ ਮੀਰ ਆਈਪੀਐੱਸ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕੀਤਾ ਗਿਆ ਹੈ। ਸਰਚ ਅਭਿਆਨ ਦੀ ਅਗਵਾਈ ਐੱਸਪੀ. ਇਨਵੈਸਟੀਗੇਸ਼ਨ ਬਠਿੰਡਾ ਮਨੋਜ ਗੋਰਸੀ ਅਤੇ ਡੀਐੱਸਪੀ ਬਠਿੰਡਾ ਦਿਹਾਤੀ ਹਰਵਿੰਦਰ ਸਿੰਘ ਸਰਾਂ ਵੱਲੋਂ ਕੀਤੀ ਗਈ। ਪੁਲਿਸ ਵੱਲੋਂ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਅੰਜਾਮ ਦੇਣ ਲਈ ਕਰੀਬ 200 ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਸੀ। ਇੰਨ੍ਹਾਂ ਮੁਲਾਜ਼ਮਾਂ ਨੇ ਘਰ ਘਰ ਜਾ ਬਾਰੀਕੀ ਨਾਲ ਸਮਾਨ ਦੀ ਤਲਾਸ਼ੀ ਕੀਤੀ ਅਤੇ ਸ਼ੱਕੀਆਂ ਤੋਂ ਪੁੱਛਗਿੱਛ ਕੀਤੀ ਗਈ। ਪਿੰਡ ਨੂੰ ਆਉਣ-ਜਾਣ ਵਾਲੇ ਰਸਤੇ ਕੀਤੇ ਸੀਲ ਸ਼ਨੀਵਾਰ ਸਵੇਰ ਸਮੇਂ ਸਰਚ ਅਭਿਆਨ ਸ਼ੁਰੂ ਕਰਨ ਤੋਂ ਪਹਿਲਾਂ ਪੁਲਿਸ ਵੱਲੋਂ ਪਿੰਡ ਮੱਲ ਵਾਲਾ ਨੂੰ ਆਉਣ-ਜਾਣ ਵਾਲੇ ਮੁੱਖ ਤੇ ਹੋਰ ਰਸਤਿਆਂ ’ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਪੁਲਿਸ ਟੀਮਾਂ ਨੇ ਰਸਤਿਆਂ ਨੂੰ ਸੀਲ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ। ਇਸ ਦੌਰਾਨ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕਰਨ ਦੇ ਨਾਲ-ਨਾਲ ਵਾਹਨਾਂ ਦੀ ਵੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਤੋਂ ਬਾਅਦ ਵੱਖ-ਵੱਖ ਪੁਲਿਸ ਟੀਮਾਂ ਵੱਲੋਂ ਪਿੰਡ ਵਿਚ ਸਰਚ ਮੁਹਿੰਮ ਚਲਾਈ ਗਈ। ਪੁਲਿਸ ਵੱਲੋਂ ਸ਼ੱਕੀ ਥਾਵਾਂ ਅਤੇ ਵਿਅਕਤੀਆਂ ਦੀ ਜਾਂਚ ਕੀਤੀ ਗਈ। ਕਾਰਵਾਈ ਦੌਰਾਨ ਪੁਲਿਸ ਟੀਮਾਂ ਨੂੰ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੌਕੇ ’ਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ 10 ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਗਿਆ। ਜਾਂਚ ਦੌਰਾਨ ਇਕ ਮੋਟਰਸਾਈਕਲ ਨੂੰ ਵੀ ਸ਼ੱਕੀ ਮੰਨਦਿਆਂ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ। ਨਸ਼ਾ ਤਸਕਰੀ ਖ਼ਿਲਾਫ਼ ਸਖ਼ਤ ਕਾਰਵਾਈ ਦਾ ਦਾਅਵਾ ਸਰਚ ਅਭਿਆਨ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਐੱਸਪੀ ਇਨਵੈਸਟੀਗੇਸ਼ਨ ਮਨੋਜ ਗੋਰਸੀ ਨੇ ਕਿਹਾ ਕਿ ਬਠਿੰਡਾ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਅਤੇ ਨਸ਼ਿਆਂ ਨਾਲ ਜੁੜੀਆਂ ਗਤੀਵਿਧੀਆਂ ’ਤੇ ਕਾਬੂ ਪਾਉਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸ਼ੱਕੀ ਗਤੀਵਿਧੀਆਂ ਵਾਲੇ ਇਲਾਕਿਆਂ ਵਿੱਚ ਸਰਚ ਅਭਿਆਨ ਚਲਾਉਣ ਦੇ ਨਾਲ-ਨਾਲ ਨਾਕਾਬੰਦੀ ਅਤੇ ਵਾਹਨਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਪੁਲਿਸ ਦਾ ਕਹਿਣਾ ਹੈ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਅਜਿਹੇ ਸਰਚ ਅਭਿਆਨ ਅੱਗੇ ਵੀ ਜਾਰੀ ਰਹਿਣਗੇ।