ਪੰਜਾਬ 'ਚ ਵੱਡਾ ਆਤੰਕੀ ਖ਼ਤਰਾ ਟਲਿਆ; ਬਠਿੰਡਾ 'ਚ ਦੋ ਸ਼ੱਕੀ ਕਾਬੂ, ਹੈਂਡ ਗ੍ਰਨੇਡ ਬਰਾਮਦ, ਸਰਹੱਦ ਪਾਰ ਨੈੱਟਵਰਕ ਨਾਲ ਜੁੜੇ ਤਾਰ
ਏਆਈਜੀ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਟੀਮਾਂ ਦੀ ਤੁਰੰਤ ਕਾਰਵਾਈ ਨਾਲ ਇਕ ਸੰਭਾਵੀ ਘਟਨਾ ਨੂੰ ਰੋਕਿਆ ਗਿਆ ਅਤੇ ਇਕ ਵੱਡੇ ਖ਼ਤਰੇ ਨੂੰ ਨਾਕਾਮ ਕਰ ਦਿੱਤਾ ਗਿਆ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਫ਼ਾਜ਼ਿਲਕਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।
Publish Date: Wed, 18 Mar 2026 04:47 PM (IST)
Updated Date: Wed, 18 Mar 2026 05:01 PM (IST)
ਜਾਗਰਣ ਸੰਵਾਦਦਾਤਾ, ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਨੇ ਇਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਦੀ ਪਛਾਣ ਬੂਟਾ ਸਿੰਘ ਉਰਫ਼ ਗੁਰਪ੍ਰੀਤ ਸਿੰਘ ਉਰਫ਼ ਗੋਪੂ ਨਿਵਾਸੀ ਗਿੱਲਵਾਲੀ (ਜ਼ਿਲ੍ਹਾ ਫ਼ਿਰੋਜ਼ਪੁਰ) ਤੇ ਹਰਮੰਦਰ ਸਿੰਘ ਉਰਫ਼ ਨਿੱਕਾ ਨਿਵਾਸੀ ਮੋਥਾਂਵਾਲੀ (ਜ਼ਿਲ੍ਹਾ ਮੋਗਾ) ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਵਿਚ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਇਕ ਗੈਰ-ਕਾਨੂੰਨੀ ਸਪਲਾਈ-ਚੇਨ ਦਾ ਹਿੱਸਾ ਸਨ, ਜੋ ਸਰਹੱਦ ਪਾਰਲੇ ਅੰਸ਼ਾਂ ਨਾਲ ਜੁੜੀ ਹੋਈ ਹੈ ਅਤੇ ਜਿਨ੍ਹਾਂ ਦਾ ਉਦੇਸ਼ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਜਨਤਕ ਸੁਰੱਖਿਆ ਨੂੰ ਭੰਗ ਕਰਨਾ ਸੀ।
ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਅਗਲੇ ਅਤੇ ਪਿਛਲੇ ਸਬੰਧਾਂ (ਫਾਰਵਰਡ ਅਤੇ ਬੈਕਵਰਡ ਲਿੰਕ) ਨੂੰ ਸਥਾਪਿਤ ਕਰਨ ਅਤੇ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।
ਏਆਈਜੀ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਇਕ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਆਪਰੇਟਿਵਾਂ ਨੇ ਹੈਂਡ ਗ੍ਰਨੇਡ ਪ੍ਰਾਪਤ ਕੀਤੇ ਹਨ। ਇਸ ਸੂਚਨਾ ਦੇ ਆਧਾਰ 'ਤੇ ਸੀਆਈ ਬਠਿੰਡਾ ਨੇ ਤੁਰੰਤ ਖੁਫ਼ੀਆ ਜਾਣਕਾਰੀ ਅਧਾਰਿਤ ਮੁਹਿੰਮ ਚਲਾਈ ਅਤੇ ਦੋਵਾਂ ਸ਼ੱਕੀਆਂ ਨੂੰ ਮੋਗਾ-ਫ਼ਿਰੋਜ਼ਪੁਰ ਰੋਡ ਤੋਂ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ।
ਏਆਈਜੀ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਟੀਮਾਂ ਦੀ ਤੁਰੰਤ ਕਾਰਵਾਈ ਨਾਲ ਇਕ ਸੰਭਾਵੀ ਘਟਨਾ ਨੂੰ ਰੋਕਿਆ ਗਿਆ ਅਤੇ ਇਕ ਵੱਡੇ ਖ਼ਤਰੇ ਨੂੰ ਨਾਕਾਮ ਕਰ ਦਿੱਤਾ ਗਿਆ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਫ਼ਾਜ਼ਿਲਕਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।