- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਖ਼ਤ ਸਾਹਿਬ ਦੇ ਭਾਈ ਡੱਲ ਸਿੰਘ ਦੀਵਾਨ ਹਾਲ ਵਿਖੇ ਹੋਏ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਕੰਵਲਜੀਤ ਸਿੰਘ ਦੇ ਜਥੇ ਤੋਂ ਇਲਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਅਤੇ ਭਾਈ ਬਿੰਦਰ ਸਿੰਘ ਦੇ ਜਥਿਆਂ ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਨਸ਼ਿਆਂ ਦੇ ਕਹਿਰ ਨਾਲ ਜੂਝ ਰਹੀ ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਮਨੁੱਖਤਾ ਦੀ ਭਲਾਈ ਲਈ ਆਵਾਜ਼ ਬੁਲੰਦ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੇ ਪੰਜਾਬ ਦੇ ਲੋਕਾਂ ਦੇ ਮਨਾਂ 'ਤੇ ਡੂੰਘੀ ਛਾਪ ਛੱਡੀ ਹੈ। ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਆਪਣਾ ਮਿਸ਼ਨ ਬਣਾਉਣ ਵਾਲੇ ਭਾਈ ਝੋਟਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੌਮੀ ਸ਼ਹੀਦ ਐਲਾਨੇ ਜਾਣ ਤੋਂ ਬਾਅਦ ਅੱਜ ਉਨ੍ਹਾਂ ਨਮਿਤ ਅੰਤਿਮ ਅਰਦਾਸ ਸਮਾਗਮ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਇਆ ਗਿਆ।
ਭਾਈ ਝੋਟਾ ਦੀ ਸੋਚ ਨੂੰ ਅੱਗੇ ਲਿਜਾਣ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਸਲਾਮ ਕਰਨ ਲਈ ਪੰਜਾਬ ਸਮੇਤ ਹੋਰਨਾਂ ਸੂਬਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਤਖ਼ਤ ਸਾਹਿਬ ਵਿਖੇ ਪਹੁੰਚੀਆਂ। ਇਸ ਮੌਕੇ ਜਿੱਥੇ ਸੰਗਤਾਂ ਨੇ ਨਮ ਅੱਖਾਂ ਨਾਲ ਸ਼ਰਧਾ ਦੇ ਫੁੱਲ ਭੇਟ ਕੀਤੇ, ਉੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਵੱਖ-ਵੱਖ ਧਾਰਮਿਕ, ਰਾਜਸੀ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ।
ਤਖ਼ਤ ਸਾਹਿਬ ਦੇ ਭਾਈ ਡੱਲ ਸਿੰਘ ਦੀਵਾਨ ਹਾਲ ਵਿਖੇ ਹੋਏ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਕੰਵਲਜੀਤ ਸਿੰਘ ਦੇ ਜਥੇ ਤੋਂ ਇਲਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਅਤੇ ਭਾਈ ਬਿੰਦਰ ਸਿੰਘ ਦੇ ਜਥਿਆਂ ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕੀਤੀ। ਉਨ੍ਹਾਂ ਅਕਾਲ ਪੁਰਖ ਅੱਗੇ ਜੋਦੜੀ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਹਾਕਮਾਂ ਅਤੇ ਸਰਕਾਰਾਂ ਨੂੰ ਸੁਮੱਤ ਬਖ਼ਸ਼ੀ ਜਾਵੇ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਨਾਮ-ਬਾਣੀ ਨਾਲ ਜੋੜਿਆ ਜਾਵੇ। ਉਨ੍ਹਾਂ ਇਹ ਵੀ ਅਰਦਾਸ ਕੀਤੀ ਕਿ ਨਸ਼ਾ ਵੇਚਣ ਵਾਲਿਆਂ ਦੀ ਮਦਦ ਕਰਨ ਵਾਲੇ ਹਾਕਮਾਂ ਦੀ ਪਛਾਣ ਕਰਨ ਅਤੇ ਨਸ਼ਿਆਂ ਵਿਰੁੱਧ ਇਕਮੁੱਠ ਹੋ ਕੇ ਸੰਘਰਸ਼ ਕਰਨ ਲਈ ਕੌਮ ਨੂੰ ਵਿਵੇਕ ਬੁੱਧੀ ਬਖ਼ਸ਼ੀ ਜਾਵੇ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਪਾਵਨ ਹੁਕਮਨਾਮਾ ਲਿਆ।
ਅੰਤਿਮ ਅਰਦਾਸ ਉਪਰੰਤ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਜਥੇਦਾਰ ਭੀਮ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਭਾਈ ਝੋਟਾ ਦੇ ਕਤਲ ਵਾਲੇ ਦਿਨ ਤੋਂ ਲੈ ਕੇ ਅੰਤਿਮ ਅਰਦਾਸ ਤੱਕ ਪਰਿਵਾਰ ਨਾਲ ਖੜ੍ਹਨ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਇਨਸਾਫ਼ ਦੀ ਲੜਾਈ ਵਿੱਚ ਮਾਨਸਾ ਮੋਰਚੇ ਦੌਰਾਨ ਸਹਿਯੋਗ ਦੇਣ ਵਾਲੀਆਂ ਵੱਖ-ਵੱਖ ਜਥੇਬੰਦੀਆਂ, ਐਂਟੀ ਡਰੱਗ ਫੋਰਸ ਅਤੇ ਸੰਘਰਸ਼ ਕਮੇਟੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਭਾਈ ਪਰਵਿੰਦਰ ਸਿੰਘ ਨੂੰ ਕੌਮੀ ਸ਼ਹੀਦ ਐਲਾਨਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਅੰਤਿਮ ਅਰਦਾਸ ਸਮਾਗਮ ਤੇ ਮੋਰਚੇ ਵਿੱਚ ਸਹਿਯੋਗ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦਾ ਵੀ ਧੰਨਵਾਦ ਕੀਤਾ।
ਸਮਾਗਮ ਦੀ ਸਮਾਪਤੀ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਵੱਲੋਂ ਭਾਈ ਝੋਟਾ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਉਨ੍ਹਾਂ ਦੇ ਪਿਤਾ ਭਾਈ ਗੁਰਚਰਨ ਸਿੰਘ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਬਾਬਾ ਜੱਸਾ ਸਿੰਘ ਅਤੇ ਭਾਈ ਮੇਜਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਵੱਲੋਂ ਭਾਈ ਸੁਖਦੇਵ ਸਿੰਘ ਆਨੰਦਪੁਰ ਸਾਹਿਬ, ਸ਼੍ਰੋਮਣੀ ਕਮੇਟੀ ਵੱਲੋਂ ਗੁਰਪ੍ਰੀਤ ਸਿੰਘ ਝੱਬਰ ਅਤੇ ਮੋਹਣ ਸਿੰਘ ਬੰਗੀ ਨੇ ਪਰਿਵਾਰ ਨੂੰ ਦਸਤਾਰਾਂ ਭੇਟ ਕੀਤੀਆਂ।
ਇਸੇ ਤਰ੍ਹਾਂ ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਜਗਜੀਤ ਸਿੰਘ ਕਾਕਾ, ਦਸਮੇਸ਼ ਤਰਨਾ ਦਲ ਦੇ ਬਾਬਾ ਰਾਜਾ ਰਾਜ ਸਿੰਘ, ਗੁਰਦੁਆਰਾ ਬੁੰਗਾ ਮਸਤੂਆਣਾ ਦੇ ਮੁਖੀ ਬਾਬਾ ਕਾਕਾ ਸਿੰਘ ਅਤੇ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਵੱਲੋਂ ਜਥੇਦਾਰ ਬੱਲਮ ਸਿੰਘ ਸਮੇਤ ਹੋਰ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਪਰਿਵਾਰ ਨੂੰ ਦਸਤਾਰਾਂ ਭੇਟ ਕਰਕੇ ਸਤਿਕਾਰ ਪ੍ਰਗਟਾਇਆ।
ਅੰਤਿਮ ਅਰਦਾਸ ਸਮਾਗਮ ਵਿੱਚ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਬਲਵਿੰਦਰ ਸਿੰਘ ਭੂੰਦੜ, ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਪਹੁੰਚੇ। ਆਮ ਆਦਮੀ ਪਾਰਟੀ ਵੱਲੋਂ ਵਿਧਾਇਕਾ ਬੀਬਾ ਬਲਜਿੰਦਰ ਕੌਰ, ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਭਾਜਪਾ ਵੱਲੋਂ ਸਾਬਕਾ ਵਿਧਾਇਕ ਜਗਦੀਪ ਸਿੰਘ ਨਕੱਈ ਨੇ ਹਾਜ਼ਰੀ ਲਵਾਈ।
ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਬੂਟਾ ਸਿੰਘ, ਮਿੱਠੂ ਸਿੰਘ ਕਾਹਨੇਕੇ ਅਤੇ ਸੁਰਜੀਤ ਸਿੰਘ ਰਾਏਪੁਰ, ਤਖ਼ਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ, ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ, ਬਾਬਾ ਅਜੀਤ ਸਿੰਘ ਕੀਰਤਨਪੁਰਾ, ਬਾਬਾ ਪ੍ਰੀਤਮ ਸਿੰਘ ਮੱਲੜੀ, ਲੱਖਾ ਸਿੰਘ ਸਿਧਾਣਾ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸੀਪੀਆਈ ਦੇ ਸਾਬਕਾ ਵਿਧਾਇਕ ਕਾ. ਹਰਦੇਵ ਅਰਸ਼ੀ, ਕਾਂਗਰਸ ਦੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਸੁਖਵਿੰਦਰ ਸਿੰਘ ਔਲਖ, ਜੀਤਮਹਿੰਦਰ ਸਿੰਘ ਸਿੱਧੂ ਵੱਲੋਂ ਗੁਰਬਾਜ਼ ਸਿੰਘ ਸਿੱਧੂ, ਸੀਨੀਅਰ ਕਾਂਗਰਸੀ ਆਗੂ ਸੁਖਦੇਵ ਸਿੰਘ ਚਹਿਲ, ਗੁਰਪ੍ਰੀਤ ਸਿੰਘ ਵਿੱਕੀ, ਭਾਜਪਾ ਹਲਕਾ ਇੰਚਾਰਜ ਨਵਜੋਤ ਸਿੰਘ ਗੁਣੀ, ਦਲ ਖ਼ਾਲਸਾ ਦੇ ਬਾਬਾ ਹਰਦੀਪ ਸਿੰਘ ਮਹਿਰਾਜ, ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਡਾ. ਪ੍ਰਗਟ ਸਿੰਘ ਵਿਰਕ, ਮਿਸਲ ਸਤਲੁਜ ਦੇ ਰਣਪਿੰਦਰਜੀਤ ਸਿੰਘ ਗੋਲਡੀ, ਮਾਨਿਕ ਗੋਇਲ, ਭਾਨਾ ਸਿੱਧੂ ਅਤੇ ਨਵਜੋਤ ਕੌਰ ਲੰਬੀ ਸਮੇਤ ਕਈ ਸ਼ਖ਼ਸੀਅਤਾਂ ਹਾਜ਼ਰ ਸਨ।
ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿੱਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (ਟਿਕੈਤ) ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾਂ, ਭਾਕਿਯੂ ਸਿੱਧੂਪੁਰ ਦੇ ਬਲਦੇਵ ਸਿੰਘ ਸੰਦੋਹਾ, ਭਾਕਿਯੂ ਕ੍ਰਾਂਤੀਕਾਰੀ ਦੇ ਸੁਰਜੀਤ ਸਿੰਘ ਫੂਲ ਅਤੇ ਭਾਕਿਯੂ ਉਗਰਾਹਾਂ ਦੇ ਜਗਦੇਵ ਸਿੰਘ ਜੋਗੇਵਾਲਾ ਤੇ ਮਨਜੀਤ ਸਿੰਘ ਧਨੇਰ ਵੀ ਸ਼ਾਮਲ ਹੋਏ। ਇਸ ਤੋਂ ਇਲਾਵਾ ਮਜ਼ਦੂਰ ਮੁਕਤੀ ਮੋਰਚਾ ਦੇ ਭਗਵੰਤ ਸਿੰਘ ਸਮਾਓ, ਸ਼ਹੀਦ ਭਗਤ ਸਿੰਘ ਮਿਸ਼ਨ ਦੇ ਭਗਵੰਤ ਘੱਗਾ, ਸਾਬਕਾ ਫ਼ੌਜੀਆਂ ਅਤੇ ਧਰਮੀ ਫ਼ੌਜੀਆਂ ਦੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ।
ਸਮਾਗਮ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ, ਜਿਨ੍ਹਾਂ ਵਿੱਚ ਬੀਬੀਆਂ ਅਤੇ ਨੌਜਵਾਨਾਂ ਦੀ ਵੱਡੀ ਗਿਣਤੀ ਸ਼ਾਮਲ ਸੀ। ਭਾਈ ਪਰਵਿੰਦਰ ਸਿੰਘ ਝੋਟਾ ਦੀ ਯਾਦ ਵਿੱਚ ਹੋਈ ਇਹ ਅੰਤਿਮ ਅਰਦਾਸ ਸਿਰਫ਼ ਸ਼ਰਧਾਂਜਲੀ ਦਾ ਸਮਾਗਮ ਹੀ ਨਹੀਂ, ਸਗੋਂ ਨਸ਼ਿਆਂ ਵਿਰੁੱਧ ਸੰਘਰਸ਼ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੇ ਸੁਨੇਹੇ ਨੂੰ ਮੁੜ ਦ੍ਰਿੜ੍ਹਤਾ ਨਾਲ ਅੱਗੇ ਰੱਖਣ ਦਾ ਮੌਕਾ ਵੀ ਬਣੀ।