ਕਣਕ ਦੇ ਭਾਅ ’ਚ ਮਾਮੂਲੀ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ: ਉਗਰਾਹਾਂ ਕਣਕ ਦੇ ਭਾਅ ਵਿਚ ਮਾਮੂਲੀ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ: ਉਗਰਾਹਾਂ
Publish Date: Sun, 04 Oct 2026 04:20 PM (IST)
Updated Date: Sun, 04 Oct 2026 04:22 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਕੇਂਦਰ ਸਰਕਾਰ ਵੱਲੋਂ ਹਾੜੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤੇ ਵਾਧੇ ਦੌਰਾਨ ਕਣਕ ਦੇ ਭਾਅ ਵਿਚ ਸਿਰਫ਼ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਤੇ ਸੂਬਾ ਸਕੱਤਰ ਸਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਇਹ ਵਾਧਾ ਮੌਜੂਦਾ ਮਹਿੰਗਾਈ ਦੇ ਮੁਕਾਬਲੇ ਨਾ-ਮਾਤਰ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀਬਾੜੀ ਵਿਚ ਵਰਤੀਆਂ ਜਾਣ ਵਾਲੀਆਂ ਖਾਦਾਂ, ਬੀਜਾਂ, ਕੀਟਨਾਸ਼ਕਾਂ, ਡੀਜ਼ਲ ਤੇ ਹੋਰ ਵਸਤਾਂ ਦੇ ਭਾਅ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਨਾਲ ਹੀ ਘਰੇਲੂ ਜ਼ਰੂਰਤਾਂ ਦੀਆਂ ਵਸਤਾਂ ਮਹਿੰਗੀਆਂ ਹੋਣ ਕਾਰਨ ਕਿਸਾਨ, ਮਜ਼ਦੂਰ ਅਤੇ ਹੋਰ ਗਰੀਬ ਵਰਗ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਧ ਰਹੇ ਖਰਚਿਆਂ ਦੇ ਬਾਵਜੂਦ ਕਣਕ ਦੇ ਭਾਅ ਵਿੱਚ ਮਾਮੂਲੀ ਵਾਧਾ ਕਿਸਾਨਾਂ ਨੂੰ ਕਰਜ਼ੇ ਦੀ ਹੋਰ ਡੂੰਘੀ ਦਲਦਲ ਵਿੱਚ ਧੱਕੇਗਾ। ਕਿਸਾਨ ਆਗੂਆਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਪੰਜਾਬ ਦੌਰੇ ਦੌਰਾਨ ਪੰਜਾਬ ਅਤੇ ਕਿਸਾਨਾਂ ਲਈ ਕੋਈ ਆਰਥਿਕ ਪੈਕੇਜ ਨਾ ਐਲਾਨੇ ਜਾਣ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਕਣਕ ਦਾ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸੀ2 50 ਫੀਸਦੀ ਮੁਨਾਫ਼ੇ ਦੇ ਆਧਾਰ ’ਤੇ ਤੈਅ ਕਰਕੇ ਸਰਕਾਰੀ ਖਰੀਦ ਦੀ ਗਾਰੰਟੀ ਦਿੱਤੀ ਜਾਵੇ। ਨਾਲ ਹੀ ਗਰੀਬ ਲੋਕਾਂ ਨੂੰ ਸਸਤਾ ਜਾਂ ਮੁਫ਼ਤ ਅਨਾਜ ਮੁਹੱਈਆ ਕਰਵਾਉਣ ਲਈ ਜਨਤਕ ਵੰਡ ਪ੍ਰਣਾਲੀ ਮਜ਼ਬੂਤ ਕੀਤੀ ਜਾਵੇ ਅਤੇ ਕਣਕ ਦੇ ਵਿਸ਼ੇਸ਼ ਭੰਡਾਰ ਬਣਾਏ ਜਾਣ।