ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ
Publish Date: Sun, 15 Nov 2026 04:17 PM (IST)
Updated Date: Sun, 15 Nov 2026 04:18 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਸਿੱਖ ਕੌਮ ਦੇ ਮਹਾਨ ਯੋਧੇ ਅਤੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਮਾਤਾ ਸੁੰਦਰ ਕੌਰ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਅਸਥਾਨ ਵਿਖੇ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਗੁਰਜੰਟ ਸਿੰਘ ਵੱਲੋਂ ਅਰਦਾਸ ਕੀਤੀ ਗਈ ਅਤੇ ਗਿਆਨੀ ਆਲਮ ਸਿੰਘ ਨੇ ਪਵਿੱਤਰ ਹੁਕਮਨਾਮਾ ਸਰਵਣ ਕਰਵਾਇਆ। ਇਸ ਦੌਰਾਨ ਹਜ਼ੂਰੀ ਰਾਗੀ ਜਥਾ ਭਾਈ ਬਿੰਦਰ ਸਿੰਘ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਸੰਗਤਾਂ ਨੂੰ ਸੰਬੋਧਨ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਬਾਬਾ ਦੀਪ ਸਿੰਘ ਜੀ ਦੇ ਲਾਸਾਨੀ ਜੀਵਨ, ਅਦੁੱਤੀ ਸ਼ਹਾਦਤ ਅਤੇ ਸਿੱਖ ਕੌਮ ਲਈ ਪਾਏ ਮਹਾਨ ਯੋਗਦਾਨ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਬਾਬਾ ਦੀਪ ਸਿੰਘ ਜੀ ਕੇਵਲ ਮਹਾਨ ਯੋਧੇ ਹੀ ਨਹੀਂ ਸਨ, ਸਗੋਂ ਉੱਚ ਕੋਟੀ ਦੇ ਵਿਦਵਾਨ, ਮਹਾਨ ਲਿਖਾਰੀ ਅਤੇ ਬ੍ਰਹਮ ਗਿਆਨੀ ਵੀ ਸਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਾਵਨ ਹਜ਼ੂਰੀ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਰਹਿੰਦਿਆਂ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੇ ਉਤਾਰੇ ਕਰਨ ਦੀ ਮਹਾਨ ਸੇਵਾ ਨਿਭਾਈ ਅਤੇ ਗੁਰਮਤਿ ਵਿੱਦਿਆ ਦੇ ਪ੍ਰਚਾਰ-ਪ੍ਰਸਾਰ ਲਈ ਦਮਦਮੀ ਟਕਸਾਲ ਦੀ ਨੀਂਹ ਰੱਖੀ। ਜਥੇਦਾਰ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਬਾਬਾ ਦੀਪ ਸਿੰਘ ਜੀ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿਚ ਬੇਮਿਸਾਲ ਹੈ। ਉਨ੍ਹਾਂ ਨੇ ਆਪਣੇ ਕੀਤੇ ਅਰਦਾਸੇ ਨੂੰ ਪੂਰਾ ਕਰਨ ਲਈ ਸੀਸ ਤਲੀ ਤੇ ਧਰ ਕੇ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਅਤੇ ਮਾਣ-ਮਰਿਆਦਾ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਉਨ੍ਹਾਂ ਦਾ ਜੀਵਨ ਅਤੇ ਸ਼ਹਾਦਤ ਸਮੁੱਚੀ ਮਨੁੱਖਤਾ ਨੂੰ ਜ਼ੁਲਮ ਵਿਰੁੱਧ ਡਟਣ, ਧਰਮ ਦੀ ਰਾਖੀ ਕਰਨ ਅਤੇ ਸੱਚ ਦੇ ਮਾਰਗ ਤੇ ਚੱਲਣ ਦੀ ਪ੍ਰੇਰਨਾ ਦਿੰਦੀ ਰਹੇਗੀ। ਉਨ੍ਹਾਂ ਸੰਗਤਾਂ ਨੂੰ ਬਾਬਾ ਦੀਪ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਸਮੂਹ ਸਿੱਖ ਜਗਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਪਨਾ ਦਿਵਸ ਦੀ ਵਧਾਈ ਵੀ ਦਿੱਤੀ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ, ਭਾਈ ਬਲਦੀਪ ਸਿੰਘ ਜਥਾ ਮਹਿਤਾ ਦੇ ਸਿੰਘਾਂ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।